post

Jasbeer Singh

(Chief Editor)

Patiala News

ਸਿਹਤ ਮੰਤਰੀ ਨੇ ਨਵੇਂ ਚੁਣੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

post-img

ਸਿਹਤ ਮੰਤਰੀ ਨੇ ਨਵੇਂ ਚੁਣੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ -ਪਾਰਟੀਬਾਜੀ ਤੋਂ ਉਪਰ ਉਠ ਕੇ ਪਿੰਡਾਂ ਦੇ ਵਿਕਾਸ ਲਈ ਕੰਮ ਕਰਨ ਨਵੇਂ ਚੁਣੇ ਮੈਂਬਰ, ਮਾਨ ਸਰਕਾਰ ਕਰੇਗੀ ਸਹਿਯੋਗ-ਡਾ. ਬਲਬੀਰ ਸਿੰਘ -ਕਿਹਾ, ਸਿਹਤ ਕਰਾਂਤੀ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ 2500 ਹੋਰ ਪਿੰਡਾਂ 'ਚ ਭੇਜਾਂਗੇ ਡਾਕਟਰ ਤੇ ਦਵਾਈਆਂ -ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ਆਟੇ ਦੇ ਨਾਲ ਦਾਲਾਂ, ਤੇਲ, ਹਲਦੀ ਤੇ ਚੀਨੀ ਦੇਣ ਦਾ ਕੀਤਾ ਪ੍ਰਬੰਧ -ਸਹੁੰ ਚੁੱਕ ਸਮਾਗਮ ਮੌਕੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਗੁਰਲਾਲ ਘਨੌਰ, ਰਣਜੋਧ ਸਿੰਘ ਹਡਾਣਾ ਤੇ ਏ. ਡੀ. ਸੀ. ਮਾਨ ਰਹੇ ਮੌਜੂਦ ਪਟਿਆਲਾ, 27 ਫਰਵਰੀ 2026 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪਰਿਸ਼ਦ ਦੇ 23 ਅਤੇ 10 ਬਲਾਕ ਸੰਮਤੀਆਂ ਦੇ 184 ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ । ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ ਤੇ ਗੁਰਲਾਲ ਘਨੌਰ ਸਮੇਤ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਏ. ਡੀ. ਸੀ. (ਦਿਹਾਤੀ) (ਵਿਕਾਸ) ਦਮਨਜੀਤ ਸਿੰਘ ਮਾਨ ਵੀ ਮੌਜੂਦ ਸਨ। ਉਨ੍ਹਾਂ ਨਵੇਂ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਵਿੱਚ ਜਾਣ ਤੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜ ਕਰਨ ਸਮੇਤ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਅੱਗੇ ਆਉਣ । ਪੰਜਾਬੀ ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦਰ ਹਾਲ ਵਿਖੇ ਹੋਏ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਨਵੇਂ ਚੁਣੇ ਮੈਂਬਰਾਂ ਨੂੰ ਮੁਬਾਰਬਾਦ ਦਿੰਦਿਆਂ ਕਿਹਾ ਕਿ ਹੁਣ ਸਾਰੇ ਮੈਂਬਰ, ਭਾਵੇਂ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ ਉਨ੍ਹਾਂ ਲਈ ਹੁਣ ਪਾਰਟੀਬਾਜੀ ਤੋਂ ਉਪਰ ਉਠ ਕੇ ਪਿੰਡਾਂ ਦਾ ਵਿਕਾਸ ਤਰਜੀਹ ਹੋਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਸੰਵਿਧਾਨ ਦੀ 73ਵੀਂ ਸੋਧ ਨਾਲ ਮਿਲੀ ਤਾਕਤ ਸਦਕਾ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਕੋਲ 30 ਫੀਸਦੀ ਵਿਕਾਸ ਦੇ ਫੰਡ ਆਉਂਦੇ ਹਨ, ਜਿਸ ਲਈ ਕੋਈ ਵੀ ਮੈਂਬਰ ਆਪਣੇ ਪਿੰਡਾਂ ਦੇ ਵਿਕਾਸ ਲਈ ਤਜਵੀਜ਼ ਲੈ ਕੇ ਆਵੇਗਾ, ਉਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਹਰ ਪੱਖੋਂ ਸਹਿਯੋਗ ਦਿੱਤਾ ਜਾਵੇਗਾ । ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਕਰਾਂਤੀ ਨੂੰ ਅੱਗੇ ਵਧਾਉਂਦਿਆਂ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸੂਬੇ ਦੇ 2500 ਹੋਰ ਪਿੰਡਾਂ ਵਿੱਚ ਡਾਕਟਰ ਤੇ ਦਵਾਈਆਂ ਭੇਜੀਆਂ ਜਾਣ, ਜਿਸ ਲਈ ਇਨ੍ਹਾਂ ਪਿੰਡਾਂ ਦੀ ਚੋਣ ਕਰ ਲਈ ਗਈ ਹੈ, ਜਦਕਿ ਸਰਕਾਰ ਨੇ ਰਾਜ ਦੇ 65 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਪਹਿਲਾਂ ਹੀ ਦੇ ਦਿੱਤੀ ਹੈ । ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋੜਵੰਦ ਲੋਕਾਂ ਦੀ ਸਾਰ ਲੈਂਦਿਆਂ ਉਨ੍ਹਾਂ ਨੂੰ ਕਣਕ ਦੇ ਨਾਲ ਚੀਨੀ, ਹਲਦੀ, ਤੇਲ ਤੇ ਦਾਲਾਂ ਵੀ ਦੇਣ ਦਾ ਫੈਸਲਾ ਕੀਤਾ ਹੈ । ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਚਲਾ ਕੇ ਚੀਨੀ ਵੀ ਪੰਜਾਬ 'ਚ ਪੈਦਾ ਕੀਤੀ ਜਾਵੇਗੀ ਤੇ ਦਾਲਾਂ ਤੇ ਤੇਲ ਬੀਜਾਂ ਦੀ ਪੈਦਾਵਾਰ ਵੀ ਸੂਬੇ ਵਿੱਚ ਹੀ ਵਧਾਈ ਜਾਵੇਗੀ । ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ, ਗੁਰਦੇਵ ਸਿੰਘ ਦੇਵ ਮਾਨ ਤੇ ਰਣਜੋਧ ਸਿੰਘ ਹਡਾਣਾ ਨੇ ਵੀ ਸਾਰੇ ਨਵੇਂ ਚੁਣੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਰੇ ਹਲਕਿਆਂ ਤੇ ਪਿੰਡਾਂ ਸ਼ਹਿਰਾਂ ਦਾ ਬਿਨ੍ਹਾਂ ਵਿਤਕਰੇ ਤੋਂ ਵਿਕਾਸ ਕਰ ਰਹੀ ਹੈ, ਜਿਸ ਲਈ ਸਾਰੇ ਮੈਂਬਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਲੈ ਕੇ ਜਾਣ ਨੂੰ ਤਰਜੀਹ ਦੇਣ । ਏ. ਡੀ. ਸੀ. ਦਮਨਜੀਤ ਸਿੰਘ ਮਾਨ ਨੇ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀਆਂ ਦੇ ਮੈਂਬਰਾਂ ਨੂੰ ਹਰ ਪੱਖੋਂ ਸਹਿਯੋਗ ਕਰੇਗਾ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਚੇਅਰਮੈਨ ਬਲਾਕ ਸੰਮਤੀ ਸਮਾਣਾ ਬਲਕਾਰ ਸਿੰਘ ਗੱਜੂਮਾਜਰਾ, ਜ਼ਿਲ੍ਹਾ ਪਰਿਸ਼ਦ ਦੇ ਡਿਪਟੀ ਸੀ. ਈ. ਓ. ਅਮਨਦੀਪ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮਹਿੰਦਰਜੀਤ ਸਿੰਘ ਸਮੇਤ ਸਾਰੇ ਬੀ.ਡੀ.ਪੀ.ਓਜ ਤੇ ਹੋਰ ਪਤਵੰਤੇ ਮੌਜੂਦ ਸਨ ।

Related Post

Instagram