
ਫਸਲਾਂ ਦੀ ਰਹਿੰਦ-ਖੁਹੰਦ ਨੂੰ ਅੱਗ ਲਾਉਣ ਦੀ ਥਾਂ ਖੇਤਾਂ ਵਿੱਚ ਹੀ ਵਾਹੋ : ਡਾ. ਗੋਸਲ
- by Jasbeer Singh
- September 24, 2024

ਫਸਲਾਂ ਦੀ ਰਹਿੰਦ-ਖੁਹੰਦ ਨੂੰ ਅੱਗ ਲਾਉਣ ਦੀ ਥਾਂ ਖੇਤਾਂ ਵਿੱਚ ਹੀ ਵਾਹੋ : ਡਾ. ਗੋਸਲ ਪਟਿਆਲਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਇਸ ਕਿਸਾਨ ਮੇਲੇ ਵਿਚ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ.ਏ.ਯੂ. ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ, ਜਦੋਂ ਕਿ ਡਾ. ਪ੍ਰੀਤੀ ਯਾਦਵ, ਆਈ.ਏ.ਐਸ., ਡਿਪਟੀ ਕਮਿਸ਼ਨਰ, ਪਟਿਆਲਾ ਡਾ. ਪ੍ਰੀਤੀ ਯਾਦਵ ਅਤੇ ਡਾ. ਦਵਿੰਦਰ ਸਿੰਘ ਚੀਮਾ, ਮੈਂਬਰ ਪ੍ਰਬੰਧਕੀ ਬੋਰਡ, ਪੀ.ਏ.ਯੂ., ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋਏ। ਇਸ ਮੌਕੇ ਡਾ. ਜਸਵਿੰਦਰ ਸਿੰਘ, ਪ੍ਰਮੁੱਖ ਖੇਤੀਬਾੜੀ ਅਫਸਰ, ਪਟਿਆਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਿਰ ਰਹੇ । ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਸਤਿਬੀਰ ਸਿੰਘ ਗੋਸਲ ਨੇ ਮੌਜੂਦਾ ਸਮੇਂ ਧਰਤੀ, ਪੌਣ-ਪਾਣੀ ਅਤੇ ਵਾਤਾਵਰਣ ਵਿਚ ਵੱਧ ਰਹੇ ਪ੍ਰਦੂਸ਼ਣ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਕੁਦਰਤੀ ਸੋਮੇਂ ਅੱਜ ਸੰਕਟ ਗ੍ਰਸਤ ਹਾਲਾਤਾਂ ਨਾਲ ਜੂਝ ਰਹੇ ਹਨ, ਜਿਨ੍ਹਾਂ ਨੂੰ ਬਚਾਉਣਾ ਸਾਡੇ ਲਈ ਬਹੁਤ ਜ਼ਰੂਰੀ ਹੈ। ਖੇਤੀ ਨਿਰੰਤਰਤਾ ਨੂੰ ਕਾਇਮ ਰੱਖਣ ਅਤੇ ਖੇਤੀ ਵਿਰਾਸਤ ਨੂੰ ਅਗਲੀਆਂ ਪੀੜੀਆਂ ਤੱਕ ਪਹੁੰਚਾਉਣ ਲਈ ਕੁਦਰਤੀ ਸੋਮਿਆਂ ਦੇ ਰੱਖ-ਰਖਾਅ ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਫਸਲਾਂ ਦੀ ਰਹਿੰਦ-ਖੁਹੰਦ ਨੂੰ ਅੱਗ ਲਾਉਣ ਦੀ ਥਾਂ ਖੇਤਾਂ ਵਿਚ ਹੀ ਵਾਹੁਣਾ ਚਾਹੀਦਾ ਹੈ, ਕਿਉਕਿ ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਵਾਤਾਵਰਣ ਵੀ ਪਲੀਤ ਹੋਣੋਂ ਬਚਿਆ ਰਹਿੰਦਾ ਹੈ। ਜਲ-ਸੋਮਿਆਂ ਦੀ ਬਚਤ ਲਈ ਉਨ੍ਹਾਂ ਨੇ ਧਰਤੀ ਹੇਠਲੇ ਪਾਣੀ ਦੀ ਥਾਂ ਨਹਿਰੀ ਪਾਣੀ ਦੀ ਵਰਤੋਂ ਕਰਨ, ਘੱਟ ਪਾਣੀ ਲੈਣ ਵਾਲੀਆਂ ਕਿਸਮਾਂ ਦੀ ਬਿਜਾਈ ਕਰਨ ਅਤੇ ਤੁਪਕਾ ਸਿੰਚਾਈ ਵਰਗੀਆਂ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ। ਪੀ.ਏ.ਯੂ. ਵੱਲੋਂ ਸਿਫਾਰਸ਼ ਕੀਤੀਆਂ ਫਸਲਾਂ ਦੀਆਂ ਕਿਸਮਾਂ ਬੀਜਣ ਦੀਆਂ ਸਿਫਾਰਸ਼ ਕਰਦਿਆਂ ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀ ਕਣਕ ਦੀ ਵੱਧ ਝਾੜ ਦੇਣ ਵਾਲੀ ਕਿਸਮ ਪੀ.ਬੀ.ਡਬਲਯੂ. 826 ਨੇ ਜੰਮੂ ਤੋਂ ਲੈ ਕੇ ਕਲਕੱਤੇ ਤੱਕ ਪੂਰੀ ਧਾਂਕ ਜਮਾਈ। ਖੇਤੀ ਖਰਚੇ ਘਟਾ ਕੇ ਅਤੇ ਸਹਾਇਕ ਧੰਦੇ ਅਪਣਾ ਕੇ ਖੇਤੀ ਆਮਦਨ ਵਿਚ ਵਾਧਾ ਕਰਨ ਦੀ ਸਿਫਾਰਿਸ਼ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਨੂੰ ਐਗਰੀ ਬਿਜ਼ਨੈੱਸ ਵਾਲੇ ਪਾਸੇ ਤੁਰਨਾ ਪਵੇਗਾ। ਖੇਤੀ ਸਬੰਧੀ ਸਮੁੱਚੀ ਜਾਣਕਾਰੀ ਰੇਡੀਓ ਅਤੇ ਟੀ.ਵੀ. ਪ੍ਰੋਗਰਾਮਾਂ ਤੋਂ ਹਾਸਿਲ ਕਰਨ ਦੇ ਨਾਲ-ਨਾਲ ਉਨ੍ਹਾਂ ਨੇ ਕਿਸਾਨਾਂ ਨੂੰ ਪੀ.ਏ.ਯੂ. ਦੇ ਫੇਸਬੁੱਕ ਲਾਈਵ ਪ੍ਰੋਗਰਾਮ, ਯੂ.ਟਿਉਬ ਚੈਨਲਜ਼ ਅਤੇ ਖੇਤੀ ਸੰਦੇਸ਼ ਨਾਲ ਜੁੜਣ ਦੀ ਅਪੀਲ ਕੀਤੀ ਅਤੇ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਤੇਲ ਬੀਜਾਂ, ਦਾਲ ਬੀਜਾਂ ਅਤੇ ਚਾਰੇ ਦੀਆਂ ਕਿੱਟਾਂ ਘਰਾਂ ਵਿਚ ਲੈ ਕੇ ਜਾਣ ਨੂੰ ਕਿਹਾ । ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜ ਕੇ ਵਾਤਾਵਰਣ ਨੂੰ ਦੂਸ਼ਿਤ ਕਰਨ ਤੋਂ ਗੁਰੇਜ਼ ਕਰਦਿਆਂ ਕਿਹਾ ਕਿ ਇਸ ਦੀ ਸਾਭ-ਸੰਭਾਲ ਲਈ ਪੀ.