post

Jasbeer Singh

(Chief Editor)

National

ਗੋਧਰਾ ਕੇਸ ਹੋਰ ਮੁਲਤਵੀ ਨਹੀਂ ਕੀਤਾ ਜਾਵੇਗਾ : ਸੁਪਰੀਮ ਕੋਰਟ

post-img

ਗੋਧਰਾ ਕੇਸ ਹੋਰ ਮੁਲਤਵੀ ਨਹੀਂ ਕੀਤਾ ਜਾਵੇਗਾ : ਸੁਪਰੀਮ ਕੋਰਟ ਨਵੀਂ ਦਿੱਲੀ : ਭਾਰਤ ਦੇਸ਼ ਦੀ ਮਾਨਯੋਗ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ 2002 ਵਿੱਚ ਗੋਧਰਾ ਰੇਲਗੱਡੀ ਸਾੜਨ ਦੇ ਮਾਮਲੇ ਵਿੱਚ ਗੁਜਰਾਤ ਸਰਕਾਰ ਤੇ ਹੋਰ ਵੱਖ ਵੱਖ ਦੋਸ਼ੀਆਂ ਵੱਲੋਂ ਦਾਇਰ ਕੀਤੀਆਂ ਗਈਆਂ ਅਪੀਲਾਂ ’ਤੇ ਸੁਣਵਾਈ 15 ਜਨਵਰੀ ਨੂੰ ਕੀਤੀ ਜਾਵੇਗੀ। ਜਸਟਿਸ ਜੇਕੇ ਮਹੇਸ਼ਵਰੀ ਅਤੇ ਜਸਟਿਸ ਰਾਜੇਸ਼ ਬਿੰਦਲ ਦੇ ਬੈਂਚ ਨੇ ਇਸ ਦੌਰਾਨ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਸੁਣਵਾਈ ਦੀ ਅਗਲੀ ਤਰੀਕ ’ਤੇ ਮਾਮਲੇ ਨੂੰ ਮੁਲਤਵੀ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 27 ਫਰਵਰੀ 2002 ਨੂੰ ਗੁਜਰਾਤ ਦੇ ਗੋਧਰਾ ਵਿੱਚ ਸਾਬਰਮਤੀ ਐਕਸਪ੍ਰੈੱਸ ਰੇਲਗੱਡੀ ਦੇ ਡੱਬੇ ਐੱਸ-6 ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਘਟਨਾ ਵਿੱਚ 59 ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਿਸ ਕਾਰਨ ਸੂਬੇ ਵਿੱਚ ਦੰਗੇ ਭੜਕ ਗਏ ਸਨ। ਇਸ ਸਬੰਧੀ ਗੁਜਰਾਤ ਹਾਈ ਕੋਰਟ ਨੇ ਅਕਤੂਬਰ 2017 ਵਿੱਚ ਵੱਖ ਵੱਖ ਦੋਸ਼ੀਆਂ ਨੂੰ ਦੋਸ਼ੀ ਐਲਾਨੇ ਜਾਣ ਸਬੰਧੀ ਫੈਸਲੇ ਨੂੰ ਬਰਕਰਾਰ ਰੱਖਿਆ ਸੀ ਅਤੇ 11 ਦੋਸ਼ੀਆਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ। ਗੁਜਰਾਤ ਸਰਕਾਰ ਨੇ ਪਿਛਲੇ ਸਾਲ ਫਰਵਰੀ ਮਹੀਨੇ ਵਿੱਚ ਸਿਖ਼ਰਲੀ ਅਦਾਲਤ ਵਿੱਚ ਉਨ੍ਹਾਂ 11 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਸੀ, ਜਿਨ੍ਹਾਂ ਦੀ ਮੌਤ ਦੀ ਸਜ਼ਾ ਹਾਈ ਕੋਰਟ ਨੇ ਉਮਰ ਕੈਦ ਵਿੱਚ ਤਬਦੀਲ ਕਰ ਦਿੱਤੀ ਸੀ। ਇਸ ਸਬੰਧੀ ਅਰਜ਼ੀਆਂ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਲਈ ਪੁੱਜੀਆਂ ਸਨ।

Related Post