

ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਐੱਸਐੱਸਪੀ ਵਰੁਣ ਸ਼ਰਮਾ ਸਣੇ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ ਐੱਸਐੱਸਪੀਜ਼, ਐੱਸਪੀਜ਼ ਅਤੇ ਡੀਐੱਸਪੀਜ਼ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਨਸ਼ਿਆਂ ਦੀ ਰੋਕਥਾਮ ਅਤੇ ਪੁਲੀਸ ਦੀ ਕਾਰਜ ਪ੍ਰਣਾਲੀ ਵਧੀਆ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਪ੍ਰਬੰਧਕੀ ਆਧਾਰ ’ਤੇ ਇੰਸਪੈਕਟਰ ਪੱਧਰ ਤੱਕ ਦੀਆਂ ਬਦਲੀਆਂ ਤੇ ਤਾਇਨਾਤੀਆਂ ਕਰਨ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਕਰਮਚਾਰੀ ਨੂੰ ਉਸ ਦੀ ਰਿਹਾਇਸ਼ ਵਾਲੀ ਸਬ-ਡਿਵੀਜ਼ਨ ਵਿੱਚ ਤਾਇਨਾਤ ਨਾ ਕੀਤਾ ਜਾਵੇ। ਡੀਆਈਜੀ ਸ੍ਰੀ ਭੁੱਲਰ ਨੇ ਕਿਹਾ ਕਿ ਨਸ਼ਿਆਂ ਅਤੇ ਦੂਜੇ ਅਪਰਾਧਾਂ ਖ਼ਿਲਾਫ਼ ਠੋਸ ਕਾਰਜ ਪ੍ਰਣਾਲੀ ਤਿਆਰ ਕੀਤੀ ਜਾਵੇ। ਵੱਡੇ ਸਮੱਗਲਰਾਂ ਦੀ ਪਛਾਣ ਕਰਨ ਅਤੇ ਸਪਲਾਈ ਲਾਈਨ ਤੋੋੜਨ ਦੀ ਹਦਾਇਤ ਕੀਤੀ। ਉਨ੍ਹਾਂ ਭ੍ਰਿਸ਼ਟਾਚਾਰ ਜਾਂ ਨਸ਼ਾ ਤਸਕਰਾਂ ਨਾਲ ਜੁੜੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਵੀ ਕਾਰਵਾਈ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।