ਪਟਿਆਲਾ `ਚ ਹੜ੍ਹ ਵਰਗੀ ਸਥਿਤੀ ਨਹੀਂ ਬਣਨ ਦਿੱਤੀ ਜਾਵੇਗੀ : ਡਾ. ਬਲਬੀਰ ਸਿੰਘ
- by Jasbeer Singh
- May 29, 2026
ਪਟਿਆਲਾ `ਚ ਹੜ੍ਹ ਵਰਗੀ ਸਥਿਤੀ ਨਹੀਂ ਬਣਨ ਦਿੱਤੀ ਜਾਵੇਗੀ : ਡਾ. ਬਲਬੀਰ ਸਿੰਘ
ਪਟਿਆਲਾ, 29 ਮਈ 2026 : ਸਿਹਤ ਮੰਤਰੀ ਪੰਜਾਬ (Health Minister Punjab) ਤੇ ਡਿਪਟੀ ਕਮਿਸ਼ਨਰ ਪਟਿਆਲਾ ਵਲੋਂ ਅੱਜ ਬਰਸਾਤੀ ਤਿਆਰੀਆਂ ਦਾ ਜਾਇਜ਼ਾ (Review of monsoon preparations) ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਪੰਜਾਬ ਸਰਕਾਰ ਕਰ ਰਹੀ ਹੈ ਜਮੀਨੀ ਪੱਧਰ ਤੱਕ ਕੰਮ
ਪੰਜਾਬ ਸਰਕਾਰ (Punjab Government) ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ । ਇਸੇ ਕੜੀ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਪਟਿਆਲਾ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰਕੇ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ । ਇਸ ਮੌਕੇ ਉਨ੍ਹਾਂ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੀ ਡੀ ਏ ਦੇ ਮੁੱਖ ਪ੍ਰਸ਼ਾਸ਼ਕ ਮਿਸ ਅਪਰਨਾ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ ।
ਡਾਕਟਰ ਬਲਬੀਰ ਸਿੰਘ ਨੇ ਕਿਹੜੀ ਕਿਹੜੀ ਥਾਂ ਦਾ ਕੀਤਾ ਦੌਰਾ
ਸਿਹਤ ਮੰਤਰੀ ਨੇ ਟਿਵਾਣਾ ਚੌਂਕ, 100 ਫੁੱਟ ਰੋਡ, ਵੱਡੀ ਨਦੀ, ਛੋਟੀ ਨਦੀ, ਦੌਲਤਪੁਰ ਪੁਲ ਅਤੇ ਸ਼ਾਂਤੀ ਨਗਰ ਇਲਾਕੇ ਦਾ ਦੌਰਾ ਕਰਦਿਆਂ ਨਿਕਾਸੀ ਪ੍ਰਣਾਲੀ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੌਕੇ ’ਤੇ ਜਾ ਕੇ ਸੁਣਨ ਅਤੇ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਦੇ ਬੰਨ੍ਹਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਬਰਸਾਤੀ ਮੌਸਮ (Rainy weather) ਦੌਰਾਨ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਤੋਂ ਬਚਿਆ ਜਾ ਸਕੇ ।
ਪਾਣੀ ਦੀ ਸਮੱਸਿਆ ਦੇ ਹੱਲ ਲਈ ਕੀਤਾ ਗਿਆ ਹੈ ਯੋਜਨਾਬੱਧ ਢੰਗ ਨਾਲ ਕੰਮ
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਅਰਬਨ ਅਸਟੇਟ, ਬਾਬਾ ਦੀਪ ਸਿੰਘ ਨਗਰ, ਫਰੈਂਡਜ ਕਲੋਨੀ, ਕੋਹਿਨੂਰ ਐਨਕਲੇਵ ਅਤੇ ਤੇਜਬਾਗ ਕਲੋਨੀ ਵਰਗੇ ਇਲਾਕਿਆਂ ਵਿੱਚ ਪਹਿਲਾਂ ਆਉਣ ਵਾਲੀ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਗਿਆ ਹੈ ਅਤੇ ਹੁਣ ਲੋਕਾਂ ਨੂੰ ਬਰਸਾਤ ਦੌਰਾਨ ਵੱਡੀ ਰਾਹਤ ਮਿਲੇਗੀ । ਇਸ ਮੌਕੇ ਡਿਪਟੀ ਕਮਿਸ਼ਨਰ (Deputy Commissioner) ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਨਿਗਮ, ਡਰੇਨੇਜ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਪੂਰੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਸੰਵੇਦਨਸ਼ੀਲ ਇਲਾਕੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ ।
ਲੋਕਾਂ ਦੀ ਸੁਰੱਖਿਆ ਤੇ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਜਿਲਾ ਪ੍ਰਸ਼ਾਸਨ ਦੀ ਪਹਿਲ
ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਸ਼ਹਿਰ ਦੀਆਂ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨਾ ਜਿਲ੍ਹਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਪਹਿਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਅਤੇ ਅੰਦਰੂਨੀ ਸੜਕਾਂ ਦੀ ਮੁਰੰਮਤ, ਸੀਵਰੇਜ ਪ੍ਰਣਾਲੀ ਦੇ ਸੁਧਾਰ, ਵੱਡੀ ਅਤੇ ਛੋਟੀ ਨਦੀਆਂ ਦੀ ਸਫਾਈ ਅਤੇ ਸ਼ਹਿਰ ਦੀ ਸੁੰਦਰਤਾ ਨਾਲ ਜੁੜੇ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਪੂਰੇ ਕਰਨ ਲਈ ਟੀਮਾਂ ਲਗਾਤਾਰ ਮੈਦਾਨ ਵਿੱਚ ਡਟੀਆਂ ਹੋਈਆਂ ਹਨ । ਇਸ ਮੌਕੇ ਇੰਪਰੂਵਮੇਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਸੁਰੇਸ਼ ਰਾਏ, ਮੋਹਿਤ ਕੁਮਾਰ, ਤੋਂ ਇਲਾਵਾ ਡਰੇਂਨ , ਨਗਰ ਨਿਗਮ, ਫੋਰੈਸਟ,ਸੀਵਰੇਜ ਵਿਭਾਗਾਂ ਤੋ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।
