
ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ
- by Jasbeer Singh
- August 5, 2024

ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ ਰਾਜਪੁਰਾ ਦੇ ਤਹਿਸੀਲ ਕੰਪਲੈਕਸ ਦਾ ਕੀਤਾ ਅਚਨਚੇਤ ਦੌਰਾ ਲੋਕਾਂ ਨੂੰ ਸੁਚਾਰੂ ਤਰੀਕੇ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਕੀਤੀ ਕਾਰਵਾਈ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨਾਲ ਉਨ੍ਹਾਂ ਦੇ ਤਜਰਬਿਆਂ ਬਾਰੇ ਕੀਤੀ ਗੱਲਬਾਤ ਰਾਜਪੁਰਾ (ਪਟਿਆਲਾ), 5 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ । ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਚੱਲ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ। ਉਨ੍ਹਾਂ ਲੋਕਾਂ ਨਾਲ ਵੀ ਵਿਸਤਾਰ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਕਾਰਜ ਕੁਸ਼ਲਤਾ ਲਈ ਲੋਕਾਂ ਦੇ ਪ੍ਰਤੀਕਰਮ ਦੀ ਬਹੁਤ ਮਹੱਤਤਾ ਹੈ ਅਤੇ ਇਸ ਵਿਧੀ ਨੂੰ ਹਰ ਤਰ੍ਹਾਂ ਨਾਲ ਅੱਗੇ ਵਧਾਇਆ ਜਾਵੇਗਾ । ਮੁੱਖ ਮੰਤਰੀ ਨੇ ਕਿਹਾ ਕਿ 'ਸਰਕਾਰ ਤੁਹਾਡੇ ਦੁਆਰ' ਸਕੀਮ ਸੂਬਾ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ, ਜਿਸ ਦਾ ਉਦੇਸ਼ ਘਰ-ਘਰ ਸੇਵਾਵਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੀ ਉਨ੍ਹਾਂ ਨੇ ਕੰਪਲੈਕਸ ਵਿਚਲੇ ਸਰਕਾਰੀ ਦਫ਼ਤਰਾਂ ਦਾ ਨਿਰੀਖਣ ਕੀਤਾ ਅਤੇ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਦਫ਼ਤਰਾਂ ਦੇ ਕੰਮਕਾਜ ਬਾਰੇ ਜਾਣੂੰ ਕਰਵਾਇਆ, ਜਿਸ ਕਾਰਨ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਇਹ ਕਵਾਇਦ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਜ਼ਿਆਦਾਤਰ ਅਧਿਕਾਰੀ ਕੰਮ ਦੇ ਸਮੇਂ ਦੌਰਾਨ ਆਪਣੇ ਦਫ਼ਤਰਾਂ ਵਿੱਚ ਬੈਠਦੇ ਹਨ । ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਅਧਿਕਾਰੀਆਂ ਦਾ ਕਿਸੇ ਕਿਸਮ ਦਾ ਨੁਕਸ ਕੱਢਣਾ ਨਹੀਂ ਹੈ, ਸਗੋਂ ਇਸ ਦਾ ਮਕਸਦ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਹ ਪਹਿਲੀ ਵਾਰ ਦੇਖਿਆ ਹੈ ਕਿ ਸੂਬੇ ਦਾ ਕੋਈ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਦਾ ਦੌਰਾ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਿਰਫ਼ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਸਮੇਂ ਸਿਰ ਯਕੀਨੀ ਬਣਾਉਣਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਤਾਂ ਜੋ ਸਰਕਾਰੀ ਦਫ਼ਤਰਾਂ ਦੇ ਦੌਰੇ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜੋ ਕਿ ਤਕਨਾਲੋਜੀ ਅਧਾਰਤ ਇਸ ਆਧੁਨਿਕ ਯੁੱਗ ਵਿੱਚ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਕਿਸੇ ਵੀ ਸਮੇਂ ਕਿਸੇ ਵੀ ਸਰਕਾਰੀ ਦਫ਼ਤਰ, ਸਕੂਲ ਜਾਂ ਹਸਪਤਾਲ ਦਾ ਦੌਰਾ ਕਰ ਸਕਦੇ ਹਨ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਲੋਕਾਂ ਦੇ ਰੋਜ਼ਾਨਾ ਦੇ ਦਫ਼ਤਰੀ ਦੌਰਿਆਂ ਦੌਰਾਨ ਉਨ੍ਹਾਂ ਦੇ ਕੰਮਕਾਜ ਨੂੰ ਬਿਨਾਂ ਮੁਸ਼ਕਲ ਤੁਰੰਤ ਨਿਪਟਾਉਣਾ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਕਸਦ ਲਈ ਜ਼ਿਲ੍ਹਾ ਪੱਧਰ 'ਤੇ ਸੀ.ਐਮ. ਵਿੰਡੋ/ਹੈਲਪ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ, ਜਿੱਥੇ ਪ੍ਰਸ਼ਾਸਨਿਕ ਅਧਿਕਾਰੀ ਆਮ ਲੋਕਾਂ ਦੇ ਮਸਲਿਆਂ ਦੇ ਨਿਪਟਾਰੇ ਲਈ ਉਨ੍ਹਾਂ ਦੀ ਮਦਦ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪੱਧਰੀ ਮਸਲਿਆਂ ਦਾ ਮੌਕੇ 'ਤੇ ਹੀ ਨਿਬੇੜਾ ਕੀਤਾ ਜਾਵੇਗਾ ਅਤੇ ਬਾਕੀ ਮੁੱਦਿਆਂ ਨੂੰ ਮੁੱਖ ਦਫ਼ਤਰ ਵਿਖੇ ਲੋੜੀਂਦੀ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ਭੇਜ ਦਿੱਤਾ ਜਾਵੇਗਾ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ, ਪ੍ਰਭਾਵਸ਼ਾਲੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜ਼ਾਦੀ ਤੋਂ ਬਾਅਦ ਸੂਬੇ ਵਿੱਚ ਪਹਿਲੀ ਵਾਰ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਗਈ ਹੈ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਐਨ.ਓ.ਸੀ. ਪ੍ਰਣਾਲੀ ਨੂੰ ਖ਼ਤਮ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਦਾ ਇਕੋ-ਇਕ ਉਦੇਸ਼ ਆਮ ਲੋਕਾਂ ਦੀ ਸਹਾਇਤਾ ਕਰਨਾ ਹੈ ਕਿਉਂਕਿ ਗੈਰ-ਕਾਨੂੰਨੀ ਕਲੋਨਾਈਜ਼ਰ ਲੋਕਾਂ ਨੂੰ ਆਕਰਸ਼ਕ ਥਾਵਾਂ ਦਿਖਾ ਕੇ ਗੁਮਰਾਹ ਕਰਦੇ ਹਨ ਅਤੇ ਆਪਣੀਆਂ ਗੈਰ-ਮਨਜ਼ੂਰਸ਼ੁਦਾ ਕਲੋਨੀਆਂ ਵਿੱਚ ਪਲਾਟ ਵੇਚ ਦਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਜਬੂਰੀ ਦੇ ਮਾਰੇ ਇਨ੍ਹਾਂ ਕਲੋਨੀਆਂ ਦੇ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਾਪਤ ਕਰਨ ਲਈ ਵੀ ਥਾਂ-ਥਾਂ ਭਟਕਣਾ ਪੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰੇਗੀ।
Related Post
Popular News
Hot Categories
Subscribe To Our Newsletter
No spam, notifications only about new products, updates.