
ਪੁਲਿਸ ਲਾਈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਹੋਈ
- by Jasbeer Singh
- August 13, 2024

ਪੁਲਿਸ ਲਾਈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਹੋਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ 15 ਅਗਸਤ ਨੂੰ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਲਹਿਰਾਉਣਗੇ ਕੌਮੀ ਝੰਡਾ ਸੰਗਰੂਰ, 13 ਅਗਸਤ : ਪੁਲਿਸ ਲਾਈਨ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ 78ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਵਜੋਂ ਅੱਜ ਪੁਲਿਸ ਲਾਈਨ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਹੋਈ ਜਿਸ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦੇਸ਼ ਦੀ ਆਨ ਤੇ ਸ਼ਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਤੋਂ ਪਹਿਲਾਂ ਉਨਾਂ ਨੇ ਪੁਲਿਸ ਲਾਈਨ ਵਿਖੇ ਸਥਿਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੀ ਉਨ੍ਹਾਂ ਦੇ ਨਾਲ ਸਨ । ਅੱਜ ਅੰਤਿਮ ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਪਰੇਡ ਵਿੱਚ ਸ਼ਾਮਲ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਬਾਅਦ ਵਿੱਚ ਪਰੇਡ ਕਮਾਂਡਰ ਡੀ.ਐਸ.ਪੀ ਦਿੜਬਾ ਪ੍ਰਿਥਵੀ ਸਿੰਘ ਚਹਿਲ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ। ਇਸ ਉਪਰੰਤ ਵੱਖ-ਵੱਖ ਸਭਿਆਚਾਰਕ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ’ਤੇ ਆਧਾਰਿਤ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਸਮਾਪਤੀ ਮੌਕੇ ਅਕਾਲ ਅਕੈਡਮੀ ਚੀਮਾ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗਾਣ ਦੀ ਪੇਸ਼ਕਾਰੀ ਕੀਤੀ ਗਈ । ਇਸ ਉਪਰੰਤ ਪੁਲਿਸ ਲਾਈਨ ਸਟੇਡੀਅਮ ਵਿਖੇ ਹੀ ਵੱਖ ਵੱਖ ਪ੍ਰਬੰਧਾਂ ਨੂੰ ਨੇਪਰੇ ਚੜਾਉਣ ਲਈ ਕਾਰਜਸ਼ੀਲ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ 15 ਅਗਸਤ ਨੂੰ ਕੈਬਨਿਟ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ । ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖਸ਼ੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ । ਅੱਜ ਅੰਤਿਮ ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਸਿਖਲਾਈ ਅਧੀਨ ਡਾ. ਅਦਿਤਿਆ ਸ਼ਰਮਾ, ਉਪ ਮੰਡਲ ਮੈਜਿਸਟਰੇਟ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਪ੍ਰਸ਼ਾਸਨ ਅਤੇ ਪੁਲਿਸ ਦੇ ਹੋਰ ਅਧਿਕਾਰੀ ਹਾਜ਼ਰ ਸਨ ।