post

Jasbeer Singh

(Chief Editor)

Patiala News

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਦੇ ਹੋਏ ਨਸ਼ਿਆਂ ਦੇ ਮੁਕੰਮਲ ਖਾਤਮੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ

post-img

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਦੇ ਹੋਏ ਨਸ਼ਿਆਂ ਦੇ ਮੁਕੰਮਲ ਖਾਤਮੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਸਪੈਸ਼ਲ ਸੈੱਲ ਦਾ ਗਠਨ: ਜਤਿੰਦਰ ਜੋਰਵਾਲ ਨਸ਼ਾ ਰੋਕੂ ਨਿਗਰਾਨ ਕਮੇਟੀਆਂ ਤੇ ਨਾਰਕੋ ਕੋਆਰਡੀਨੇਸ਼ਨ ਸੈਂਟਰ ਤਹਿਤ ਜਾਰੀ ਹਦਾਇਤਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਡੀ.ਸੀ. ਜਤਿੰਦਰ ਜੋਰਵਾਲ ਵੱਲੋਂ ਆਸ਼ਾ ਵਰਕਰਾਂ ਤੇ ਆਂਗਣਵਾੜੀ ਵਰਕਰਾਂ ਨੂੰ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਸੰਗਰੂਰ, 12 ਅਗਸਤ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਸਮੇਂ ਸਮੇਂ ’ਤੇ ਚੁੱਕੇ ਜਾ ਰਹੇ ਸਾਰਥਕ ਕਦਮਾਂ ਦੀ ਲੜੀ ਨੂੰ ਹੋਰ ਮਜਬੂਤ ਕਰਨ ਲਈ ਹੁਣ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਜ਼ਿਲ੍ਹਾ ਪੱਧਰੀ ਸਪੈਸ਼ਲ ਸੈੱਲ ਦਾ ਵੀ ਗਠਨ ਕਰ ਦਿੱਤਾ ਗਿਆ ਹੈ ਜਿਸ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਵਿਆਪਕ ਪੱਧਰ ’ਤੇ ਮੁਹਿੰਮ ਚਲਾਉਣ ਦੇ ਨਾਲ ਨਾਲ ਨਸ਼ਾ ਕਰਨ ਵਾਲੇ ਰੋਗੀਆਂ ਦੀ ਪਛਾਣ ਕਰਕੇ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਢੁਕਵਾਂ ਇਲਾਜ ਕਰਵਾਉਣ, ਉਨ੍ਹਾਂ ਦੇ ਸਿਹਤਯਾਬ ਹੋਣ ਮਗਰੋਂ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਵੀ ਸਰਗਰਮ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਵਜੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਲੋਕ ਜਾਗਰੂਕਤਾ ਪੈਦਾ ਕਰਨ ਲਈ ਇਹ ਸਪੈਸ਼ਲ ਸੈੱਲ ਗਠਿਤ ਕੀਤਾ ਗਿਆ ਹੈ ਜਿਸ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਗਰਾਊਂਡ ਫਲੋਰ ਦੇ ਕਮਰਾ ਨੰਬਰ 11 ਵਿਖੇ ਇਹ ਸੈਲ ਕਾਰਜਸ਼ੀਲ ਰਹੇਗਾ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਹਰ ਯੋਗ ਉਪਰਾਲੇ ਨੂੰ ਯਕੀਨੀ ਬਣਾਇਆ ਜਾਵੇਗਾ । ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਜ਼ਿਲਾ ਸੰਗਰੂਰ ਵਿੱਚ ਪਹਿਲਾਂ ਤੋਂ ਹੀ ਕਾਰਜਸ਼ੀਲ ਨਸ਼ਾ ਰੋਕੂ ਨਿਗਰਾਨ ਕਮੇਟੀਆਂ ਦਾ ਸਹਿਯੋਗ ਲੈਂਦੇ ਹੋਏ ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀਆਂ ਮੀਟਿੰਗਾਂ ਦੌਰਾਨ ਸਮੇਂ ਸਮੇਂ ’ਤੇ ਜਾਰੀ ਹੋਣ ਵਾਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਵਜੋਂ ਹਰ ਸਬ ਡਵੀਜ਼ਨ ਵਿੱਚ ਵੀ ਵਿਸ਼ੇਸ਼ ਸੈਲ ਦਾ ਗਠਨ ਕੀਤਾ ਜਾਵੇ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਵਿੱਚ ਚੇਤਨਤਾ ਪੈਦਾ ਕਰਦੇ ਹੋਏ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਲਾਂ ਵਿੱਚ ਵੱਧ ਤੋਂ ਵੱਧ ਸਮਾਜ ਸੇਵੀ ਸੰਗਠਨਾਂ, ਖੇਡ ਕਲੱਬਾਂ, ਯੂਥ ਕਲੱਬਾਂ, ਐਨ.ਜੀ.ਓਜ਼ ਦੇ ਨੁਮਾਇੰਦੇ ਵੀ ਸ਼ਾਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਸ਼ਾ ਵਰਕਰ ਤੇ ਆਂਗਣਵਾੜੀ ਵਰਕਰ ਇਸ ਮੁਹਿੰਮ ਨੂੰ ਸਫ਼ਲਤਾ ਨਾਲ ਲਾਗੂ ਕਰਨ ਵਿੱਚ ਨਿੱਗਰ ਯੋਗਦਾਨ ਪਾ ਸਕਦੇ ਹਨ ਕਿਉਂਕਿ ਉਨ੍ਹਾਂ ਵਰਕਰਾਂ ਦੀ ਹਰ ਘਰ ਵਿੱਚ ਪਹੁੰਚ ਹੁੰਦੀ ਹੈ ਅਤੇ ਘਰੇਲੂ ਸੁਆਣੀਆਂ ਨੂੰ ਨਸ਼ਿਆਂ ਦੀ ਰੋਕਥਾਮ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਅਹਿਮ ਲੋੜ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਪਿੰਡ ਤੇ ਸ਼ਹਿਰ ਦੇ ਹਰ ਘਰ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ਮੁਹਿੰਮ ਤਹਿਤ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਹੋਕਾ ਪੁੱਜਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਮਾਪੇ ਵੀ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਚੌਕਸ ਰਹਿ ਸਕਣ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਡਾ. ਆਦਿੱਤਯ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਐਸ.ਪੀ ਰਾਕੇਸ਼ ਕੁਮਾਰ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਸੁਨਾਮ ਪਰਮੋਦ ਸਿੰਗਲਾ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਡੀ.ਐਸ.ਪੀ ਕਰਨੈਲ ਸਿੰਘ ਸਮੇਤ ਸਿਹਤ ਵਿਭਾਗ, ਸਿੱਖਿਆ ਵਿਭਾਗ, ਖੇਡ ਵਿਭਾਗ, ਯੁਵਕ ਸੇਵਾਵਾਂ, ਸਮਾਜਿਕ ਸੁਰੱਖਿਆ, ਡੀ.ਡੀ.ਪੀ.ਓ, ਕਾਰਜਸਾਧਕ ਅਫ਼ਸਰ, ਕਾਲਜਾਂ ਦੇ ਪ੍ਰਿੰਸੀਪਲ, ਨਸ਼ਾ ਰੋਕੂ ਕਮੇਟੀ ਸ਼ੇਰਪੁਰ, ਬਾਬਾ ਦੀਪ ਸਿੰਘ ਐਜੂਕੇਸ਼ਨ ਸੁਸਾਇਟੀ, ਰੈਡ ਕਰਾਸ ਇੰਚਾਰਜ ਸਮੇਤ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ ।

Related Post

Instagram