post

Jasbeer Singh

(Chief Editor)

Patiala News

ਜ਼ਿਲ੍ਹੇ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਅਤੇ ਦੂਜੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਸਬੰਧੀ ਦਿਸ

post-img

ਜ਼ਿਲ੍ਹੇ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਅਤੇ ਦੂਜੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਸੰਗਰੂਰ, 1 ਸਤੰਬਰ: ਜ਼ਿਲ੍ਹਾ ਸੰਗਰੂਰ ਵਿੱਚ ਸ਼ੋਰ ਸ਼ਰਾਬਾ ਅਤੇ ਪ੍ਰਦੂਸ਼ਣ ਦੇ ਫਲਸਰੂਪ ਆਮ ਲੋਕਾਂ ਦੀ ਮਾਨਸਿਕਤਾ ਅਤੇ ਬੱਚਿਆਂ ਦੀ ਸਿਹਤ ’ਤੇ ਪੈਂਦੇ ਭੈੜੇ ਅਸਰ ਤੋਂ ਇਲਾਵਾ ਅਣ ਅਧਿਕਾਰਤ ਤੌਰ ’ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ ਕਾਰਨ ਉਤਪੰਨ ਹੋਣ ਵਾਲੀ ਸੰਭਾਵੀ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰਖਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ.), 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਲਾਊਡ ਸਪੀਕਰਾਂ ਦੀ ਵਰਤੋ ਆਰਕੈਸਟਰਾ ਅਤੇ ਦੂਜੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ ਸਬੰਧੀ ਪਾਬੰਦੀ ਹੁਕਮ ਲਾਗੂ ਕੀਤੇ ਹਨ। ਇਹਨਾਂ ਹੁਕਮਾਂ ’ਚ ਕਿਹਾ ਗਿਆ ਹੈ ਕਿ ਮੈਰਿਜ ਪੈਲਿਸਾਂ ਅਤੇ ਹੋਰ ਥਾਵਾਂ ’ਤੇ ਜਿਥੇ ਸ਼ਾਦੀ ਆਦਿ ਹੁੰਦੀ ਹੈ, ਦੇਰ ਰਾਤ ਤੱਕ ਆਰਕੈਸਟਰਾ ਅਤੇ ਹੋਰ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ । ਇਸ ਤੋਂ ਇਲਾਵਾ ਲਾਊਡ ਸਪੀਕਰਾਂ ਦੀ ਵਰਤੋਂ ਆਮ ਜਨਤਾ ਵੱਲੋਂ ਵੀ ਧਾਰਮਿਕ ਅਤੇ ਦੂਜੇ ਹੋਰ ਸਥਾਨਾਂ ’ਤੇ ਖੁੱਲ੍ਹੇ ਤੌਰ ’ਤੇ ਕੀਤੀ ਜਾਂਦੀ ਹੈ ਜਿਸ ਕਾਰਨ ਬਿਰਧ ਬਿਮਾਰ ਵਿਅਕਤੀਆਂ ਅਤੇ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼ 2000 ਵਿੱਚ ਦਰਜ ਉਪਬੰਧਾਂ ਦੇ ਅਨੁਸਾਰ ਸਮਰੱਥ ਅਧਿਕਾਰੀ ਦੀ ਲਿਖਤੀ ਮੰਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਪ੍ਰੈਸ਼ਰ ਹਾਰਨ ਆਦਿ ਦੀ ਵਰਤੋਂ ਨਹੀਂ ਕਰੇਗਾ, ਜਿਸ ਦੀ ਆਵਾਜ਼ ਉਸਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ ਪਰ ਇਹ ਹੁਕਮ ਉਨ੍ਹਾਂ ਲਾਊਡ ਸਪੀਕਰਾਂ ’ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਦੀ ਵਰਤੋਂ ਸਰਕਾਰੀ ਮੰਤਵ ਲਈ ਕੀਤੀ ਜਾਂਦੀ ਹੈ। ਹੁਕਮਾਂ ਅਨੁਸਾਰ ਆਰਕੈਸਟਰਾ, ਬੈਂਡ, ਡੀ.ਜੇ ਸਿਸਟਮ ਅਤੇ ਲਾਊਡ ਸਪੀਕਰਾਂ ਦੀ ਵਰਤੋਂ ਮੈਰਿਜ ਪੈਲਸ ਅਤੇ ਧਾਰਮਿਕ ਥਾਵਾਂ ’ਤੇ ਵਜਾਉਣ ਦੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰੀ ਪਾਬੰਦੀ ਰਹੇਗੀ। ਬਰਾਤ, ਜਿਸ ਵਿੱਚ ਐਂਪਲੀਫਾਇਰ ਦੀ ਵਰਤੋਂ ਕੀਤੀ ਜਾਵੇਗੀ, ਉਸ ’ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰੀ ਪਾਬੰਦੀ ਹੋਵੇਗੀ। ਵਿਆਹ ਵਾਲੇ ਘਰਾਂ ਵਿੱਚ ਲਾਊਡ ਸਪੀਕਰਾਂ ਦੀ ਆਵਾਜ਼ ਵਿਆਹ ਘਰ ਤੋਂ ਬਾਹਰ ਨਹੀਂ ਜਾਣੀ ਚਾਹੀਦੀ। ਮੈਰਿਜ ਪੈਲਸਾਂ ਵਿੱਚ ਲਾਊਡ ਸਪੀਕਰਾਂ ਦੀ ਆਵਾਜ਼ ਮੈਰਿਜ ਪੈਲਸ ਤੋਂ ਬਾਹਰ ਨਹੀਂ ਜਾਣੀ ਚਾਹੀਦੀ। ਹੁਕਮਾਂ ’ਚ ਕਿਹਾ ਗਿਆ ਹੈ ਕਿ ਜੇਕਰ ਇਸ ਦੀ ਉਲੰਘਣਾ ਹੋਵੇਗੀ ਤਾਂ ਸਬੰਧਤ ਆਰਕੈਸਟਰਾ, ਡੀ.ਜੇ ਅਤੇ ਮੈਰਿਜ ਪੈਲੇਸ ਆਦਿ ਦੇ ਮਾਲਕ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਆਰਕੈਸਟਰਾ ਆਦਿ ’ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪਾਬੰਦੀ ਰਹੇਗੀ। ਇਹ ਹੁਕਮ 27 ਅਕਤੂਬਰ 2024 ਤੱਕ ਲਾਗੂ ਰਹਿਣਗੇ।

Related Post