
ਖ਼ਾਲਸਾ ਕਾਲਜ ਪਟਿਆਲਾ ਵਲੋਂ 450 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਅਯੋਜਨ
- by Jasbeer Singh
- August 22, 2024

ਖ਼ਾਲਸਾ ਕਾਲਜ ਪਟਿਆਲਾ ਵਲੋਂ 450 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਅਯੋਜਨ ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿੱਚ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ। ਉਪਰੰਤ ਕਾਲਜ ਦੇ ਸੰਗੀਤ ਗਾਇਨ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਗੁਰੂ ਅਮਰਦਾਸ ਜੀ ਦੇ ਜੀਵਨ ਵੇਰਵਿਆਂ ਨਾਲ ਸਬੰਧਿਤ ਕਵੀਸ਼ਰੀ ਦਾ ਗਾਇਨ ਵੀ ਕੀਤਾ ਗਿਆ। ਸਮਾਗਮ ਦੀ ਸਮਾਪਤੀ ’ਤੇ ਪੰਥ ਅਤੇ ਕਾਲਜ ਦੀ ਚੜਦੀ ਕਲਾ ਦੀ ਅਰਦਾਸ ਕੀਤੀ ਗਈ ਅਤੇ ਦੇਗ ਵਰਤਾਈ ਗਈ। ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਦੱਸਿਆ ਕਿ ਇਸ ਸਾਲ ਸਮੁੱਚੇ ਖ਼ਾਲਸਾ ਪੰਥ ਵੱਲੋਂ ਦੋ ਸ਼ਤਾਬਦੀਆਂ ਨੂੰ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਕਾਰਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਵਿੱਚ ਅਨੇਕਾਂ ਕਾਰਜ ਉਲੀਕੇ ਗਏ ਹਨ। ਜਿਸ ਤਹਿਤ ਅੱਜ ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਅਤੇ ਕਵਿਸ਼ਰੀ ਗਾਇਨ ਕੀਤੇ ਗਏ। ਉਹਨਾਂ ਇਹ ਵੀ ਦੱਸਿਆ ਕਿ ਇਹਨਾਂ ਸਮਾਗਮਾਂ ਨਾਲ ਵਿਦਿਆਰਥੀ ਆਪਣੀ ਪੜ੍ਹਾਈ ਦੇ ਨਾਲ-ਨਾਲ ਪੰਥ ਦੀਆਂ ਸੁਨਹਿਰੀ ਰਵਾਇਤਾਂ ਤੋਂ ਵੀ ਜਾਣੂ ਹੁੰਦੇ ਹਨ। ਸਮਾਗਮ ਦੇ ਪ੍ਰਬੰਧ ਦੀ ਜਿੰਮੇਵਾਰੀ ਪੋਸਟ ਗ੍ਰੈਜੂਏਟ ਸੰਗੀਤ ਗਾਇਨ ਵਿਭਾਗ, ਧਰਮ ਅਧਿਐਨ ਵਿਭਾਗ ਅਤੇ ਕਿਰਤ ਕਲੱਬ ਵੱਲੋਂ ਸਾਂਝੇ ਤੌਰ ’ਤੇ ਨਿਭਾਈ ਗਈ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨਾਂ ਨੇ ਸ਼ਮੂਲੀਅਤ ਕੀਤੀ।