post

Jasbeer Singh

(Chief Editor)

Punjab, Haryana & Himachal

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਜ਼ਿਲ੍ਹਾ ਪੱਧਰੀ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਕੀਤਾ ਗਿਆ ਜਾਗਰੂਕ

post-img

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਜ਼ਿਲ੍ਹਾ ਪੱਧਰੀ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਕੀਤਾ ਗਿਆ ਜਾਗਰੂਕ ਕਿਸਾਨਾਂ ਨੂੰ ਡੀਏਪੀ ਖਾਦ ਦੇ ਚਾਰ ਬਦਲਵੇਂ ਸਰੋਤਾਂ ਬਾਰੇ ਵੀ ਦਿੱਤੀ ਜਾਣਕਾਰੀ ਖੇਤ ਵਿੱਚ ਪਰਾਲੀ ਸੰਭਾਲਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਕੀਤਾ ਸਨਮਾਨ: ਡਾ. ਮਨਦੀਪ ਸਿੰਘ ਖੇੜੀ/ਸੰਗਰੂਰ, 5 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ ਏ ਯੂ ਲੁਧਿਆਣਾ ਅਤੇ ਡਾਇਰੈਕਟਰ, ਆਈ ਸੀ ਏ ਆਰ-ਅਟਾਰੀ ਜ਼ੋਨ 1, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਦੀ ਅਗਵਾਈ ਹੇਠ ਇਨ-ਸਿਟੁ ਪਰਾਲੀ ਪ੍ਰਬੰਧਨ ਪ੍ਰੋਜੈਕਟ (2024-25) ਅਧੀਨ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਡਾ. ਮਨਦੀਪ ਸਿੰਘ ਨੇ ਆਏ ਕਿਸਾਨਾਂ ਦਾ ਸਵਾਗਤ ਕਰਦਿਆਂ ਉਹਨਾਂ ਨੂੰ ਪਰਾਲੀ ਨੂੰ ਸਾੜਨ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ । ਉਹਨਾਂ ਦੱਸਿਆ ਕਿ ਇੱਕ ਟਨ ਪਰਾਲੀ ਨੂੰ ਸਾੜਨ ਨਾਲ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਸਲਫ਼ਰ ਦਾ ਨੁਕਸਾਨ ਹੁੰਦਾ ਹੈ । ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ ਜਿਹੜੀਆਂ ਕਿ ਵਾਤਾਵਰਣ ਪ੍ਰਦੂਸ਼ਿਤ ਕਰਨ ਦੇ ਨਾਲ ਨਾਲ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ਉੱਤੇ ਵੀ ਮਾੜਾ ਅਸਰ ਪਾਉਂਦੀਆਂ ਹਨ । ਉਨ੍ਹਾਂ ਕਿਸਾਨਾਂ ਨੂੰ ਪੀ. ਏ. ਯੂ. ਦੀਆਂ ਸਿਫਾਰਿਸ਼ਾਂ ਅਨੁਸਾਰ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਲਈ ਪੁਰਜ਼ੋਰ ਅਪੀਲ ਕੀਤੀ । ਉਹਨਾਂ ਦੱਸਿਆ ਕਿ ਲਗਾਤਾਰ ਕਈ ਸਾਲ ਪਰਾਲੀ ਨੂੰ ਖੇਤ ਵਿੱਚ ਵਾਹੁਣ ਨਾਲ ਰਸਾਇਣਕ ਖਾਦਾਂ ਦੀ ਵਰਤੋਂ ਘਟਦੀ ਹੈ, ਜਿਸ ਨਾਲ ਖੇਤੀ ਖਰਚਾ ਵੀ ਘਟਦਾ ਹੈ। ਉਹਨਾਂ ਕੇ ਵੀ ਕੇ ਵੱਲੋਂ ਪਰਾਲੀ ਪ੍ਰਬੰਧਨ ਵਾਲੀ ਖੇਤੀ ਮਸ਼ੀਨਰੀ ਮੁਹਈਆ ਕਰਵਾਉਣ ਬਾਰੇ ਵੀ ਦੱਸਿਆ । ਡਾ. ਮਨਦੀਪ ਸਿੰਘ ਨੇ ਕਿਸਾਨਾਂ ਨੂੰ ਪੀ. ਏ. ਯੂ. ਵੱਲੋਂ ਪ੍ਰਮਾਣਿਤ ਕਣਕ ਦੀਆਂ ਉੱਨਤ ਕਿਸਮਾਂ ਅਤੇ ਕਣਕ ਦੇ ਬੀਜ ਨੂੰ ਲਗਾਏ ਜਾਣ ਵਾਲੇ ਜੀਵਾਣੂੰ ਖਾਦ ਦੇ ਟੀਕੇ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕੇਵੀਕੇ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਬੀਜਾਂ ਦੇ ਕੀਤੇ ਪ੍ਰਬੰਧਾਂ ਬਾਰੇ ਵੀ ਚਾਨਣਾ ਪਾਇਆ । ਇਸ ਤੋਂ ਇਲਾਵਾ ਉਹਨਾਂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਉੱਪਰ ਵੀ ਚਾਨਣਾ ਪਾਇਆ । ਉਹਨਾਂ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਧੰਦੇ ਸ਼ੁਰੂ ਕਰ ਕੇ ਆਮਦਨ ਵਧਾਉਣ ਵੀ ਪ੍ਰੇਰਿਤ ਕੀਤਾ । ਉਹਨਾਂ ਕਿਸਾਨਾਂ ਨੂੰ ਡੀ. ਏ. ਪੀ. ਖਾਦ ਦੇ ਚਾਰ ਬਦਲਵੇਂ ਸਰੋਤਾਂ ਬਾਰੇ ਵੀ ਜਾਣਕਾਰੀ ਦਿੱਤੀ । ਇਸ ਮੌਕੇ ਡਾ. ਹਰਬੰਸ ਸਿੰਘ ਚਾਹਲ, ਮੁੱਖ ਖੇਤੀਬਾੜੀ ਅਫ਼ਸਰ, ਸੰਗਰੂਰ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਹਿਤ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ । ਉਹਨਾਂ ਪਰਾਲੀ ਪ੍ਰਬੰਧਨ ਸਕੀਮ ਅਧੀਨ ਖੇਤੀ ਮਸ਼ੀਨਰੀ ਉਪਰ ਦਿੱਤੀ ਜਾ ਰਹੀ ਸਬਸਿਡੀ ਬਾਰੇ ਵੀ ਦੱਸਿਆ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਲਈ ਭਾਵੁਕ ਅਪੀਲ ਕੀਤੀ । ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਕਿਸਾਨਾਂ ਲਈ 35000 ਮੀਟ੍ਰਿਕ ਟਨ ਤੋਂ ਵੱਧ ਡੀ. ਏ. ਪੀ. ਖਾਦ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ ਅਤੇ ਬਾਕੀ 5000 ਮੀਟ੍ਰਿਕ ਟਨ ਡੀ. ਏ. ਪੀ. ਖਾਦ ਦਾ ਪ੍ਰਬੰਧ ਛੇਤੀ ਹੀ ਕੀਤਾ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਇਸ ਸਾਲ ਸੰਗਰੂਰ ਜ਼ਿਲ੍ਹੇ ਵਿੱਚ ਪਿਛਲੇ ਸਾਲ ਨਾਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਦਰਜ ਕੀਤੀ ਗਈ ਹੈ । ਡਾ. ਸੁਨੀਲ ਕੁਮਾਰ, ਫਾਰਮ ਮਸ਼ੀਨਰੀ ਮਾਹਿਰ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨ ਵੀਰਾਂ ਨਾਲ ਬਿਨਾਂ ਅੱਗ ਲਗਾਏ ਖੇਤ ਵਿੱਚ ਪਰਾਲੀ ਦੀ ਸਾਂਭ-ਸੰਭਾਲ ਕਰਦੇ ਹੋਏ ਕਣਕ ਦੀ ਬਿਜਾਈ ਲਈ ਉਪਲੱਬਧ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ । ਉਹਨਾਂ ਨੇ ਨਵੀਆਂ ਮਸ਼ੀਨਾਂ ਸਮਾਰਟ ਸੀਡਰ ਅਤੇ ਸਰਫੇਸ ਸੀਡਰ ਤਕਨੀਕ ਉੱਤੇ ਵਿਸ਼ੇਸ਼ ਤੌਰ 'ਤੇ ਜ਼ੋਰ ਦਿੰਦੇ ਹੋਏ ਇਹਨਾਂ ਤਕਨੀਕਾਂ ਦੇ ਫ਼ਾਇਦਿਆਂ ਉੱਪਰ ਚਾਨਣਾ ਪਾਇਆ । ਡਾ. ਗੁਰਬੀਰ ਕੌਰ, ਪੌਦ ਸੁਰੱਖਿਆ ਮਾਹਿਰ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਕਰਨ ਸਮੇਂ ਬੀਜ ਦੀ ਸੋਧ ਕਰਨ ਲਈ ਜਾਣਕਾਰੀ ਦਿੱਤੀ । ਉਹਨਾਂ ਨੇ ਕਿਸਾਨਾਂ ਨੂੰ ਕਣਕ ਵਿੱਚ ਬਿਮਾਰੀਆਂ ਦੇ ਪ੍ਰਬੰਧਨ ਬਾਰੇ ਅਤੇ ਕੀਟਾਂ ਦੇ ਸਰਵਪੱਖੀ ਪ੍ਰਬੰਧ ਕਰਨ ਲਈ ਵੀ ਵਿਚਾਰ ਸਾਂਝੇ ਕੀਤੇ । ਡਾ. ਰੁਕਿੰਦਰ ਪ੍ਰੀਤ ਸਿੰਘ ਧਾਲੀਵਾਲ, ਫ਼ਸਲ ਵਿਗਿਆਨ ਮਾਹਿਰ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨਾਲ ਕਣਕ ਵਿੱਚ ਯੂਰੀਆ, ਡੀ ਏ ਪੀ ਅਤੇ ਛੋਟੇ ਖੁਰਾਕੀ ਤੱਤਾਂ ਦੇ ਪ੍ਰਬੰਧਨ ਸਬੰਧੀ ਵਿਚਾਰ ਸਾਂਝੇ ਕੀਤੇ । ਉਹਨਾਂ ਨੇ ਕਿਸਾਨਾਂ ਨੂੰ ਕਣਕ ਵਿੱਚ ਨਦੀਨਾਂ ਦੀ ਸਰਵਪੱਖੀ ਰੋਕਥਾਮ ਸੰਬੰਧੀ ਵੀ ਜਾਣਕਾਰੀ ਦਿੱਤੀ । ਉਹਨਾਂ ਨੇ ਨਦੀਨਸ਼ਕਾਂ ਦੀ ਵਰਤੋਂ ਕਰਦੇ ਸਮੇਂ ਧਿਆਨ ਦੇਣ ਯੋਗ ਗੱਲਾਂ ਬਾਰੇ ਵੀ ਜਾਣਕਾਰੀ ਦਿੱਤੀ । ਗੁਰਪ੍ਰੀਤ ਸਿੰਘ ਵਾਲੀਆ, ਆਰ ਜੀ ਆਰ ਸੈੱਲ, ਲੁਧਿਆਣਾ ਨੇ ਕਿਸਾਨਾਂ ਨੂੰ ਮਿੱਟੀ, ਪਾਣੀ ਅਤੇ ਹਵਾ ਦੀ ਸਿਹਤ ਸੰਭਾਲ ਲਈ ਪ੍ਰੇਰਿਤ ਕੀਤਾ । ਪ੍ਰੋਗਰਾਮ ਦੌਰਾਨ ਡਾ ਇੰਦਰਜੀਤ ਸਿੰਘ ਭੱਟੀ, ਖੇਤੀਬਾੜੀ ਅਫ਼ਸਰ, ਸੰਗਰੂਰ ਅਤੇ ਰਮਨਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਕੈਂਪ ਦੌਰਾਨ ਸਮੂਹ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਲੀ ਖੇਤੀ ਮਸੀਨਰੀ ਦੀ ਨੁਮਾਇਸ਼ ਦਿਖਾਈ ਗਈ ਅਤੇ ਕਿਸਾਨਾਂ ਦੇ ਮਸ਼ੀਨਰੀ ਸਬੰਧੀ ਸੁਆਲਾਂ ਦੇ ਜਵਾਬ ਦਿੱਤੇ ਗਏ । ਅਖੀਰ ਵਿੱਚ ਪਰਾਲੀ ਦੀ ਖੇਤ ਵਿੱਚ ਸੰਭਾਲ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ ਗਿਆ। ਕਿਸਾਨਾਂ ਨੂੰ ਹਾੜ੍ਹੀ ਦੀਆਂ ਕਿਤਾਬਾਂ ਅਤੇ ਪਰਾਲੀ ਪ੍ਰਬੰਧਨ ਦਾ ਸਾਹਿਤ ਵੀ ਮੁਹਈਆ ਕਰਵਾਇਆ ਗਿਆ ।

Related Post