ਏ.ਯੂ. ਵੱਲੋਂ ਵਿਕਸਿਤ ਕੀਤੀਆਂ ਤਕਨੀਕਾਂ ਅਤੇ ਖੇਤ ਮਸ਼ੀਨਰੀ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਨੇ ਇਸ ਮੌਕੇ ਸਰਕਾਰ ਵੱਲੋਂ ਖੇਤ ਮਸ਼ੀਨਰੀ ਦੀ ਖਰੀਦੋ-ਫਰੋਖਤ ਲਈ ਮੁਹੱਈਆ ਕੀਤੀਆਂ ਜਾ ਰਹੀਆਂ ਸਬਸਿਡੀਆਂ ਬਾਰੇ ਵੀ ਚਾਨਣਾ ਪਾਇਆ । ਇਸ ਮੌਕੇ ਉੱਘੇ ਸਬਜ਼ੀ ਵਿਗਿਆਨੀ ਡਾ. ਦਵਿੰਦਰ ਸਿੰਘ ਚੀਮਾ ਨੇ ਕਿਸਾਨਾਂ ਨੂੰ ਕਣਕ, ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲ ਕੇ ਖੇਤੀ ਵਿਭਿੰਨਤਾ ਨੂੰ ਅਪਣਾਉਣ ਦੀ ਸਿਫਾਰਸ਼ ਕਰਦਿਆਂ ਸਬਜ਼ੀਆਂ ਅਤੇ ਫਲਾਂ ਦੀਆਂ ਫਸਲਾਂ ਨੂੰ ਲਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਨਾਲ ਅਸੀ ਆਪਣੇ ਕੁਦਰਤੀ ਸੌਮਿਆਂ ਦੀ ਸਾਂਭ-ਸੰਭਾਲ ਵੀ ਕਰ ਸਕਾਂਗੇ ਅਤੇ ਨਾਲ ਹੀ ਪੋਸ਼ਟਿਕਤਾ ਨੂੰ ਵੀ ਵਧਾ ਸਕਾਗੇ। ਉਨ੍ਹਾਂ ਨੇ ਸਬਜ਼ੀਆਂ ਦੀਆਂ ਹਾਈਬ੍ਰਿਡ ਕਿਸਮਾਂ ਲਈ ਨਿੱਜੀ ਅਦਾਰਿਆਂ ਦੀ ਥਾਂ ਪੀ.ਏ.ਯੂ. ਵੱਲੋਂ ਵਿਕਸਿਤ ਕੀਤੀਆਂ ਜਾਦੀਆਂ ਕਿਸਮਾਂ ਤੇ ਹੀ ਭਰੋਸਾ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਬੀਜ ਦੀ ਥੁੜ ਨੂੰ ਪੂਰਿਆਂ ਕਰਨ ਲਈ ਪੀ.ਏ.ਯੂ. ਵੱਲੋਂ ਕਈ ਕੰਪਨੀਆਂ ਨਾਲ ਐਮ.ਓ.ਯੂ. ਵੀ ਸਹੀਬੱਧ ਕੀਤੇ ਗਏ ਹਨ ਅਤੇ ਸਾਨੂੰ ਸਿਰਫ ਖੇਤੀ ਵਿਗਿਆਨੀਆਂ ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ਦੇ ਹਾਈਬ੍ਰਿਡ ਬੀਜ ਹੀ ਖਰੀਦਣੇ ਚਾਹੀਦੇ ਹਨ। ਇਸ ਮੌਕੇ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ, ਪੀ.ਏ.