post

Jasbeer Singh

(Chief Editor)

Punjab

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ..

post-img

ਲੁਧਿਆਣਾ (੨੮ ਅਗਸਤ ੨੦੨੪ ) : ਖ਼ਬਰ ਹੈ ਲੁਧਿਆਣਾ ਤੋਂ ਅੱਜ ਲੁਧਿਆਣਾ ਦੇ ਕਰਨੈਲ ਸਿੰਘ ਈਸੜੂ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਿਲ ਜਥੇਬੰਦੀਆਂ ਦੀ ਜ਼ਰੂਰੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਰੁਲਦੂ ਸਿੰਘ ਮਾਨਸਾ, ਬਿੰਦਰ ਸਿੰਘ ਗੋਲੇਵਾਲਾ ਅਤੇ ਬਲਵਿੰਦਰ ਸਿੰਘ ਰਾਜੂ ਔਲਖ ਨੇ ਕੀਤੀ। ਮੀਟਿੰਗ ਵਿੱਚ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਜਿਹੜਾ ਮੰਗ ਪੱਤਰ 17 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ, ਕੈਬਨਿਟ ਮੰਤਰੀਆਂ, ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਨੂੰ ਦਿੱਤਾ ਗਿਆ ਹੈ, ਉਹਨਾਂ ਮੰਗਾਂ ਤੇ ਸਰਕਾਰ ਨੂੰ ਜਗਾਉਣ ਲਈ ਦੋ ਸਤੰਬਰ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਮੀਟਿੰਗ ਵਿੱਚ ਮਤਾ ਪਾਸ ਕਰਕੇ ਕੰਗਨਾ ਰਨੌਤ ਦੇ ਸੰਯੁਕਤ ਕਿਸਾਨ ਮੋਰਚਾ ਵਿਰੋਧੀ ਬਿਆਨ ਤੇ ਸਖਤ ਨਰਾਜ਼ਗੀ ਅਤੇ ਗੁੱਸੇ ਦਾ ਇਜ਼ਹਾਰ ਕਰਦੇ ਹੋਏ ਮੰਗ ਕੀਤੀ ਗਈ ਕਿ ਕੰਗਣਾ ਰਨੌਤ ਦੇ ਬਿਆਨ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਫੀ ਮੰਗਣ। ਕੰਗਣਾ ਰਨੌਤ ਅਤੇ ਉਸ ਦੀ ਫਿਲਮ ਦਾ ਸਖਤ ਵਿਰੋਧ ਕੀਤਾ ਜਾਵੇਗਾ।ਇੱਕ ਹੋਰ ਮਤੇ ਰਾਹੀਂ ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਤੇ ਵਧਾਈ ਹੋਈ ਡਿਊਟੀ ਰੱਦ ਕਰਨ ਦੀ ਮੰਗ ਕੀਤੀ ਗਈ। ਇਸੇ ਤਰ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੁਸਾਇਟੀਆਂ ਵਿੱਚ ਨੈਨੋ ਡੀਏਪੀ ਖਾਦ ਜ਼ਬਰਦਸਤੀ ਦੇਣੀ ਬੰਦ ਕੀਤੀ ਜਾਵੇ।ਇਸੇ ਤਰਾਂ ਗੰਨੇ ਦੇ ਰੇਟ ਵਿੱਚ ਵਾਧਾ ਕਰਕੇ ਘੱਟੋ ਘੱਟ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ। ਮਿੱਲਾਂ ਚਲਾਉਣ ਦੀ ਤਰੀਕ ਨਿਸ਼ਚਿਤ ਕੀਤੀ ਜਾਵੇ ਅਤੇ ਇਹ ਮਿੱਲਾਂ 15 ਨਵੰਬਰ ਤੋਂ ਪਹਿਲਾਂ ਪਹਿਲਾਂ ਚਲਾਈਆਂ ਜਾਣ।ਪਿਛਲੇ ਦਿਨੀ ਪੰਜਾਬ ਸਰਕਾਰ ਵੱਲੋਂ ਸੰਘਰਸ਼ੀ ਮੁਲਾਜ਼ਮਾਂ ਖਿਲਾਫ ਕਈ ਤਰ੍ਹਾਂ ਦੀਆਂ ਬਦਲਾ ਲਊ ਕਾਰਵਾਈਆਂ ਕੀਤੀਆਂ ਹਨ। ਪਟਵਾਰੀਆਂ ਅਤੇ ਬਿਜਲੀ ਮੁਲਾਜ਼ਮਾਂ ਦੀਆਂ ਸਿਆਸੀ ਆਧਾਰ ਤੇ ਬਦਲੀਆਂ ਕੀਤੀਆਂ ਗਈਆਂ ਹਨ। ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਖਿਲਾਫ ਬਦਲਾ ਲਊ ਕਾਰਵਾਈ ਬੰਦ ਕਰਕੇ ਉਹਨਾਂ ਦੀਆਂ ਬਦਲੀਆਂ ਰੱਦ ਕੀਤੀਆਂ ਜਾਣ।ਕੰਪਰੈਸਡ ਬਾਇਓ ਗੈਸ ਫੈਕਟਰੀਆਂ ਖਿਲਾਫ ਡਟਣ ਵਾਲੇ ਡਾਕਟਰ ਪਲਵਿੰਦਰ ਸਿੰਘ ਔਲਖ ਖਿਲਾਫ ਮਹਿਕਮਾਨਾ ਕਾਰਵਾਈ ਬੰਦ ਕੀਤੀ ਜਾਵੇ।ਸੰਯੁਕਤ ਕਿਸਾਨ ਮੋਰਚੇ ਨੇ ਸਰਬ ਸੰਮਤੀ ਨਾਲ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਪਣੇ ਮੂਲ ਤੋਂ ਹੀ ਕਿਸਾਨ ਵਿਰੋਧੀ, ਮਜ਼ਦੂਰ ਵਿਰੋਧੀ ਅਤੇ ਜਮਹੂਰੀਅਤ ਵਿਰੋਧੀ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚਾ ਭਾਰਤ ਨੇ ਪਾਰਲੀਮੈਟ ਚੋਣਾਂ ਦੌਰਾਨ “ਭਾਜਪਾ ਹਰਾਓ, ਦੇਸ਼ ਬਚਾਉ” ਦਾ ਜੋ ਨਾਅਰਾ ਦਿੱਤਾ ਸੀ, ਉਹ ਅੱਜ ਵੀ ਲਾਗੂ ਹੈ ਅਤੇ ਭਾਜਪਾ ਦਾ ਹਰ ਇੱਕ ਥਾਂ ਤੇ ਡਟਵਾਂ ਵਿਰੋਧ ਕੀਤਾ ਜਾਵੇਗਾ।

Related Post