
ਨਵੇਂ ਕਾਨੂੰਨ ਤਹਿਤ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਖਿ਼ਲਾਫ਼ ਦਾਇਰ ਪਟੀਸ਼ਨਾਂ ’ਤੇ ਸੁਣਵਾਈ 19 ਨੂੰ
- by Jasbeer Singh
- February 13, 2025

ਨਵੇਂ ਕਾਨੂੰਨ ਤਹਿਤ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਖਿ਼ਲਾਫ਼ ਦਾਇਰ ਪਟੀਸ਼ਨਾਂ ’ਤੇ ਸੁਣਵਾਈ 19 ਨੂੰ ਨਵੀਂ ਦਿੱਲੀ : ਭਾਰਤ ਦੇਸ਼ ਦੀ ਮਾਨਯੋਗ ਤੇ ਸਰਵਉਚ ਸੁਪਰੀਮ ਕੋਰਟ ਨੇ 2023 ਦੇ ਕਾਨੂੰਨ ਤਹਿਤ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਖਿ਼ਲਾਫ਼ ਦਾਇਰ ਪਟੀਸ਼ਨਾਂ ’ਤੇ ਸੁਣਵਾਈ 19 ਫਰਵਰੀ ਦੀ ਤਰੀਕ ਤੈਅ ਕਰਦਿਆਂ ਆਖਿਆ ਹੈ ਕਿ ਜੇ ਇਸ ਵਿਚਾਲੇ ਕੁਝ ਵੀ ਹੁੰਦਾ ਹੈ ਤਾਂ ਉਸ ਦੇ ਨਤੀਜੇ ਜ਼ਰੂਰ ਭੂਗਤਣੇ ਪੈਣਗੇ । ਇਕ ਗੈਰ ਸਰਕਾਰੀ ਸੰਸਥਾ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਨ. ਕੋਟਿਸ਼ਵਰ ਸਿੰਘ ਦੇ ਬੈਂਚ ਨੂੰ ਦੱਸਿਆ ਕਿ ਪਹਿਲਾਂ ਇਨ੍ਹਾਂ ਪਟੀਸ਼ਨਾਂ ’ਤੇ ਅੱਜ ਸੁਣਵਾਈ ਹੋਣੀ ਸੀ ਪਰ ਹੁਣ ਇਨ੍ਹਾਂ ਨੂੰ 19 ਫਰਵਰੀ ਲਈ ਸੂਚੀਬੱਧ ਕੀਤਾ ਗਿਆ ਹੈ । ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਨ. ਕੋਟਿਸ਼ਵਰ ਸਿੰਘ ਦੇ ਬੈਂਚ ਨੇ ਕਿਹਾ ਕਿ ਉਹ ਇਸ ਮੁੱਦੇ ’ਤੇ ਗੁਣ-ਦੋਸ਼ ਦੇ ਆਧਾਰ ’ਤੇ ਅੰਤਿਮ ਫੈਸਲਾ ਕਰੇਗਾ। ਭੂਸ਼ਣ ਨੇ ਕਿਹਾ ਕਿ ਮਾਮਲੇ ’ਤੇ ਤੁਰੰਤ ਸੁਣਵਾਈ ਹੋਣੀ ਚਾਹੀਦੀ ਹੈ ਕਿਉਂਕਿ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 18 ਫਰਵਰੀ ਨੂੰ ਸੇਵਾਮੁਕਤ ਹੋਣ ਵਾਲੇ ਹਨ ਅਤੇ ਸਰਕਾਰ 2023 ਦੇ ਕਾਨੂੰਨ ਤਹਿਤ ਨਵੇਂ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਕਰ ਸਕਦੀ ਹੈ। ਬੈਂਚ ਨੇ ਕਿਹਾ ਕਿ ਅਸੀਂ ਮਾਮਲੇ ਦੀ ਸੁਣਵਾਈ ਲਈ 19 ਫਰਵਰੀ ਦੀ ਤਰੀਕ ਤੈਅ ਕਰ ਰਹੇ ਹਾਂ, ਜੇ ਇਸ ਵਿਚਾਲੇ ਕੁਝ ਵੀ ਹੁੰਦਾ ਹੈ ਤਾਂ ਉਸ ਦੇ ਨਤੀਜਿਆਂ ਦਾ ਸਾਹਮਣਾ ਕਰਨਾ ਹੋਵੇਗਾ।ਸੁਪਰੀਮ ਕੋਰਟ ਵਿਚ ਐੱਨ. ਜੀ. ਓ. ‘ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਜ਼’ ਵੱਲੋਂ ਪੇਸ਼ ਹੋਏ ਭੂਸ਼ਣ ਨੇ ਕਿਹਾ ਕਿ ਸਿਖ਼ਰਲੀ ਅਦਾਲਤ ਦੀ ਰਜਿਸਟਰੀ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਸੀ ਕਿ ਜਸਟਿਸ ਕਾਂਤ ਦੀ ਸਿਹਤ ਠੀਕ ਨਾ ਹੋਣ ਕਾਰਨ ਮਾਮਲੇ ਦੀ ਸੁਣਵਾਈ 19 ਫਰਵਰੀ ਨੂੰ ਹੋਵੇਗੀ ।