July 6, 2024 00:57:16
post

Jasbeer Singh

(Chief Editor)

Latest update

ਪੰਜਾਬ ਸਰਕਾਰ ਨੇ ਸੁਸ਼ੀਲ ਰਿੰਕੂ ਦੀ ਸੁਰੱਖਿਆ ਕੀਤੀ ਅੱਧੀ, ਜਾਨ ਨੂੰ ਖ਼ਤਰਾ ਦੱਸਦਿਆ ਰਿੰਕੂ ਨੇ ਕੇਂਦਰ ਤੋਂ ਮੰਗੀ ਸੁਰੱਖਿਆ

post-img

ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ’ਚ ਸ਼ਾਮਲ ਹੁੰਦਿਆਂ ਹੀ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਹੈ। ਰਿੰਕੂ ਦੀ ਸੁਰੱਖਿਆ ’ਚ ਅੱਠ ਪੁਲਿਸ ਮੁਲਾਜ਼ਮ ਤਾਇਨਾਤ ਸਨ, ਜਿਨ੍ਹਾਂ ’ਚੋਂ ਚਾਰ ਮੁਲਾਜ਼ਮਾਂ ਨੂੰ ਸਰਕਾਰ ਨੇ ਵਾਪਸ ਬੁਲਾ ਲਿਆ ਹੈ। ਰਿੰਕੂ 27 ਮਾਰਚ ਨੂੰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ ਸਨ ਅਤੇ 28 ਤਰੀਕ ਨੂੰ ਸੁਰੱਖਿਆ ਘਟਾ ਦਿੱਤੀ ਗਈ।ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਹੀ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਲਗਾਤਾਰ ਹਮਲਾਵਰ ਰੁਖ਼ ਅਪਣਾ ਰਹੇ ਹਨ ਅਤੇ 27 ਮਾਰਚ ਨੂੰ ਵੀ ਉਨ੍ਹਾਂ ਦੇ ਘਰ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਰੋਡ ਸ਼ੋਅ ਦੌਰਾਨ ਵੀ ‘ਆਪ’ ਵਰਕਰਾਂ ਨੇ ਐੱਮਪੀ ਰਿੰਕੂ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਜ਼ਿਲ੍ਹਾ ਭਾਜਪਾ ਨੇ 27 ਮਾਰਚ ਨੂੰ ਹੀ ਚੋਣ ਕਮਿਸ਼ਨ ਤੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਸੁਸ਼ੀਲ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਘਰ ਦੀ ਸੁਰੱਖਿਆ ਵਧਾਈ ਜਾਵੇ ਕਿਉਂਕਿ ਇਨ੍ਹਾਂ ਦੇ ਘਰਾਂ ਦਾ ਘਿਰਾਓ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਬਾਵਜੂਦ ਸੂਬਾ ਸਰਕਾਰ ਨੇ ਰਿੰਕੂ ਦੀ ਸੁਰੱਖਿਆ ’ਚ ਕਟੌਤੀ ਕਰ ਦਿੱਤੀ ਹੈ। ਰਿੰਕੂ ਨੇ ਇਹ ਮਾਮਲਾ ਗ੍ਰਹਿ ਮੰਤਰੀ ਅਮਿਤ ਸ਼ਾਹ ਸਾਹਮਣੇ ਚੁੱਕਿਆ ਹੈ ਅਤੇ ਉਨ੍ਹਾਂ ਨੂੰ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਐੱਮਪੀ ਰਿੰਕੂ ਨੇ ਕਿਹਾ ਕਿ ਭਾਜਪਾ ’ਚ ਸ਼ਾਮਲ ਹੋਣ ਦੇ ਤੁਰੰਤ ਬਾਅਦ ਹੀ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਹੈ ਅਤੇ ਇਸ ਨਾਲ ਉਨ੍ਹਾਂ ਦੀ ਸੁਰੱਖਿਆ ਨੂੰ ਖ਼ਤਰਾ ਵਧ ਗਿਆ ਹੈ। ਐੱਮਪੀ ਨੇ ਲਿਖਿਆ ਹੈ ਕਿ ਉਹ ਜਲੰਧਰ ਸਮੇਤ ਪੂਰੇ ਪੰਜਾਬ ’ਚ ਡਰੱਗ ਮਾਫ਼ੀਆ ਖ਼ਿਲਾਫ਼ ਲੜਾਈ ਲੜ ਰਹੇ ਹਨ ਅਤੇ ਆਪਣੇ ਐੱਮਪੀ ਦੇ ਕਾਰਜਕਾਲ ਦੌਰਾਨ ਕਈ ਵਾਰ ਉਹ ਮੁੱਦਾ ਚੁੱਕਿਆ ਹੈ। ਇਸ ਕਾਰਨ ਉਹ ਕਈ ਅਪਰਾਧਕ ਅਨਸਰਾਂ ਦੇ ਨਿਸ਼ਾਨੇ ’ਤੇ ਹਨ। ਉਨ੍ਹਾਂ ਦੀ ਸੁਰੱਖਿਆ ’ਚ ਕਟੌਤੀ ਨਾਲ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਅਧੀਨ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਤਾਂ ਕਿ ਉਹ ਪੰਜਾਬ ਤੇ ਦੇਸ਼ ਦੇ ਲੋਕਾਂ ਦੀ ਸੇਵਾ ਕਰ ਸਕਣ।

Related Post