ਯੂ. ਨੇ ਕਿਸਾਨ ਮੇਲਿਆਂ ਨੂੰ ਗਿਆਨ ਵਿਗਿਆਨ ਦੇ ਮੇਲੇ ਦੱਸਦਿਆਂ ਯੂਨੀਵਰਸਿਟੀ ਦੇ ਖੇਤੀ ਵਿਗਿਆਨੀਆਂ ਵੱਲੋਂ ਵਿਕਸਿਤ ਕੀਤੀਆਂ ਫਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਅਤੇ ਖੇਤ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਹੁਣ ਤੱਕ 950 ਤੋਂ ਵੱਧ ਕਿਸਮਾਂ ਵਿਕਸਿਤ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚੋਂ 250 ਤੋਂ ਵੱਧ ਕਿਸਮਾਂ ਰਾਸ਼ਟਰੀ ਪੱਧਰ ਤੇ ਪਛਾਣ ਕਾਇਮ ਕੀਤੀ ਹੈ। ਉਨ੍ਹਾ ਨੇ ਸਰ੍ਹੋਂ ਦੀ ਨਵੀਂ ਕਿਸਮ ਪੀ.ਐਚ.ਆਰ. 127, ਗੋਭੀ ਸਰ੍ਹੋਂ ਦੀ ਹਾਈਬ੍ਰਿਡ ਪੀ.ਜੀ.ਐਸ.ਐਚ 2155, ਜਵੀ ਦੀ ਕਿਸਮ ਓ ਐਲ 17, ਬੇਕਰੀ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਪੀ.ਬੀ.ਡਬਲਯੂ ਬਿਸਕੁਟ – 1 ਤੇ ਰੋਟੀ ਲਈ ਢੁਕਵੀ ਕਿਸਮ ਪੀ.ਬੀ. ਡਬਲਯੂ ਚਪਾਤੀ-1 ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਉਨ੍ਹਾਂ ਨੇ ਕਣਕ ਵਿੱਚ ਪੀਲੀ ਕੁੰਗੀ ਦੀ ਰੋਕਥਾਮ ਲਈ ‘ਤਾਕਤ’ ਨਾਂ ਦੀ ਦਵਾਈ ਦੀ ਵਰਤੋਂ ਕਰਨ ਦੇ ਨਾਲ-ਨਾਲ ਜੈਵਿਕ ਬਿਜਾਈ ਤੋਂ ਇੱਕ ਮਹੀਨੇ ਬਾਅਦ ਖੱਟੀ ਲੱਸੀ ਦਾ ਛਿੜਕਾਅ ਅਤੇ ਗਰਮ ਰੁੱਤ ਦੀ ਮੂੰਗੀ ਵਿਚ ਜੂੰ ਦਾ ਹਮਲਾ ਹੋਣ ਤੇ ਨੀਲੇ ਟਰੈਪ ਵਰਤਣ ਅਤੇ ਪੀ.ਏ.ਯੂ. ਨਿੰਮ ਦੇ ਘੋਲ ਦਾ ਛਿੜਕਾਅ ਕਰਨ ਲਈ ਕਿਹਾ । ਇਸ ਮੌਕੇ ਕਿਸਾਨ ਮੇਲੇ ਵਿੱਚ ਸ਼ਿਰਕਤ ਕਰ ਰਹੇ ਪਤਵੰਤਿਆਂ, ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਨੇ ਖੇਤੀ ਆਮਦਨ ਵਿੱਚ ਇਜ਼ਾਫਾ ਕਰਨ ਲਈ ਵੱਧ ਤੋਂ ਵੱਧ ਸਹਾਇਕ ਧੰਦੇ ਅਪਨਾਉਣ ਦੀ ਅਪੀਲ ਕੀਤੀ। ਉਨ੍ਹਾਂ ਪੀ.ਏ.