
ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਸ਼ੰਭੂ ਬਾਰਡਰ ਖੋਲਣ ਦੇ ਨਾਲ ਕਿਸਾਨਾਂ ਨੂੰ ਦਿੱਤੀ ਜਾਵੇਗੀ ਘੱਟੋ-ਘੱਟ ਸਮਰਥਨ ਮ
- by Jasbeer Singh
- September 24, 2024

ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਸ਼ੰਭੂ ਬਾਰਡਰ ਖੋਲਣ ਦੇ ਨਾਲ ਕਿਸਾਨਾਂ ਨੂੰ ਦਿੱਤੀ ਜਾਵੇਗੀ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ : ਭੁਪੇਂਦਰ ਹੁੱਡਾ ਚੰਡੀਗੜ੍ਹ : ਹਰਿਆਣਾ ਸੂਬੇ ਦੇ ਸਾਬਕਾ ਮੁੱਖ ਮੰਤਰੀ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਸ਼ੰਭੂ ਬਾਰਡਰ ਵੀ ਖੋਲ੍ਹਿਆ ਜਾਵੇਗਾ ਅਤੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਵੀ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਭਾਜਪਾ ਨੂੰ ਲੋਕਤੰਤਰ ਵਿਚ ਕੋਈ ਭਰੋਸਾ ਨਹੀਂ ਹੈ। ਇਸ ਤਾਨਾਸ਼ਾਹੀ ਸਰਕਾਰ ਨੇ ਪਹਿਲਾਂ ਤਿੰਨ ਕਿਸਾਨ ਵਿਰੋਧੀ ਕਾਨੂੰਨ ਲਾਗੂ ਕੀਤੇ ਅਤੇ ਫਿਰ ਉਨ੍ਹਾਂ ਦਾ ਵਿਰੋਧ ਕਰਨ ਵਾਲਿਆਂ ਉਤੇ ਲਾਠੀਚਾਰਜ ਕੀਤੇ ਤੇ ਗੋਲੀਆਂ ਚਲਾਈਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਰਾਹ ਰੋਕਣ ਲਈ ਸੜਕਾਂ ਪੁੱਟੀਆਂ ਗਈਆਂ । ਹੁਣ ਵੀ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਸ਼ੰਭੂ ਬਾਰਡਰ ਉਤੇ ਰੋਕਿਆ ਹੋਇਆ ਹੈ, ਜਿਸ ਕਾਰਨ ਵਪਾਰੀਆਂ ਨੂੰ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਉਹ ਅੰਬਾਲਾ ਸ਼ਹਿਰ ਦੀ ਪੁਲਿਸ ਲਾਈਨ ਗਰਾਊਂਡ ਵਿਚ ਪਾਰਟੀ ਉਮੀਦਵਾਰ ਨਿਰਮਲ ਸਿੰਘ ਦੀ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸਹੂਲਤਾਂ ਦੇਣ ਦਾ ਵੀ ਵਾਅਦਾ ਕੀਤਾ। ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਕਾਂਗਰਸ ਨੇ ਹੁਣ ਤੱਕ ਜੋ ਸੱਤ ਗਾਰੰਟੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਹਰ ਹਾਲ ਵਿਚ ਪੂਰਾ ਕੀਤਾ ਜਾਵੇਗਾ। ਭਾਜਪਾ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੀ ਨਕਲ ਕੀਤੀ ਹੈ ।