
ਬਾਲ ਮਜ਼ਦੂਰੀ ਸਬੰਧੀ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ - ਨਵਰੀਤ ਕੌਰ ਸੇਖੋਂ
- by Jasbeer Singh
- May 27, 2025

ਬਾਲ ਮਜ਼ਦੂਰੀ ਸਬੰਧੀ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ - ਨਵਰੀਤ ਕੌਰ ਸੇਖੋਂ ਪਟਿਆਲਾ 27 ਮਈ : ਵਧੀਕ ਡਿਪਟੀ ਕਮਿਸ਼ਨਰ (ਅਰਬਨ) ਨਵਰੀਤ ਕੌਰ ਸੇਖੋਂ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਬਾਲ ਮਜ਼ਦੂਰੀ ਐਕਟ ਅਧੀਨ ਜ਼ਿਲ੍ਹਾ ਪੱਧਰ ‘ ਤੇ ਬਣਾਈ ਟਾਸਕ ਫੋਰਸ ਦੀ ਬੈਠਕ ਆਯੋਜਿਤ ਕੀਤੀ ਗਈ। ਉਹਨਾਂ ਅਧਿਕਾਰੀਆਂ ਨੂੰ ਬਾਲ ਮਜ਼ਦੂਰੀ ਐਕਟ ਦੀ ਉਲੰਘਣਾ ਕਰਨ ਵਾਲਿਆਂ ‘ ਤੇ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ । ਉਹਨਾਂ ਕਿਹਾ ਕਿ ਬਾਲ ਮਜ਼ਦੂਰੀ, ਬਾਲ ਭਿਖਿਆ ਅਤੇ ਬਾਲ ਵਿਆਹ ਸਬੰਧੀ ਕੋਈ ਵੀ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ ਤਾਂ ਉਹਨਾਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ‘ਤੇ ਬਿਨਾਂ ਕਿਸੇ ਦੇਰੀ ਤੋਂ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਉਹਨਾਂ ਦੇ ਨਾਲ ਸਹਾਇਕ ਲੇਬਰ ਕਮਿਸ਼ਨਰ ਜਸਬੀਰ ਸਿੰਘ ਖਰੌੜ ਵੀ ਮੌਜੂਦ ਸਨ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਸਖ਼ਤ ਨਿਰਦੇਸ਼ ਦਿੱਤੇ ਕਿ ਹਰੇਕ ਵਿਭਾਗ ਦੀ ਇਹ ਜਿੰਮੇਵਾਰੀ ਹੈ ਕਿ ਉਹ ਬੱਚਿਆਂ ਦੇ ਹੱਕਾਂ ਦੀ ਰਾਖੀ ਅਤੇ ਉਹਨਾਂ ਦੀ ਬਿਹਤਰੀ ਲਈ ਨਿਰੰਤਰ ਕੰਮ ਕਰੇ । ਉਹਨਾਂ ਇਹ ਵੀ ਕਿਹਾ ਕਿ ਬਾਲ ਮਜ਼ਦੂਰੀ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਵਿਭਾਗਾਂ ਦਰਮਿਆਨ ਪਰਸਪਰ ਸਹਿਯੋਗ ਬਹੁਤ ਜਰੂਰੀ ਹੈ । ਇਸ ਮੌਕੇ ਲੇਬਰ ਕਮਿਸ਼ਨਰ ਜਸਬੀਰ ਸਿੰਘ ਖਰੋੜ ਨੇ ਜਾਣਕਾਰੀ ਦਿੱਤੀ ਕਿ ਬਾਲ ਮਜ਼ਦੂਰੀ ਨੂੰ ਰੋਕਣ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਹੈਲਪਲਾਈਨ ਨੰਬਰ1098 ਤੇ ਆ ਰਹੀਆਂ ਸ਼ਿਕਾਇਤਾਂ ਨੂੰ ਤੁਰੰਤ ਨਿਪਟਾਇਆ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਵੱਲੋਂ ਹੁਣ ਤੱਕ 23 ਥਾਵਾਂ ਤੇ ਛਾਪੇਮਾਰੀ ਕੀਤੀ ਗਈ ਜਿਸ ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਸਹਾਇਕ ਲੇਬਰ ਕਮਿਸ਼ਨਰ ਨੇ ਇੰਸਪੈਕਟਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਬਿਨਾਂ ਰੁਕਾਵਟ ਵੱਧ ਤੋਂ ਵੱਧ ਥਾਵਾਂ ਤੇ ਛਾਪੇਮਾਰੀ ਕਰਨ ਤਾਂ ਜੋ ਉਹਨਾਂ ਥਾਵਾਂ ਦੀ ਪਛਾਣ ਕੀਤੀ ਜਾ ਸਕੇ ਜਿੱਥੇ ਬਾਲ ਮਜ਼ਦੂਰੀ ਦੇ ਮਾਮਲੇ ਹੋ ਸਕਦੇ ਹਨ । ਉਹਨਾਂ ਕਿਹਾ ਕਿ ਸਮਾਜ ਵਿੱਚ ਬਾਲ ਮਜ਼ਦੂਰੀ ਦੀ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਜਰੂਰੀ ਹੈ ਕਿ ਬੱਚਿਆਂ ਦੀ ਸੁਰੱਖਿਆ ਲਈ ਬਣਾਏ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ । ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਦੇ ਪ੍ਰਤੀਨਿਧੀ ਰਣਜੀਤ ਕੌਰ ਨੇ ਦੱਸਿਆ ਕਿ ਬਾਲ ਵਿਆਹ ਸਬੰਧੀ ਅਜੇ ਤੱਕ ਕੋਈ ਵੀ ਕੇਸ ਪ੍ਰਾਪਤ ਨਹੀ ਹੋਇਆ । ਇਸ ਮੌਕੇ ਬਾਲ ਸੁਰੱਖਿਆ ਵਿਭਾਗ, ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.