ਸਰਕਾਰ ਨੇ ਬੇਅਦਬੀ ਵਿਰੁਧ ਬਿੱਲ ਰਾਜਪਾਲ ਕੋਲ ਮਨਜ਼ੂਰੀ ਲਈ ਭੇਜਿਆ ਚੰਡੀਗੜ੍ਹ, 17 ਅਪ੍ਰੈਲ 2026 : ਵਿਸ਼ੇਸ਼ ਸੈਸ਼ਨ ਸੱਦ ਕੇ ਪਾਸ ਕੀਤੇ ਗਏ ਬੇਅਦਬੀ ਵਿਰੁੱਧ ਬਿਲ ਨੂੰ ਅੱਜ ਪੰਜਾਬ ਸਰਕਾਰ ਵਲੋਂ ਪੰਜਾਬ ਰਾਜਪਾਲ ਕੋਲ ਦਸਤਖ਼ਤਾਂ ਤੇ ਮਨਜ਼ੂਰੀ ਲਈ ਭੇਜਿਆ ਗਿਆ ਹੈ। ਕੀ ਜਾਣਕਾਰੀ ਦਿੱਤੀ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਐਕਟ ਹੁਣ ਰਾਜਪਾਲ ਪੰਜਾਬ ਕੋਲ ਮਨਜ਼ੂਰੀ ਅਤੇ ਦਸਤਖ਼ਤਾਂ ਲਈ ਭੇਜ ਦਿੱਤਾ ਗਿਆ ਹੈ । ਕਾਨੂੰਨ ਸੰਗਤਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਬਣਾਇਆ ਗਿਆ ਹੈ : ਮੁੱਖ ਮੰਤਰੀ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਸੰਗਤਾਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਭਾਵਨਾਵਾਂ ਦੇ ਮੱਦੇਨਜ਼ਰ ਬਣਾਇਆ ਗਿਆ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਰਾਜਪਾਲ ਸਾਹਿਬ ਇਸ ਨੂੰ ਜਲਦ ਮਨਜ਼ੂਰੀ ਦੇਣਗੇ ਤਾਂ ਜੋ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਵਾਲੇ ਇਸ ਕਾਨੂੰਨ ਨੂੰ ਤੁਰੰਤ ਲਾਗੂ ਕੀਤਾ ਜਾ ਸਕੇ । ਉਨ੍ਹਾਂ ਇਹ ਵੀ ਦੁਹਰਾਇਆ ਕਿ ਸਰਕਾਰ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਬੇਹੱਦ ਗੰਭੀਰ ਹੈ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ।
