ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ
- by Jasbeer Singh
- September 28, 2024
ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ, : ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਸ੍ਰੀ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਸ. ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ, ਸ੍ਰੀ ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਜਗਰੂਪ ਸਿੰਘ ਸੇਖਵਾਂ, ਪਾਰਟੀ ਦੇ ਵਿਧਾਇਕਾਂ, ਪਰਿਵਾਰਕ ਮੈਂਬਰਾਂ, ਸਰਕਾਰੀ ਅਧਿਕਾਰੀਆਂ ਅਤੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ, ਅਤੇ ਬਾਗਬਾਨੀ ਬਾਰੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ। ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਇਸ ਮਾਣਮੱਤੇ ਮੌਕੇ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਆਪਣੇ ਵਿਆਪਕ ਤਜ਼ਰਬੇ ਅਤੇ ਜਨਤਕ ਸੇਵਾ ਲਈ ਜਨੂੰਨ ਦੇ ਨਾਲ ਮਹੱਤਵਪੂਰਨ ਯੋਗਦਾਨ ਪਾਉਣ ਦਾ ਵਾਅਦਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਪਹਿਲ ਦਿੰਦੇ ਹੋਏ ਮੀਡੀਆ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਲਈ ਲੜਨ ਵਾਲੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਦਾ ਵੀ ਪ੍ਰਣ ਕੀਤਾ। ਉਨ੍ਹਾਂ ਕਿਹਾ ਕਿ ਇੱਕ ਖੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਖੇਤੀ ਵਿਭਿੰਨਤਾ ਮਹੱਤਵਪੂਰਨ ਹੈ ਇਸ ਲਈ ਉਹ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਹੁਲਾਰਾ ਦੇ ਕੇ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਹੋਰਨਾਂ ਭਾਈਵਾਲਾਂ ਦੀ ਆਮਦਨ ਨੂੰ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।
Related Post
Popular News
Hot Categories
Subscribe To Our Newsletter
No spam, notifications only about new products, updates.