
ਚੀਨੀ ਡੋਰ ਦੀ ਵਰਤੋਂ ਅਤੇ ਇਸ ਦਾ ਭੰਡਾਰ ਕਰਨ ਵਾਲੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ : ਡਿਪ
- by Jasbeer Singh
- January 28, 2025

ਚੀਨੀ ਡੋਰ ਦੀ ਵਰਤੋਂ ਅਤੇ ਇਸ ਦਾ ਭੰਡਾਰ ਕਰਨ ਵਾਲੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ : ਡਿਪਟੀ ਕਮਿਸ਼ਨਰ ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਾਈਨਾ ਡੋਰ ਦੀ ਰੋਕਥਾਮ ਸਬੰਧੀ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ । ਮੀਟਿੰਗੀ ਦੀ ਪ੍ਰਧਾਨਗੀ ਕਰਦਿਆਂ ਸਖ਼ਤੀ ਨਾਲ ਕਿਹਾ ਕਿ ਚੀਨੀ ਡੋਰ ਦੀ ਵਰਤੋਂ ਅਤੇ ਇਸ ਦਾ ਭੰਡਾਰ ਕਰਨਾ ਇਕ ਕਾਨੂੰਨਨ ਅਪਰਾਧ ਹੈ । ਇਸ ਦੀ ਉਲੰਘਣਾ ਕਰਨ ‘ਤੇ ਸਬੰਧਤ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੀਨੀ ਡੋਰ ਦੀ ਵਰਤੋਂ ’ਤੇ ਪਹਿਲਾਂ ਹੀ ਪ੍ਰਸ਼ਾਸ਼ਨ ਵੱਲੋਂ ਰੋਕ ਲਗਾਈ ਹੋਈ ਹੈ । ਉਹਨਾਂ ਸਾਰੇ ਸਬੰਧਤ ਵਿਭਾਗਾਂ ਨੂੰ ਇਸ ਦੀ ਪਾਬੰਦੀ ਬਾਰੇ ਜਾਣੂ ਕਰਵਾ ਕੇ ਇਹਨਾਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ । ਉਹਨਾਂ ਕਿਹਾ ਕਿ ਇਸ ਡੋਰ ਦੀ ਵਰਤੋਂ ਕਰਨ ਕਰਕੇ ਲੋਕਾਂ ਨਾਲ ਗੰਭੀਰ ਹਾਦਸੇ, ਮਾਸੂਮ ਪੰਛੀਆਂ ਅਤੇ ਜਾਨਵਰਾਂ ਦੇ ਮਾਰੇ ਜਾਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਇਸ ਦੇ ਨਾਲ ਹੀ ਚਾਈਨਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ’ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ । ਇਹ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ । ਡਿਪਟੀ ਕਮਿਸ਼ਨਰ ਨੇ ਸਮੂਹ ਐਸ. ਡੀ. ਐਮਜ਼. ਨੂੰ ਹਦਾਇਤ ਕੀਤੀ ਕਿ ਉਹ ਆਪਣੇ ਹਲਕੇ ਵਿੱਚ ਚੀਨੀ ਡੋਰ ਦੀ ਵਰਤੋਂ ਨੂੰ ਰੋਕਣ ਲਈ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਰਾਹੀਂ ਬੱਚਿਆਂ ਨੂੰ ਜਾਗਰੁਕ ਕਰਨ । ਉਹਨਾਂ ਪੁਲਿਸ ਵਿਭਾਗ ਨੂੰ ਟੀਮਾਂ ਬਣਾ ਕੇ ਲਗਾਤਾਰ ਚੈਕਿੰਗ ਅਭਿਆਨ ਚਲਾਉਣ ਦੀ ਹਦਾਇਤ ਦਿੱਤੀ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਸਮੂਹ ਐਸ. ਡੀ. ਐਮਜ਼, ਮੁੱਖ ਮੰਤਰੀ ਫੀਲਡ ਅਫਸਰ ਡਾ. ਨਵਜੋਤ ਸ਼ਰਮਾ, ਜ਼ਿਲ੍ਹਾ ਅਟਾਰਨੀ ਅਤੇ ਪੁਲਿਸ ਵਿਭਾਗ ਦੇ ਸਮੂਹ ਡੀ. ਐਸ. ਪੀਜ਼. ਅਤੇ ਹੋਰ ਅਧਿਕਾਰੀ ਵੀ ਸ਼ਾਮਲ ਸਨ ।