
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ
- by Jasbeer Singh
- January 7, 2025

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ ਚੰਡੀਗੜ੍ਹ, 7 ਜਨਵਰੀ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ‘ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ’, ‘ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ’, ‘ਕੰਪਿਊਟਰ ਅਧਿਆਪਕ ਯੂਨੀਅਨ’, ‘ਬੇਰੁਜ਼ਗਾਰ ਸਾਂਝਾ ਮੋਰਚਾ’ ਅਤੇ ‘ਭਾਰਤ ਨੇਤਰਹੀਣ ਸੇਵਕ ਸਮਾਜ’ ਨਾਲ ਮੀਟਿੰਗਾਂ ਕਰਕੇ ਇੰਨ੍ਹਾਂ ਯੂਨੀਅਨਾਂ ਦੀਆਂ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਅਤੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕਰਦਿਆਂ ਇੰਨ੍ਹਾਂ ਦੇ ਹੱਲ ਵੱਲ ਕਦਮ ਪੁੱਟਿਆ । ਭਾਰਤ ਨੇਤਰਹੀਣ ਸੇਵਕ ਸਮਾਜ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਜਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਸੂਬੇ ਵਿੱਚ ਨੇਤਰਹੀਣਾਂ ਲਈ ਨਵਾਂ ਸਕੂਲ ਖੋਲ੍ਹਣ ਅਤੇ ਜਮਾਲਪੁਰ, ਲੁਧਿਆਣਾ ਸਥਿਤ ਸਕੂਲ ਦੇ ਸਟਾਫ ਦੀ ਗਿਣਤੀ ਅਤੇ ਹੋਰ ਲੜੀਂਦੀਆਂ ਸਹੂਲਤਾਂ ਮੁਹੱਈਆ ਕਰਨ ਸਬੰਧੀ ਅਧਿਅਨ ਕਰੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜੀ ਜਾਵੇ ਤਾਂ ਜੋ ਵਿੱਤੀ ਸਾਲ 2025-26 ਲਈ ਬਜ਼ਟ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ । ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨਾਲ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਪੀ. ਐਸ. ਪੀ. ਸੀ. ਐਲ ਅਤੇ ਪੀ. ਐਸ. ਟੀ. ਸੀ. ਐਲ. ਵਿੱਚ ਆਊਟਸੋਰਸ ਦੇ ਆਧਾਰ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਦਿੱਕਤਾਂ ਅਤੇ ਮੰਗਾਂ ਨੂੰ ਸਾਂਝਾ ਕੀਤਾ ਗਿਆ। ਵਿੱਤ ਮੰਤਰੀ ਨੇ ਬਿਜਲੀ ਵਿਭਾਗ ਨੂੰ ਯੂਨੀਅਨ ਨਾਲ ਮੀਟਿੰਗ ਕਰਕੇ ਯੋਗ ਮੰਗਾਂ ਦੇ ਹੱਲ ਲਈ ਲੋੜੀਂਦੇ ਕਦਮ ਪੁੱਟਣ ਲਈ ਕਿਹਾ । ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਯੂਨੀਅਨ ਨਾਲ ਮੀਟਿੰਗ ਦੇ ਸਿੱਟੇ ਦੇ ਆਧਾਰ ‘ਤੇ ਕੈਬਨਿਟ ਸਬ-ਕਮੇਟੀ ਦੀ ਅਗਲੀ ਮੀਟਿੰਗ ਵਿੱਚ ਮਾਮਲੇ ਨੂੰ ਵਿਚਾਰਿਆ ਜਾਵੇਗਾ ਤਾਂ ਜੋ ਯੂਨੀਅਨ ਦੀਆਂ ਮੁੱਖ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ । ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਵਿੱਤ ਵਿਭਾਗ ਵੱਲੋਂ ਉਨ੍ਹਾਂ ਦੀ ਮਹਿੰਗਾਈ ਭੱਤੇ ਨਾਲ ਸਬੰਧਤ ਮੰਗ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ । ਵਿੱਤ ਮੰਤਰੀ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਹੋਰ ਜਾਇਜ਼ ਮੰਗਾਂ ਵੀ ਵਿਚਾਰ ਅਧੀਨ ਹਨ । ਬੇਰੁਜ਼ਗਾਰ ਸਾਂਝਾ ਮੋਰਚਾ, ਪੰਜਾਬ ਵੱਲੋਂ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਅਤੇ ਭਰਤੀ ਵਿੱਚ ਉਮਰ ਹੱਦ ਦੀ ਛੋਟ ਦੇਣ ਸਬੰਧੀ ਮੰਗਾਂ ਉਠਾਈਆਂ ਗਈਆਂ। ਵਿੱਤ ਮੰਤਰੀ ਵੱਲੋਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਮੋਰਚੇ ਦੀਆਂ ਮੰਗਾਂ ਦੀ ਵੈਧਤਾ ਸਬੰਧੀ ਕਾਨੂੰਨੀ ਮਾਹਿਰਾਂ ਅਤੇ ਮੋਰਚੇ ਦੇ ਆਗੂਆਂ ਦੀ ਹਾਜਰੀ ਵਿੱਚ ਮੀਟਿੰਗ ਕੀਤੀ ਜਾਵੇ ਤਾਂ ਜੋ ਇੰਨ੍ਹਾਂ ਮੰਗਾਂ ਦਾ ਕਾਨੂੰਨੀ ਤੌਰ ‘ਤੇ ਸਹੀ ਹੱਲ ਮਿਲ ਸਕੇ । ਅੱਜ ਦੀਆਂ ਮੀਟਿੰਗਾਂ ਵਿੱਚ ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਤੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਸਹਾਇਕ ਸਕੱਤਰ ਟੇਕ ਚੰਦ, ਸੂਬਾ ਦਫਤਰੀ ਸਕੱਤਰ ਸ਼ੇਰ ਸਿੰਘ, ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਤੋਂ ਪਰਮਵੀਰ ਸਿੰਘ ਅਤੇ ਪ੍ਰਦੀਪ ਕੁਮਾਰ, ਕੰਪਿਊਟਰ ਅਧਿਆਪਕ ਯੂਨੀਅਨ ਤੋਂ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ, ਮੀਤ ਪ੍ਰਧਾਨ ਅਨਿਲ ਐਰੀ, ਜਨਰਲ ਸਕੱਤਰ ਹਰਪ੍ਰੀਤ ਸਿੰਘ, ਰਬੀ ਮੰਨਣ, ਬੇਰੁਜ਼ਗਾਰ ਸਾਂਝਾ ਮੋਰਚਾ ਤੋਂ ਜਸਵੰਤ ਸਿੰਘ ਘੁਬਾਇਆ, ਰਮਨ ਕੁਮਾਰ ਮਲੋਟ ਅਤੇ ਸੁਖਵਿੰਦਰ ਸਿੰਘ ਢਿਲਵਾਂ, ਨੇਤਰਹੀਣਾਂ ਦੇ ਮੁੱਦੇ ਉਠਾਉਣ ਲਈ ਭਾਰਤ ਨੈਸ਼ਨਲ ਫੈਡਰੇਸ਼ਨ ਆਫ਼ ਬਲਾਈਂਡ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਅਤੇ ਨੇਤਰਹੀਣ ਸਮਾਜ ਸੇਵਕ ਤੋਂ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਆਦਿ ਹਾਜਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.