
ਖ਼ਾਲਸਾ ਕਾਲਜ ਪਟਿਆਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸੈਮੀਨਾਰ ਅਤੇ ਹੋਰ ਗਤੀਵਿਧੀਆਂ ਅਯੋ
- by Jasbeer Singh
- November 14, 2024

ਖ਼ਾਲਸਾ ਕਾਲਜ ਪਟਿਆਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸੈਮੀਨਾਰ ਅਤੇ ਹੋਰ ਗਤੀਵਿਧੀਆਂ ਅਯੋਜਨ ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਧਰਮ ਅਧਿਅਨ ਵਿਭਾਗ ਅਤੇ ਕਿਰਤ ਕਲੱਬ ਵੱਲੋਂ ਅੱਜ ਸਾਂਝੇ ਤੌਰ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੁਭ ਅਵਸਰ ’ਤੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ. ਹਰਵਿੰਦਰ ਕੌਰ ਵਾਈਸ ਪਿ੍ਰੰਸੀਪਲ ਅਤੇ ਮੁਖੀ ਹਿੰਦੀ ਵਿਭਾਗ ਵਿਸ਼ੇਸ਼ ਤੌਰ ’ਤੇ ਪਹੁੰਚੇ । ਇਸ ਮੌਕੇ ਡਾ. ਹਰਵਿੰਦਰ ਕੌਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਦਾ ਪ੍ਰਚਾਰ ਤੇ ਪ੍ਰਸਾਰ ਸਮੁੱਚੇ ਵਿਸ਼ਵ ਵਿੱਚ ਕਰੀਏ ਤਾਂ ਜੋ ਸਮਾਜ ਵਿੱਚ ਪੈਦਾ ਹੋਈਆਂ ਅਲਾਮਤਾਂ ਜਿਵੇਂ ਕਿ ਹਾਸ਼ੀਆ ਕਿ੍ਰਤ ਵਰਗਾਂ ਅਤੇ ਵਾਤਾਵਰਨ ਦੀ ਠੀਕ ਰੂਪ ਵਿੱਚ ਸੰਭਾਲ ਕੀਤੀ ਜਾ ਸਕੇ । ਸੈਮੀਨਾਰ ਦੇ ਬੁਲਾਰਿਆਂ ਵਿੱਚ ਸ਼ਾਮਿਲ ਪ੍ਰੋ. ਹਰਦੀਪ ਸਿੰਘ ਨੇ ਗੁਰੂ ਨਾਨਕ ਸਾਹਿਬ ਦੇ ਸਮਕਾਲ ਦੀਆਂ ਸਮਾਜਿਕ ਪ੍ਰਸਥਿਤੀਆਂ ਉੱਤੇ ਬਾਖੂਬੀ ਚਾਨਣਾ ਪਾਇਆ । ਪ੍ਰੋ. ਗੁਰਜੀਤ ਸਿੰਘ ਨੇ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਦਾ ਵਿਦਿਆਰਥੀ ਜੀਵਨ ਵਿੱਚ ਮਹੱਤਵ ਵਿਸ਼ੇ ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਧਾਰਨ ਕਰਦੇ ਹੋਏ ਸਾਨੂੰ ਤੰਦਰੁਸਤ ਸਮਾਜਿਕ ਵਾਤਾਵਰਨ ਉਸਾਰਨਾ ਚਾਹੀਦਾ ਹੈ। ਡਾ. ਦਵਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਸਰਬਕਾਲੀ ਰੂਪ ਦੀ ਗੱਲ ਕਰਦੇ ਹੋਏ ਸਮੁੱਚੀ ਕਾਇਨਾਤ ਨੂੰ ਉਨਾਂ ਦੇ ਸਗਲ ਆਪੇ ਵਿੱਚ ਵਿਚਰਦੀ ਅਤੇ ਆਪਣੀ ਮਰਿਆਦਾ ਵਿੱਚ ਰਹਿੰਦੇ ਹੋਏ ਆਪਣੀ ਖੂਬਸੂਰਤੀ ਨੂੰ ਪ੍ਰਗਟ ਕਰਦੀ ਹੋਈ ਦੱਸਿਆ। ਮੰਚ ਦਾ ਸੰਚਾਲਨ ਡਾ. ਗੁਰਵੀਰ ਸਿੰਘ ਵੱਲੋਂ ਕੀਤਾ ਗਿਆ । ਹਿੰਦੀ ਅਤੇ ਹੋਰ ਭਾਸ਼ਾਵਾਂ ਵਿਭਾਗ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸੰਦਰਭ ਵਿੱਚ ਅੱਜ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਜਿਸ ਵਿੱਚ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫਲਸਫੇ ਨਾਲ ਸੰਬੰਧਿਤ ਅਹਿਮ ਵਿਸ਼ਿਆਂ ਉੱਪਰ ਆਪਣੇ ਵਿਚਾਰ ਪ੍ਰਸਤੁਤ ਕੀਤੇ। ਇਸ ਮੁਕਾਬਲੇ ਵਿੱਚ ਬੀ. ਏ. ਭਾਗ ਦੂਜਾ ਦੀ ਵਿਦਿਆਰਥਣ ਕਲਪਨਾ ਨੇ ਪਹਿਲਾ ਸਥਾਨ ਤੇ ਸੰਜਨਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਡਿਪਟੀ ਪਿ੍ਰੰਸੀਪਲ ਡਾ. ਜਸਲੀਨ ਕੌਰ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ । ਇਸ ਮੌਕੇ ਡਾ. ਮੁਹੰਮਦ ਯੂਸਫ ਵੀ ਮੌਜੂਦ ਰਹੇ । ਪੋਸਟ ਗ੍ਰੈਜੂਏਟਰ ਰਸਾਇਨ ਵਿਗਿਆਨ ਵਿਭਾਗ ਵੱਲੋਂ ਵੀ ਅੱਜ ਵਿਭਾਗ ਦੇ ਮੁਖੀ ਡਾਕਟਰ ਅੰਜੂ ਖੁੱਲਰ ਦੀ ਅਗਵਾਈ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਬਾਲ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ, ਜਿਨਾਂ ਵਿੱਚ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ। ਜਿੱਥੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਵਿੱਚ ਰਹਿ ਰਹੇ ਲੋਕਾਂ ਨਾਲ ਸਮਾਂ ਬਿਤਾਇਆ, ਮਠਿਆਈਆਂ ਵੰਡੀਆਂ ਅਤੇ ਇੰਟਰਐਕਟਿਵ ਗਤੀਵਿਧੀਆਂ ਵਿੱਚ ਸ਼ਾਮਲ ਹੋ ਕੇ ਨਿੱਘਾ ਅਤੇ ਖੁਸ਼ੀ ਵਾਲਾ ਮਾਹੌਲ ਬਣਾਇਆ। ਉਪਰੰਤ ਫੈਕਲਟੀ ਮੈਂਬਰਾਂ ਵੱਲੋਂ ਕਾਲਜ ਕੈਂਪਸ ਨੇੜੇ ਬਿਰਧ ਆਸ਼ਰਮ ਦੇ ਬਜ਼ੁਰਗਾਂ ਨੂੰ ਕੰਬਲ ਅਤੇ ਜ਼ਰੂਰੀ ਵਸਤਾਂ ਵੰਡੀਆਂ ਗਈਆਂ । ਡਾ. ਧਰਮਿੰਦਰ ਸਿੰਘ ਉੱਭਾ ਪਿ੍ਰੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਇਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਕਰਵਾਏ ਗਏ ਪ੍ਰੋਗਰਾਮਾਂ ਦੀ ਸਰਹਨਾ ਕਰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਗਏ ਉਪਦੇਸ਼ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਨੂੰ ਜੀਵਨ ਵਿੱਚ ਧਾਰਨ ਕਰਦੇ ਹੋਏ ਸਮੁੱਚੀ ਮਨੁੱਖਤਾ ਲਈ ਇੱਕ ਤੰਦਰੁਸਤ ਸਮਾਜ ਸਿਰਜਿਆ ਜਾ ਸਕਦਾ ਹੈ। ਇਸ ਮੌਕੇ ਉਨਾਂ ਕਾਲਜ ਸਟਾਫ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਵਧਾਈ ਸੰਦੇਸ਼ ਵੀ ਦਿੱਤਾ ।