
ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨਾ ਹੀ ਪੰਜਾਬ ਸਰਕਾਰ ਦਾ ਮੁੱਖ ਟੀਚਾ : ਕੈਬਨਿਟ ਮੰਤਰੀ ਹਰਪਾਲ ਸਿ
- by Jasbeer Singh
- March 7, 2025

ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨਾ ਹੀ ਪੰਜਾਬ ਸਰਕਾਰ ਦਾ ਮੁੱਖ ਟੀਚਾ : ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਈ. ਡੀ. ਬੀ. ਆਈ. ਬੈਂਕ ਵੱਲੋਂ ਦਿੱਤੀਆਂ 2 ਐਂਬੂਲੈਂਸਾਂ ਕੀਤੀਆਂ ਲੋਕ ਅਰਪਣ ਸੰਗਰੂਰ, 7 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸਭ ਤੋਂ ਮੁੱਢਲਾ ਟੀਚਾ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਆਰੀ ਸੁਧਾਰ ਕਰਨਾ ਹੈ ਅਤੇ ਇਸ ਟੀਚੇ ਨੂੰ ਸਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਸੰਗਰੂਰ ਦੇ ਸਿਵਲ ਹਸਪਤਾਲ ਵਿਖੇ ਆਈ. ਡੀ. ਬੀ. ਆਈ. ਬੈਂਕ ਵੱਲੋਂ ਦਿੱਤੀਆਂ 2 ਐਂਬੂਲੈਂਸਾਂ ਲੋਕ ਅਰਪਣ ਕਰਨ ਮੌਕੇ ਕੀਤਾ । ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਆਧੁਨਿਕ ਐਂਬੂਲੈਂਸਾਂ ਵਿੱਚੋਂ ਇੱਕ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਵਿਖੇ ਅਤੇ ਦੂਜੀ ਨੂੰ ਪਟਿਆਲਾ-ਭਵਾਨੀਗੜ੍ਹ ਮੁੱਖ ਮਾਰਗ ‘ਤੇ ਤੈਨਾਤ ਕੀਤਾ ਜਾਵੇਗਾ ਤਾਂ ਜੋ ਕਿਸੇ ਮੰਦਭਾਗੇ ਸੜਕੀ ਹਾਦਸੇ ਮੌਕੇ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ । ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੀ ਵੱਸੋਂ ਦਾ ਵੱਡਾ ਹਿੱਸਾ ਪੇਂਡੂ ਖੇਤਰਾਂ ਨਾਲ ਸਬੰਧਤ ਹੈ ਅਤੇ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਿਹਤ ਸੁਵਿਧਾਵਾਂ ਨੂੰ ਸੁਧਾਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਸਿਵਲ ਹਸਪਤਾਲ ਸੰਗਰੂਰ ਵਿਖੇ ਮਰੀਜ਼ਾਂ ਨੂੰ ਹੋਰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਡਿਪਟੀ ਕਮਿਸ਼ਨਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਕੰਮ ਕਰਵਾਉਣ ਲਈ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਆਗਾਮੀ ਬਜਟ ਵਿੱਚ ਇਸ ਲਈ ਫੰਡਾਂ ਦੀ ਵਿਵਸਥਾ ਕੀਤੀ ਜਾ ਸਕੇ । ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਨਿੱਜੀ ਤਰਜੀਹ ਰਹੀ ਹੈ ਕਿ ਕਾਰੋਬਾਰੀ ਸੰਸਥਾਵਾਂ ਦਾ ਸਮਾਜਿਕ ਜ਼ਿੰਮੇਵਾਰੀ (ਸੀ. ਐਸ. ਆਰ.) ਫੰਡ ਵੀ ਸਰਕਾਰ ਦੇ ਲੋਕ ਪੱਖੀ ਮਨੋਰਥ ਵਾਂਗ ਹੀ ਸਿਹਤ ਅਤੇ ਸਿੱਖਿਆ ਦੇ ਖੇਤਰਾਂ ‘ਤੇ ਹੀ ਖਰਚਿਆ ਜਾਵੇ । ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਫਲਤਾਪੂਰਵਕ ਚਲਾਈ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਪੂਰੀ ਸਖ਼ਤੀ ਨਾਲ ਵੱਡੇ ਐਕਸ਼ਨ ਅਮਲ ਵਿੱਚ ਲਿਆਂਦੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੂਰੇ ਪੰਜਾਬ ਵਿੱਚ ਰੋਜ਼ਾਨਾ ਛਾਪੇਮਾਰੀ ਕਰਕੇ ਨਸ਼ਿਆਂ ਦੀ ਵਿਕਰੀ ‘ਤੇ ਪੂਰਨ ਰੋਕ ਲਗਾਈ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਵੱਲੋਂ ਤਸਕਰੀ ਕਰਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਤੋੜਿਆ ਵੀ ਜਾ ਰਿਹਾ ਹੈ । ਇਸ ਮੌਕੇ ਉਨ੍ਹਾਂ ਸੂਬਾ ਵਾਸੀਆਂ ਨੂੰ ਪੰਜਾਬ ਸਰਕਾਰ ਦੀ ਇਸ ਮੁਹਿੰਮ ਵਿੱਚ ਵਧ ਚੜ੍ਹ ਕੇ ਸਾਥ ਦੇਣ ਦੀ ਵੀ ਅਪੀਲ ਕੀਤੀ । ਸਮਾਗਮ ਦੌਰਾਨ ਆਈ. ਡੀ. ਬੀ. ਆਈ. ਬੈਂਕ ਦੇ ਡਿਪਟੀ ਮੈਨੇਜਿੰਗ ਡਾਇਰੈਕਟਰ ਸੁਮਿਤ ਫਾਕਾ ਨੇ ਵੀ ਸੰਬੋਧਨ ਕੀਤਾ ਅਤੇ ਬੈਂਕ ਦੀ ਕਾਰਗੁਜ਼ਾਰੀ ਅਤੇ ਲੋਕ ਸੇਵਾ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ । ਬੈਂਕ ਪ੍ਰਬੰਧਕਾਂ ਦੀ ਤਰਫੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਵੱਖ-ਵੱਖ ਸ਼ਖਸ਼ੀਅਤਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਐਸ. ਐਸ. ਪੀ. ਸਰਤਾਜ ਸਿੰਘ ਚਾਹਲ, ਐਸ. ਡੀ. ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ. ਡੀ. ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਕਾਰਜਕਾਰੀ ਸਿਵਲ ਸਰਜਨ ਡਾ. ਵਿਕਾਸ ਧੀਰ, ਬੈਂਕ ਦੇ ਚੀਫ ਜਨਰਲ ਮੈਨੇਜਰ ਰਬੀ ਨਰਾਇਣ ਪਾਤਰਾ, ਐਸ. ਐਮ. ਓ. ਡਾ. ਬਲਜੀਤ ਸਿੰਘ, ਐਸ. ਪੀ. ਨਵਰੀਤ ਸਿੰਘ ਵਿਰਕ, ਕੈਬਨਿਟ ਮੰਤਰੀ ਦੇ ਓ. ਐਸ. ਡੀ. ਤਪਿੰਦਰ ਸਿੰਘ ਸੋਹੀ, ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਮਾਰਕਿਟ ਕਮੇਟੀ ਸੂਲਰ ਹਰਵਿੰਦਰ ਸਿੰਘ, ਐਸਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਬੌਬੀ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.