ਨਿਰਮਾਣ ਕਾਰਜਾਂ ਲਈ ਵਰਤੀ ਜਾ ਰਹੀ ਸਮੱਗਰੀ ਦੇ ਉੱਚ ਮਿਆਰ ਨੂੰ ਯਕੀਨੀ ਬਣਾਉਣ ਦੀ ਹਦਾਇਤ
- by Jasbeer Singh
- August 10, 2024
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਬ ਡਵੀਜ਼ਨਲ ਹਸਪਤਾਲ ਧੂਰੀ ਦੇ ਨਵੇਂ ਬਲਾਕ ਅਤੇ ਮਾਡਰਨ ਲਾਇਬ੍ਰੇਰੀ ਦੇ ਉਸਾਰੀ ਕਾਰਜਾਂ ਦਾ ਅਚਨਚੇਤ ਨਿਰੀਖਣ ਨਿਰਮਾਣ ਕਾਰਜਾਂ ਲਈ ਵਰਤੀ ਜਾ ਰਹੀ ਸਮੱਗਰੀ ਦੇ ਉੱਚ ਮਿਆਰ ਨੂੰ ਯਕੀਨੀ ਬਣਾਉਣ ਦੀ ਹਦਾਇਤ ਧੂਰੀ/ ਸੰਗਰੂਰ, 10 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਬ ਡਵੀਜ਼ਨ ਧੂਰੀ ਵਿਖੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਲੋਕ ਪੱਖੀ ਪ੍ਰੋਜੈਕਟਾਂ ਦੇ ਨਿਰਮਾਣ ਕਾਰਜ ਜੋਸ਼ੋ ਖਰੋਸ਼ ਨਾਲ ਚੱਲ ਰਹੇ ਹਨ । ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਅਜਿਹੇ ਹੀ ਦੋ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਜਾਇਜ਼ਾ ਲਿਆ। ਉਹਨਾਂ ਨੇ ਸਬ ਡਵੀਜ਼ਨਲ ਹਸਪਤਾਲ ਧੂਰੀ ਦੇ ਨਵੇਂ ਬਣ ਰਹੇ ਬਲਾਕ ਅਤੇ ਧੂਰੀ ਸ਼ਹਿਰ ਵਿਖੇ ਹੀ ਲਗਭਗ 1.59 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਮਾਡਰਨ ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਲਈ ਅਧਿਕਾਰਤ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਲਈ ਵਰਤੀ ਜਾ ਰਹੀ ਸਮੱਗਰੀ ਦੇ ਉੱਚ ਮਿਆਰ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਸੰਬੰਧੀ ਕਿਸੇ ਵੀ ਕਿਸਮ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਿਸ਼ਵ ਪੱਧਰ ਦੀਆਂ ਸਰਵੋਤਮ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਧੂਰੀ ਵਿਖੇ ਕਰੀਬ 21.65 ਕਰੋੜ ਦੀ ਲਾਗਤ ਨਾਲ ਸਬ ਡਵੀਜ਼ਨਲ ਹਸਪਤਾਲ ਦੇ ਨਵੇਂ ਬਲਾਕ ਅਤੇ ਮੈਟਰਨਲ ਤੇ ਚਾਇਲਡ ਕੇਅਰ ਬਿਲਡਿੰਗ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਤਾਂ ਜੋ ਇੱਥੇ ਵੱਸਦੇ ਲੋਕਾਂ ਨੂੰ ਸਰਵੋਤਮ ਸਿਹਤ ਸੁਵਿਧਾਵਾਂ ਮੁਹਈਆ ਕਰਵਾਈਆਂ ਜਾ ਸਕਣ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੰਮ ਨੂੰ ਤਰਜੀਹ ਦੇ ਆਧਾਰ ਤੇ ਨੇਪਰੇ ਚੜ੍ਹਾਉਣ ਲਈ ਉਹ ਖੁਦ ਸਮੇਂ-ਸਮੇਂ 'ਤੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਸਬੰਧਤ ਸਬ ਡਵੀਜ਼ਨ ਦੇ ਐਸ.ਡੀ.ਐਮ ਨੂੰ ਵੀ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਨਿਗਰਾਨੀ ਕਰਦੇ ਰਹਿਣ ਦੀ ਹਦਾਇਤ ਕੀਤੀ ਗਈ ਹੈ । ਉਸਾਰੀ ਕਾਰਜਾਂ ਦੇ ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐਕਸੀਅਨ ਪੰਜਾਬ ਮੰਡੀ ਬੋਰਡ ਪੁਨੀਤ ਸ਼ਰਮਾ ਤੋਂ ਸਬੰਧਤ ਹਸਪਤਾਲ ਦੀ ਅਪਗ੍ਰੇਡੇਸ਼ਨ ਸਬੰਧੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਿਲ ਕੀਤੀ । ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਧੂਰੀ ਸ਼ਹਿਰ ਵਿਖੇ ਬਣ ਰਹੀ ਮਾਡਰਨ ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਵੀ ਲਿਆ ਅਤੇ ਸਬੰਧਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ । ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਐਸ.ਡੀ.ਐਮ ਅਮਿਤ ਗੁਪਤਾ ਵੀ ਮੌਜੂਦ ਸਨ ।