ਯੂ. ਦਾ ਲਗਾਤਾਰ ਦੂਜੇ ਸਾਲ ਵੀ ਦੇਸ਼ ਦੀ ਸਰਵੋਤਮ ਖੇਤੀ ਯੂਨੀਵਰਸਿਟੀ ਬਣਨ ਦਾ ਸਮੁੱਚਾ ਸਿਹਰਾ ਖੇਤੀ ਵਿਗਿਆਨੀਆਂ ਦੇ ਨਾਲ-ਨਾਲ ਸਾਡੇ ਕਿਸਾਨਾਂ ਨੂੰ ਵੀ ਜਾਂਦਾ ਹੈ ਜਿਨ੍ਹਾਂ ਨੇ ਯੂਨੀਵਰਸਿਟੀ ਦੀਆਂ ਖੋਜਾਂ ਪ੍ਰਤੀ ਹਮੇਸ਼ਾਂ ਅਥਾਹ ਵਿਸ਼ਵਾਸ਼ ਜਤਾਇਆ ਹੈ। ਵਿਗਿਆਨਕ ਲੀਹਾਂ ਤੇ ਖੇਤੀ ਕਰਨ ਲਈ ਉਨ੍ਹਾਂ ਨੇ ਪੀ.ਏ.ਯੂ. ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਮਹੀਨਾਵਾਰ ਰਸਾਲੇ ‘ਚੰਗੀ ਖੇਤੀ’ ਅਤੇ ‘ਪ੍ਰੋਗਰੈਸਿਵ ਫਾਰਮਿੰਗ’ ਦੇ ਵੱਧ ਤੋਂ ਵੱਧ ਮੈਂਬਰ ਬਣਨ ਦੀ ਸਿਫਾਰਸ਼ ਕੀਤੀ । ਇਸ ਮੌਕੇ ਡਾ. ਜਸਵਿੰਦਰ ਸਿੰਘ ਨੇ 13-14 ਮੀਟਰ ਟਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਖੇਤ ਮਸ਼ੀਨਰੀ ਅਤੇ ਹਾੜ੍ਹੀ ਦੀਆਂ ਫਸਲਾਂ ਲਈ ਖਾਦਾਂ ਦੀ ਉਪਲਬਧਤਾ ਦੇ ਸਬੰਧ ਵਿਚ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪਰਾਲੀ ਦੀ ਸਾਂਭ-ਸੰਭਾਲ ਲਈ ਉਨ੍ਹਾਂ ਨੇ ਬੇਲਰ ਦੇ ਨਾਲ-ਨਾਲ ਸੁਪਰ ਸੀਡਰ ਅਤੇ ਹੈਪੀ ਸੀਡਰ ਆਦਿ ਮਸ਼ੀਨਰੀ ਦੀ ਵਰਤੋਂ ਦੀ ਵੀ ਅਪੀਲ ਕੀਤੀ । ਇਸ ਮੌਕੇ ਅਗਾਂਹਵੱਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿਚੋਂ ਫੁੱਲਕਾਰੀ ਅਤੇ ਕਿੱਤਾਕਾਰੀ ਵਿਚ ਸ਼ੇਰੌ ਰਾਣੀ ਪਿੰਡ ਮਸਿੰਗਣ; ਸੁਰੱਖਿਅਤ ਸਫਾਈ ਪਦਾਰਥ ਵਿਚ ਜਸਵੀਰ ਕੌਰ ਨਾਭਾ; ਗੁੜ, ਸ਼ੱਕਰ,ਤੇਲ, ਹਲਦੀ ਵਿਚ ਗੁਰਮੁੱਖ ਸਿੰਘ ਪਿੰਡ ਬਾਰਨ; ਸ਼ਹਿਦ ਵਿਚ ਭੁਪਿੰਦਰ ਸਿੰਘ ਪਟਿਆਲਾ; ਖੁੰਬਾਂ ਦੀ ਕਾਸ਼ਤ ਵਿਚ ਕੁਲਵਿੰਦਰ ਸਿੰਘ ਪਿੰਡ ਪਬਰਾ; ਫੁੱਲਾਂ ਦੀ ਕਾਸ਼ਤ ਵਿਚ ਗੁਰਵਿੰਦਰ ਸਿੰਘ ਪਿੰਡ ਖੇੜੀ ਮਲਾਂ; ਵਰਮੀਕਮਪੋਸਟ ਵਿਚ ਗੁਰਪ੍ਰੀਤ ਸਿੰਘ, ਪਿੰਡ ਹਰਦਾਸਪੁਰ; ਬੀਜ ਉਤਪਾਦਨ ਵਿਚ ਕੁਲਵਿੰਦਰ ਸਿੰਘ ਪਿੰਡ ਮਰਦਾਪੁਰ; ਸਬਜ਼ੀ ਉਤਪਾਦਕ (ਪਿਆਜ਼) ਵਿਚ ਰਸ਼ਪਾਲ ਸਿੰਘ ਪਿੰਡ ਮੰਡੋਰ; ਵਾਤਾਵਰਣ ਸੁਰੱਖਿਆ ਵਿਚ ਡਾ. ਸੋਨਿੰਦਰ ਕੌਰ ਸਹਾਇਕ ਨਿਰਦੇਸ਼ਕ (ਪਸ਼ੂ ਪਾਲਣ), ਪਟਿਆਲਾ ਅਤੇ ਡਰੈਗਨ ਫਰੂਟ ਵਿਚ ਜਸਪ੍ਰੀਤ ਸਿੰਘ ਪਿੰਡ ਸ਼ੇਰੌਂ ਮਾਜਰਾ ਸ਼ਾਮਿਲ ਸਨ । ਇਸ ਮੌਕੇ ਡਾ. ਹਰਦੀਪ ਸਿੰਘ ਸਭੀਖੀ, ਡਿਪਟੀ ਡਾਇਰੈਕਟਰ (ਸਿਖਲਾਈ),ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਧੰਨਵਾਦ ਦੇ ਸ਼ਬਦ ਕਹਿੰਦਿਆਂ ਦੱਸਿਆ ਕਿ ਕੇਂਦਰ ਵੱਲੋਂ ਹਾੜ੍ਹੀ ਦੀਆਂ ਫਸਲਾਂ ਦੇ ਬੀਜ ਅਤੇ ਫਲਾਂ ਦੇ ਪੌਦੇ ਉਪਲਬਧ ਕਰਵਾਏ ਗਏ ਹਨ, ਜਿਨ੍ਹਾਂ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਮੰਚ ਸੰਚਾਲਨ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ ਨੇ ਪੀ.ਏ.ਯੂ. ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਹੁਨਰ ਵਿਕਾਸ ਕੇਂਦਰ ਵੱਲੋਂ ਲਗਾਈਆਂ ਜਾਂਦੀਆਂ ਖੇਤੀ ਸਿਖਲਾਈਆਂ ਵਿੱਚ ਵੱਧ ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ ਅਤੇ ਹਾੜ੍ਹੀ ਦੀਆਂ ਫਸਲਾਂ ਦੀਆਂ ਸਿਫਾਰਸ਼ਾਂ ਪੁਸਤਕ ਨੂੰ ਪੜ੍ਹ ਕੇ ਵਿਗਿਆਨਕ ਲੀਹਾਂ ਤੇ ਖੇਤੀ ਕਰਨ ਲਈ ਕਿਹਾ। ਉਨ੍ਹਾਂ ਨੇ ਖੇਤੀ ਸਾਹਿਤ ਨੂੰ ਆਪਣੇ ਘਰਾਂ ਵਿਚ ਮੰਗਵਾਉਣ ਅਤੇ ਅਤੇ ਸਮੇਂ ਦੇ ਹਾਣੀ ਬਣਨ ਲਈ ਸੋਸ਼ਲ ਮੀਡੀਆ ਨਾਲ ਜੁੜਨ ਵਾਸਤੇ ਪੀ.ਏ.ਯੂ., ਵੱਟਸਐਪ ਗਰੁੱਪਾਂ ਦੇ ਸੰਪਰਕ ਨੰਬਰ ਵੀ ਕਿਸਾਨਾਂ ਨਾਲ ਸਾਂਝੇ ਕੀਤੇ । ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਨਿੱਜੀ ਕੰਪਨੀਆਂ ਅਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ।
Related Post
Popular News
Hot Categories
Subscribe To Our Newsletter
No spam, notifications only about new products, updates.