

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਦੇ ਸੈਕਟਰ-28 ਵਿੱਚ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਯੂਥ ਅਕਾਲੀ ਦਲ ਦੀ ਸੁਮੱਚੀ ਲੀਡਰਸ਼ਿਪ ਨਾਲ ਮੀਟਿੰਗ ਕੀਤੀ। ਯੂਥ ਅਕਾਲੀ ਦਲ ਦੇ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿੱਚ ਪੂਰਨ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਸਿਰਫ਼ ਸੁਖਬੀਰ ਬਾਦਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਪ੍ਰਭਾਵਸ਼ਾਲੀ ਲੀਡਰਸ਼ਿਪ ਦੇ ਸਕਦੇ ਹਨ। ਯੂਥ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਸਿਧਾਂਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਹੋ ਸਕਦਾ ਹੈ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਖਾਲਸਾ ਪੰਥ, ਪੰਜਾਬ ਤੇ ਅਕਾਲੀ ਦਲ ਦੇ ਵਕਾਰ ਨਾਲ ਸਮਝੌਤਾ ਨਾ ਕਰਨ ਦੀ ਸ਼ਲਾਘਾ ਕੀਤੀ। ਮੀਟਿੰਗ ’ਚ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਪਰਮਬੰਸ ਸਿੰਘ ਰੋਮਾਣਾ ਵੀ ਮੌਜੂਦ ਰਹੇ। ਸੁਖਬੀਰ ਸਿੰਘ ਬਾਦਲ ਨੇ ਕਿਹਾ, ‘‘ਮੈਂ ਵੀ ਆਸਾਨੀ ਨਾਲ ਭਾਜਪਾ ਨਾਲ ਸਮਝੌਤਾ ਕਰ ਸਕਦਾ ਸੀ, ਪਰ ਮੈਂ ਇਸ ਕਰ ਕੇ ਨਾਂਹ ਕੀਤੀ ਸੀ ਕਿਉਂਕਿ ਮੈਨੂੰ ਕਿਹਾ ਗਿਆ ਸੀ ਕਿ ਮੈਂ ਬੰਦੀ ਸਿੰਘਾਂ, ਪੰਜਾਬ ਦੇ ਦਰਿਆਈ ਪਾਣੀਆਂ, ਇਸ ਦੀ ਰਾਜਧਾਨੀ ਸਮੇਤ ਪੰਜਾਬ ਦੇ ਮਸਲਿਆਂ ’ਤੇ ਚਰਚਾ ਕੀਤੇ ਬਗੈਰ ਸੀਟਾਂ ਦਾ ਲੈਣ ਦੇਣ ਕਰ ਲਵਾਂ।’’ ਸ੍ਰੀ ਬਾਦਲ ਨੇ ਯੂਥ ਅਕਾਲੀ ਦਲ ਦੇ ਆਗੂਆਂ ਵੱਲੋਂ ਪੇਸ਼ ਕੀਤੇ ਸੁਝਾਅ ਸੁਣੇ ਅਤੇ ਚੋਣਾਂ ਵਿਚ ਨੌਜਵਾਨ ਚਿਹਰਿਆਂ ਨੂੰ ਢੁਕਵੀਂ ਪ੍ਰਤੀਨਿਧਤਾ ਦੇ ਕੇ ਨੌਜਵਾਨਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਵਧਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਯੂਥ ਵਿੰਗ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਕੇ ਇਸ ਨੂੰ ਹੋਰ ਮਜ਼ਬੂਤ ਬਣਾਉਣ ਦੇ ਪ੍ਰੋਗਰਾਮ ’ਤੇ ਕੰਮ ਕਰ ਰਹੀ ਹੈ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮੌਕਾਪ੍ਰਸਤ ਤੱਤਾਂ ਵੱਲੋਂ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਨੂੰ ਫੇਲ੍ਹ ਕਰਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਤੇ ਕੰਟਰੋਲ ਲਈ ਕੇਂਦਰੀ ਏਜੰਸੀਆਂ ਤੋਂ ਚੌਕਸ ਰਹਿਣ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.