
ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ : ਵਿਨੀਤ ਸਹਿਗਲ ਬਿੰਨੀ
- by Jasbeer Singh
- April 9, 2025

ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ : ਵਿਨੀਤ ਸਹਿਗਲ ਬਿੰਨੀ ਸੂਬੇ ’ਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ‘ਆਪ’ ਸਰਕਾਰ ਨਾਕਾਮ ਪਟਿਆਲਾ : ਪੰਜਾਬ ਦੇ ਜਲੰਧਰ ਵਿਖੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ’ਤੇ ਦੇਰ ਰਾਤ ਹੋਏ ਗ੍ਰਨੇਡ ਹਮਲਾ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਪਟਿਆਲਾ ਦੇ ਸੀਨੀਅਰ ਆਗੂ ਵਿਨੀਤ ਸਹਿਗਲ ਬਿੰਨੀ ਨੇ ਸੂਬੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਸਰਕਾਰ ’ਤੇ ਤੀਖੇ ਹਮਲੇ ਕੀਤੇ ਹਨ । ਸ੍ਰੀ ਬਿੰਨੀ ਨੇ ਕਿਹਾ ਕਿ ਪਹਿਲਾਂ ਗੈਰ ਸਮਾਜਿਕ ਅਨਸਰਾਂ ਵੱਲੋਂ ਪੁਲੀਸ ਥਾਣਿਆਂ ਨੂੰ ਨਿਸ਼ਾਨਾਂ ਬਣਾਇਆ ਗਿਆ, ਉਸ ਤੋਂ ਬਾਅਦ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨਿਸ਼ਾਨਾਂ ਬਣਾਇਆ ਗਿਆ ਹੈ। ਹੁਣ ਤਾਂ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਥ੍ਰੀ ਵ੍ਹੀਲਰ ਵਿੱਚ ਸਵਾਰ ਨੌਜਵਾਨ ਸ਼ਰ੍ਹੇਆਮ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ’ਤੇ ਗ੍ਰਨੇਡ ਸੁੱਟ ਕੇ ਜਾ ਰਹੇ ਹਨ, ਪਰ ਸੂਬਾ ਸਰਕਾਰ ਉਨ੍ਹਾਂ ਨੂੰ ਹਾਲੇ ਤੱਕ ਗ੍ਰਿਫ਼ਤਾਰ ਕਰਨ ਵਿੱਚ ਨਾਕਾਮ ਰਹਿ ਰਹੀ ਹੈ । ਸ੍ਰੀ ਬਿੰਨੀ ਨੇ ਕਿਹਾ ਕਿ ਅਜਿਹੀ ਘਟਨਾਵਾਂ ਤੋਂ ਸਪਸ਼ਟ ਹੁੰਦਾ ਹੈ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗਡ਼ਦੀ ਜਾ ਰਹੀ ਹੈ । ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਹਰ ਸਮੇਂ ਖੌਫ ਵਿੱਚ ਮਹਿਸੂਸ ਕਰ ਰਹੇ ਹਨ, ਜਦਕਿ ਗੈਰ ਸਮਾਜਿਕ ਬੇਖੋਫ਼ ਘੁੰਮ ਰਹੇ ਹਨ । ਸੂਬਾ ਸਰਕਾਰ ਇਨ੍ਹਾਂ ਗੈਰ ਸਮਾਜਿਕ ਅਨਸਰਾਂ ’ਤੇ ਨੱਥ ਪਾਉਣ ਵਿੱਚ ਨਾਕਾਮ ਰਹਿ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਨਾਮ ’ਤੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਜਦਕਿ ਹਾਲਾਤ ਬਿਲਕੁੱਲ ਉਸ ਤੋਂ ਉਲਟ ਹਨ । ਅੱਜ ਪੰਜਾਬ ਵਿੱਚ ਗੈਂਗਸਟਰ ਵੱਲੋਂ ਬੇਖੋਫ਼ ਹੋ ਕੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਫਿਰੌਤੀ ਨਾ ਦੇਣ ਵਾਲਿਆਂ ’ਤੇ ਹਮਲੇ ਕੀਤੇ ਜਾ ਰਹੇ ਹਨ। ਪਰ ਸੂਬਾ ਸਰਕਾਰ ਅਜਿਹੇ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿ ਰਹੀ ਹੈ । ਭਾਜਪਾ ਦੇ ਸੀਨੀਅਰ ਆਗੂ ਵਿਨੀਤ ਸਹਿਗਲ ਬਿੰਨੀ ਨੇ ਮੰਗ ਕੀਤੀ ਕਿ ਪੰਜਾਬ ਵਿੱਚ ਕਾਬਜ਼ ‘ਆਪ’ ਦੀ ਸਰਕਾਰ ਲੋਕਾਂ ਨੂੰ ਨਸ਼ਿਆਂ ਵਿਰੁੱਧ ਕਾਰਵਾਈ ਅਤੇ ਸਿੱਖਿਆ ਕ੍ਰਾਂਤੀ ਦੇ ਨਾਮ ’ਤੇ ਗੁਮਰਾਹ ਕਰਨ ਦੀ ਥਾਂ ਪਹਿਲਾਂ ਅਮਨ ਤੇ ਕਾਨੂੰਨ ਦੀ ਸਥਿਤੀ ਦੀ ਬਹਾਲੀ ਵੱਲ ਧਿਆਨ ਕੇਂਦਰਿਤ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿੱਚ ਲੋਕ ਹੀ ਸੁਰੱਖਿਅਤ ਨਹੀਂ ਰਹਿਣਗੇ ਤਾਂ ਬਾਕੀ ਕੰਮਾਂ ਦਾ ਕਰਨਾ ਕੀ ਹੈ। ਸ੍ਰੀ ਬਿੰਨੀ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਦੀ ਬਹਾਲੀ ਲਈ ਲੋਡ਼ੀਂਦੇ ਕਦਮ ਚੁੱਕੇ ਜਾਣ, ਨਹੀਂ ਤਾਂ ਭਾਜਪਾ ਵੱਲੋਂ ਸੂਬਾ ਸਰਕਾਰ ਦੀ ਲੋਕ ਵਿਰੋਧੀ ਕਾਰਗੁਜ਼ਾਰੀ ਵਿਰੁੱਧ ਸੰਘਰਸ਼ ਵਿੱਢਿਆ ਜਾਵੇਗਾ ।