

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ ਸ੍ਰੀ ਕੀਰਤਪੁਰ ਸਾਹਿਬ ਤੋਂ ਨੰਗਲ- ਊਨਾ ਬਾਰਡਰ ਤੱਕ ਸੜਕ ਨੂੰ ਚਹੁੰ-ਮਾਰਗੀ ਕਰਨ ਦੀ ਮੰਗ ਬੰਗਾ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਸੜਕ ਨੂੰ ਕੌਮੀ ਰਾਜ ਮਾਰਗ ਦਾ ਦਰਜਾ ਦੇ ਕੇ ਚਹੁੰ-ਮਾਰਗੀ ਬਣਾਉਣ ਦੀ ਮੰਗ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਨਵਾਂ ਗ੍ਰੀਨਫੀਲਡ ਐਕਸਪ੍ਰੈਸਵੇ “ਗੁਰੂ ਗੋਬਿੰਦ ਸਿੰਘ ਐਕਸਪ੍ਰੈਸਵੇ” ਬਣਾਉਣ ਦੀ ਮੰਗ ਨਿਤਿਨ ਗਡਕਰੀ ਵਲੋਂ ਤਿੰਨੇ ਪ੍ਰੋਜੈਕਟਾਂ ਸਬੰਧੀ ਅਧਿਕਾਰੀਆਂ ਨੂੰ ਕੰਮ ਕਰਨ ਦੇ ਹੁਕਮ ਨਵੀਂ ਦਿੱਲੀ, 4 ਦਸੰਬਰ : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ । ਇਸ ਮੌਕੇ ਉਹਨਾਂ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਵੀ ਹਾਜ਼ਰ ਸਨ । ਇਸ ਮੁਲਾਕਾਤ ਦੌਰਾਨ ਸ. ਬੈਂਸ ਨੇ ਕੇਂਦਰੀ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਅਤੇ ਭੂਗੋਲਿਕ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਇਸ ਇਲਾਕੇ ਦੀਆਂ ਸੜਕਾਂ ਸਬੰਧੀ ਜ਼ਰੂਰਤਾਂ ਬਾਰੇ ਗੱਲਬਾਤ ਕੀਤੀ ਗਈ। ਸ. ਬੈਂਸ ਨੇ ਇਸ ਮੌਕੇ ਸ੍ਰੀ ਗਡਕਰੀ ਨੂੰ ਦੱਸਿਆ ਕਿ ਸਿੱਖ ਧਰਮ ਦੇ ਇਤਿਹਾਸਕ ਸਥਾਨ ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਹਿੰਦੂ ਮੱਤ ਦੇ ਸ਼ਕਤੀ ਪੀਠ ਸ੍ਰੀ ਨੈਨਾ ਦੇਵੀ ਨੂੰ ਜੋੜਨ ਵਾਲੀਆਂ ਸੜਕਾਂ ਨੂੰ ਤੁਰੰਤ ਚਹੁੰ-ਮਾਰਗੀ ਕਰਨ ਦੀ ਜ਼ਰੂਰਤ ਹੈ ਤਾਂ ਜੋ ਇਹਨਾਂ ਸਥਾਨਾਂ ‘ਤੇ ਆਉਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਨੂੰ ਸੁਖਾਲਾ ਬਣਾਇਆ ਜਾ ਸਕੇ । ਉਹਨਾਂ ਕਿਹਾ ਕਿ ਇਸ ਚਹੁੰ-ਮਾਰਗੀ ਸੜਕ ਸਬੰਧੀ ਵਿਸਥਾਰਤ ਪ੍ਰੋਜੈਕਟ ਰਿਪਰੋਟ (ਡੀ. ਪੀ. ਆਰ.) ਪਹਿਲਾਂ ਹੀ ਤਿਆਰ ਕੀਤੇ ਜਾ ਚੁੱਕੇ ਹਨ । ਇਥੇ ਇਹ ਵੀ ਦੱਸਣਯੋਗ ਹੈ ਕਿ ਹਰਜੋਤ ਸਿੰਘ ਬੈਂਸ ਵੱਲੋਂ ਬੀਤੇ ਸਮੇਂ ਵਿੱਚ ਕੇਂਦਰ ਸਰਕਾਰ ਨੂੰ ਪੱਤਰ ਲਿਖੇ ਜਾ ਚੁੱਕੇ ਹਨ । ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਸ੍ਰੀ ਕੀਰਤਪੁਰ ਸਾਹਿਬ ਤੋਂ ਊਨਾ ਜ਼ਿਲ੍ਹੇ ਦਾ ਹਿਮਾਚਲ ਬਾਰਡਰ ਮਹਿਤਪੁਰ ਤੱਕ ਮਾਰਗ ਨੂੰ ਚਹੁੰ ਮਾਰਗੀ ਕਰਨ ਦੀ ਅਤਿਅੰਤ ਲੋੜ ਹੈ । ਉਹਨਾ ਕਿਹਾ ਕਿ ਇਸ ਤੋਂ ਇਲਾਵਾ ਮਾਂਝੇ, ਦੁਆਬੇ ਅਤੇ ਮਾਲਵੇ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਅਤੇ ਨੈਨਾ ਦੇਵੀ ਦੀ ਯਾਤਰਾ ਕਰਨ ਲਈ ਬੰਗਾ-ਸ੍ਰੀ ਅਨੰਦਪੁਰ ਸਾਹਿਬ ਮਾਰਗ ਦੀ ਵਰਤੋਂ ਕਰਦੇ ਹਨ, ਜੋ ਕਿ ਲਿੰਕ ਰੋਡ ਹੈ, ਜਿਸ ‘ਤੇ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ । ਉਹਨਾਂ ਇਸ ਮਾਰਗ ਨੂੰ ਵੀ ਚਹੁੰ-ਮਾਰਗੀ ਬਣਾਉਂਦਿਆਂ ਕੌਮੀ ਮਾਰਗ ਦਾ ਦਰਜਾ ਦੇਣ ਦੀ ਮੰਗ ਕੀਤੀ । ਸ. ਬੈਂਸ ਨੇ ਕੇਂਦਰੀ ਮੰਤਰੀ ਨੂੰ ਬੇਨਤੀ ਕੀਤੀ ਕਿ ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਨਾਲ ਹਿਮਾਚਲ ਨੂੰ ਜੋੜਨ ਲਈ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਇੱਕ ਨਵਾਂ ਗ੍ਰੀਨਫੀਲਡ ਐਕਸਪ੍ਰੈਸਵੇ ਬਣਾਇਆ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਇਹ 50 ਕਿਲੋਮੀਟਰ ਲੰਬਾ ਐਕਸਪ੍ਰੈਸਵੇਅ ਬਣ ਜਾਂਦਾ ਹੈ ਤਾਂ ਇਸ ਨਾਲ ਰੋਪੜ-ਲੁਧਿਆਣਾ ਹਾਈਵੇਅ ਅਤੇ ਕੀਰਤਪੁਰ-ਮਨਾਲੀ ਹਾਈਵੇਅ ਨੂੰ ਜੋੜੇਗਾ । ਸ. ਬੈਂਸ ਨੇ ਇਸ ਮਾਰਗ ਦਾ ਨਾਮ “ਗੁਰੂ ਗੋਬਿੰਦ ਸਿੰਘ ਐਕਸਪ੍ਰੈਸਵੇਅ” ਰੱਖਣ ਦਾ ਸੁਝਾਅ ਵੀ ਦਿੱਤਾ । ਕੇਂਦਰੀ ਸੜਕ ਤੇ ਟਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਤੋਂ ਹਿਮਾਚਲ ਬਾਰਡਰ ਮਹਿਤਪੁਰ ਤੱਕ ਸੜਕ ਨੂੰ ਚਹੁੰ-ਮਾਰਗੀ ਕਰਨ, ਬੰਗਾ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਸੜਕ ਨੂੰ ਕੌਮੀ ਰਾਜ ਮਾਰਗ ਦਾ ਦਰਜਾ ਦੇ ਕੇ ਚਹੁੰ-ਮਾਰਗੀ ਬਣਾਉਣ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਨਵਾਂ ਗ੍ਰੀਨਫੀਲਡ ਐਕਸਪ੍ਰੈਸਵੇ “ਗੁਰੂ ਗੋਬਿੰਦ ਸਿੰਘ ਐਕਸਪ੍ਰੈਸਵੇ” ਬਣਾਉਣ ਸਬੰਧੀ ਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਭਰੋਸਾ ਦਿੱਤਾ ਕਿ ਇਹਨਾਂ ਪ੍ਰੋਜੈਕਟਾਂ ‘ਤੇ ਜਲਦ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਸ੍ਰੀ ਗਡਕਰੀ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕੀਰਤਪੁਰ-ਨੰਗਲ ਸੜਕ ਦਾ ਕੰਮ ਜਲਦ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਜਦਕਿ ਬੰਗਾ-ਸ੍ਰੀ ਆਨੰਦਪੁਰ ਸਾਹਿਬ ਰੋਡ ਸਬੰਧੀ ਫਾਈਲ ਪੇਸ਼ ਕਰਨ ਅਤੇ ਨਵੇਂ ਐਕਸਪ੍ਰੈਸਵੇ ਦੇ ਅਧਿਐਨ ਦੇ ਵੀ ਹੁਕਮ ਦਿੱਤੇ । ਇਥੇ ਦੱਸਣਯੋਗ ਹੈ ਕਿ ਹਰਜੋਤ ਸਿੰਘ ਬੈਂਸ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ। ਬੀਤੇ ਢਾਈ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਈ ਵਿਕਾਸ ਪ੍ਰੋਜੈਕਟ ਪੂਰੇ ਹੋ ਰਹੇ ਹਨ ।
Related Post
Popular News
Hot Categories
Subscribe To Our Newsletter
No spam, notifications only about new products, updates.