'ਯੁੱਧ ਨਸ਼ਿਆਂ ਵਿਰੁੱਧ' ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਨਾਜਾਇਜ਼ ਉਸਾਰੀਆਂ ਢਾਹੀਆਂ ਇਸ ਸਾਲ ਮਾਰਚ ਮਹੀਨੇ ਤੋਂ ਲੈ ਕੇ ਹੁਣ ਤਕ ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਸਬੰਧੀ 307 ਕੇਸ ਦਰਜ ਕਰ ਕੇ 556 ਮੁਲਜ਼ਮ ਗ੍ਰਿਫਤਾਰ *ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਦੀ ਪੰਜਾਬ ਸਰਕਾਰ ਕਰ ਰਹੀ ਹੈ ਪੂਰੀ ਮਦਦ ਸੰਗਰੂਰ, 9 ਜੂਨ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਵਿੱਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਰਾਮ ਨਗਰ ਬਸਤੀ ਉਭਾਵਾਲ ਰੋਡ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੇ ਨਾਜਾਇਜ਼ ਮਕਾਨਾਂ ਨੂੰ ਢਾਹਿਆ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮੁਲਜ਼ਮ ਰਾਣੀ ਕੌਰ ਪਤਨੀ ਬਲਜਿੰਦਰ ਸਿੰਘ ਉਰਫ ਭਿੰਦਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਦਰਜਨ ਤੋਂ ਵੱਧ ਕੇਸ ਐਨ.ਡੀ.ਪੀ.ਐੱਸ. ਐਕਟ ਦੇ ਦਰਜ ਹਨ। ਇਸੇ ਤਰ੍ਹਾਂ ਮਨਦੀਪ ਸਿੰਘ ਉਰਫ ਸੋਨੂੰ ਪੁੱਤਰ ਲਾਲ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖਿਲਾਫ ਵੀ ਦਰਜਨ ਦੇ ਕਰੀਬ ਕੇਸ ਐਨ.ਡੀ.ਪੀ.ਐੱਸ. ਐਕਟ ਦੇ ਦਰਜ ਹਨ ਤੇ ਇਹਨਾਂ ਵੱਲੋਂ ਨਾਜਾਇਜ਼ ਢੰਗ ਨਾਲ ਬਣਾਏ ਮਕਾਨ ਢਾਹੇ ਗਏ ਹਨ । ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਾਲ ਮਾਰਚ ਮਹੀਨੇ ਤੋਂ ਲੈ ਕੇ ਹੁਣ ਤਕ ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਸਬੰਧੀ 307 ਕੇਸ ਦਰਜ ਕਰ ਕੇ 556 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ ਤੇ 03 ਕਿਲੋ 700 ਗ੍ਰਾਮ ਅਫੀਮ, 06 ਕਿਲੋ 490 ਗ੍ਰਾਮ ਹੈਰੋਇਨ, 01 ਕਿਲੋ 413 ਗ੍ਰਾਮ ਸੁਲਫਾ, 02 ਕਿਲੋ 695 ਗ੍ਰਾਮ ਗਾਂਜਾ, 899 ਕਿਲੋ 925 ਗ੍ਰਾਮ ਭੁੱਕੀ, 400 ਗ੍ਰਾਮ ਨਾਰਕੋਟਿਕ ਪਾਊਡਰ, ਕਰੀਬ 32 ਹਜ਼ਾਰ ਨਸ਼ੀਲੀਆਂ ਗੋਲੀਆਂ, 79 ਸ਼ੀਸ਼ੀਆਂ ਅਤੇ ਕਰੀਬ 15 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰ ਰਹੀ ਹੈ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ। ਜ਼ਿਲ੍ਹਾ ਪੁਲੀਸ ਮੁਖੀ ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਐਸ.ਪੀ.(ਜਾਂਚ) ਨਵਰੀਤ ਸਿੰਘ ਵਿਰਕ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।
