ਦੋ ਸਾਲਾਂ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਟਿਆਲਾ ’ਚ ਇਕ ਇੱਟ ਨਹੀਂ ਲਾਈ : ਪ੍ਰਨੀਤ ਕੌਰ
- by Jasbeer Singh
- April 23, 2024
ਪਟਿਆਲਾ, 23 ਅਪ੍ਰੈਲ (ਜਸਬੀਰ)-ਲੋਕ ਸਭਾ ਹਲਕਾ ਪਟਿਆਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਐਮ. ਪੀ. ਪ੍ਰਨੀਤ ਕੌਰ ਨੇ ਕਿਹਾ ਕਿ ਮਾਰਚ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ। ਲੋਕਾਂ ਨੇ ਇਸ ਪਾਰਟੀ ਨੂੰ ਬੰਪਰ ਬਹੁਮਤ ਦਿੱਤਾ ਸੀ ਪਰ ਪਿਛਲੇ ਦੋ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਟਿਆਲਾ ਵਿਚ ਇਕ ਇੱਟ ਵੀ ਨਹੀਂ ਲਾਈ। ਸਮੁੱਚੇ ਵਿਕਾਸ ਕਾਰਜ ਠੱਪ ਪਏ ਹਨ। ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਵੱਲ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ। ਸਿਰਫ ਫੋਕੀ ਲਿਫਾਫੇਬਾਜ਼ੀ ਅਤੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਤੌਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਾ ਕੁੱਝ ਨਹੀਂ ਕੀਤਾ। ਪਟਿਆਲਾ ਦੇ ਹਸਪਤਾਲਾਂ ਵਿਚ ਹਮੇਸ਼ਾ ਹੀ ਦਵਾਈਆਂ ਦੀ ਕਮੀ ਰਹਿੰਦੀ ਹੈ। ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਅਜਿਹੇ ਵਿਚ ਲੋਕ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਜਿਸ ਉਮੀਦ ਨਾਲ ਪਟਿਆਲਾ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੀਆਂ ਉਹ ਉਮੀਦਾਂ ਤੋੜੀਆਂ ਹਨ।
