post

Jasbeer Singh

(Chief Editor)

Punjab

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ

post-img

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ ਐੱਚ. ਪੀ. ਵੀ. ਵੈਕਸੀਨ ਨਾਲ ਸਰਵਾਈਕਲ ਕੈਂਸਰ ਦੇ ਖਤਰੇ ਨੂੰ 90 ਫੀਸਦੀ ਤੱਕ ਘਟਾਇਆ ਜਾ ਸਕਦਾ ਹੈ ਮਾਪਿਆਂ ਨੂੰ ਅਪੀਲ - ਧੀਆਂ ਦੇ ਬੱਚੇਦਾਨੀ ਦੇ ਕੈਂਸਰ ਦੀ ਰੋਕਥਾਮ ਲਈ ਟੀਕਾਕਰਨ ਜ਼ਰੂਰ ਕਰਵਾਓ ਮਾਲੇਰਕੋਟਲਾ, 6 ਮਾਰਚ 2026 : ਸਿਹਤ ਵਿਭਾਗ ਵੱਲੋਂ ਔਰਤਾਂ ਵਿੱਚ ਪਾਈ ਜਾਣ ਵਾਲੀ ਘਾਤਕ ਬਿਮਾਰੀ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਤੋਂ ਬਚਾਅ ਲਈ ‘ਹਿਊਮਨ ਪੈਪੀਲੋਮਾ ਵਾਇਰਸ’ (ਐੱਚ.ਪੀ.ਵੀ.) ਵੈਕਸੀਨ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ । ਇਹ ਮੁਹਿੰਮ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਵਲ ਹਸਪਤਾਲ ਤੋਂ ਆਰੰਭ ਕੀਤੀ ਗਈ ਹੈ । ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਐੱਚ.ਪੀ.ਵੀ. ਵੈਕਸੀਨ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਬਹੁਤ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਹੈ । ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ‘ਤੇ ਸਰਵਾਈਕਲ ਕੈਂਸਰ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਭਵਿੱਖ ਵਿੱਚ ਇਸ ਬਿਮਾਰੀ ਦੇ ਮਾਮਲਿਆਂ ਨੂੰ ਘਟਾਇਆ ਜਾ ਸਕੇ । ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰੰਜੀਵ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਵਾਈਕਲ ਕੈਂਸਰ ਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ ਹੈ । ਉਨ੍ਹਾਂ ਕਿਹਾ ਕਿ ਜੇਕਰ ਸਹੀ ਉਮਰ ਵਿੱਚ ਇਹ ਟੀਕਾਕਰਨ ਕਰਨ ਲਿਆ ਜਾਵੇ ਤਾਂ ਇਸ ਕੈਂਸਰ ਦੇ ਖਤਰੇ ਨੂੰ ਲਗਭਗ 90 ਫੀਸਦੀ ਤੱਕ ਘਟਾਇਆ ਜਾ ਸਕਦਾ ਹੈ । ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਿਸਮ ਦੀ ਅਫਵਾਹ ਜਾਂ ਗਲਤਫਹਿਮੀ ਤੋਂ ਬਚਦੇ ਹੋਏ ਆਪਣੀਆਂ ਧੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ। ਇਹ ਵੈਕਸੀਨ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲੱਬਧ ਕਰਵਾਈ ਜਾ ਰਹੀ ਹੈ । ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਫੀਲਡ ਸਟਾਫ ਵੱਲੋਂ ਪਿੰਡ ਪੱਧਰ ‘ਤੇ ਲੋਕਾਂ ਨੂੰ ਐੱਚ.ਪੀ.ਵੀ. ਵੈਕਸੀਨੇਸ਼ਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਔਰਤਾਂ ਵਿੱਚ ਹੋਣ ਵਾਲੇ ਕੈਂਸਰਾਂ ਵਿੱਚ ਦੂਜੇ ਨੰਬਰ ‘ਤੇ ਹੈ । ਉਨ੍ਹਾਂ ਕਿਹਾ ਕਿ ਇਸ ਘਾਤਕ ਬਿਮਾਰੀ ਤੋਂ ਬਚਾਅ ਲਈ ਇਹ ਵੈਕਸੀਨ ਬਹੁਤ ਜ਼ਰੂਰੀ ਹੈ ਅਤੇ 14 ਤੋਂ 15 ਸਾਲ ਦੀ ਉਮਰ ਦੀਆਂ ਬੱਚੀਆਂ ਨੂੰ ਇਹ ਟੀਕਾ ਮੁਫ਼ਤ ਲਗਾਇਆ ਜਾ ਰਿਹਾ ਹੈ । ਸਿਹਤ ਵਿਭਾਗ ਵੱਲੋਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਸਿਹਤ ਵਿਭਾਗ ਨਾਲ ਪੂਰਾ ਸਹਿਯੋਗ ਕਰਨ, ਤਾਂ ਜੋ ਇੱਕ ਸਿਹਤਮੰਦ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਯਕੀਨੀ ਬਣਾਈ ਜਾ ਸਕੇ ।

Related Post

Instagram