post

Jasbeer Singh

(Chief Editor)

Patiala News

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਕਾਲਜਾਂ ਦੇ ਪ੍ਰਿੰਸੀਪਲਾਂ ਦੀ ਮੀਟਿੰਗ

post-img

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਕਾਲਜਾਂ ਦੇ ਪ੍ਰਿੰਸੀਪਲਾਂ ਦੀ ਮੀਟਿੰਗ ਜੱਥੇਦਾਰ ਸਾਹਿਬ ਦੇ ਹੁਕਮਾਂ ਨੂੰ ਲਾਗੂ ਕਰਨ ’ਤੇ ਜ਼ੋਰ ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਅਧੀਨ ਚੱਲ ਰਹੇ ਸਮੂਹ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਅੱਜ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ । ਇਹ ਮੀਟਿੰਗ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਦਫ਼ਤਰ, ਬਹਾਦਰਗੜ੍ਹ, ਪਟਿਆਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸਕੱਤਰ (ਵਿੱਦਿਆ), ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਸੁਖਮਿੰਦਰ ਸਿੰਘ ਨੇ ਕੀਤੀ । ਮੀਟਿੰਗ ਦਾ ਮੁੱਖ ਉਦੇਸ਼ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸ. ਕੁਲਦੀਪ ਸਿੰਘ ਗੜਗੱਜ ਵੱਲੋਂ ਹੋਲੇ ਮਹੱਲੇ ਦੇ ਅਵਸਰ 'ਤੇ ਕੌਮ ਦੇ ਨਾਂ ਜਾਰੀ ਕੀਤੇ ਗਏ ਸੰਦੇਸ਼ ਵਿੱਚ ਕੀਤੇ ਗਏ ਹੁਕਮਾਂ ਨੂੰ ਲਾਗੂ ਕਰਨ ਅਤੇ ਕਾਲਜਾਂ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਸਬੰਧੀ ਵਿਚਾਰ-ਚਰਚਾ ਕਰਨਾ ਸੀ । ਮੀਟਿੰਗ ਵਿੱਚ ਸਮੂਹ ਪ੍ਰਿੰਸੀਪਲਾਂ ਨਾਲ ਉਨ੍ਹਾਂ ਦੀਆਂ ਪਿਛਲੇ ਤਿੰਨ ਸਾਲਾਂ ਦੀਆਂ ਗਤੀਵਿਧੀਆਂ ਅਤੇ ਪ੍ਰਦਰਸ਼ਨ ’ਤੇ ਡੂੰਘਾਈ ਨਾਲ ਚਰਚਾ ਕੀਤੀ ਗਈ। ਵਿਚਾਰ ਚਰਚਾ ਉਪਰੰਤ ਪਿਛਲੇ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਨੂੰ ਤਸੱਲੀ ਬਖਸ਼ ਪਾਇਆ ਗਿਆ ਅਤੇ ਸਮੂਹ ਪ੍ਰਿੰਸੀਪਲ ਸਾਹਿਬਾਨਾਂ ਵੱਲੋਂ ਡਾਇਰੈਕਟੋਰੇਟ ਦੁਆਰਾ ਕਾਲਜਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਕਾਰਜਾਂ ਦੀ ਸਲਾਘਾ ਵੀ ਕੀਤੀ ਗਈ । ਇਸ ਦੌਰਾਨ ਕਾਲਜਾਂ ਨੂੰ ਨੈਕ (ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੇਸ਼ਨ ਕੌਂਸਲ) ਦੀ ਮਾਨਤਾ ਪ੍ਰਾਪਤ ਕਰਵਾਉਣ ਸਬੰਧੀ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਨੈਕ ਦੇ ਵੱਖ-ਵੱਖ ਪਹਿਲੂਆਂ ’ਤੇ ਵਿਚਾਰ ਸਾਂਝੇ ਕੀਤੇ ਗਏ ਅਤੇ ਇਸ ਪ੍ਰਕਿਰਿਆ ਲਈ ਲੋੜੀਂਦੇ ਸਾਜੋ-ਸਾਮਾਨ ਦੀ ਪੂਰਤੀ ਸਬੰਧੀ ਵੀ ਗੱਲਬਾਤ ਹੋਈ । ਸ. ਸੁਖਮਿੰਦਰ ਸਿੰਘ ਨੇ ਜ਼ੋਰ ਦਿੱਤਾ ਕਿ ਨੈਕ ਮਾਨਤਾ ਨਾਲ ਕਾਲਜਾਂ ਦੀ ਵਿੱਦਿਅਕ ਗੁਣਵੱਤਾ ਵਿੱਚ ਸੁਧਾਰ ਹੋਵੇਗਾ, ਜੋ ਸਿੱਖਿਆ ਦੇ ਖੇਤਰ ਵਿੱਚ ਐਸ. ਜੀ. ਪੀ. ਸੀ. ਦੀ ਵਚਨਬੱਧਤਾ ਨੂੰ ਮਜ਼ਬੂਤ ਕਰੇਗਾ । ਇਸ ਮੀਟਿੰਗ ਦਾ ਇੱਕ ਮੁੱਖ ਏਜੰਡਾ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਵੀ ਸੀ । ਇਸ ਸੰਦਰਭ ਵਿੱਚ ਨਵੀਂ ਸਿੱਖਿਆ ਨੀਤੀ ’ਤੇ ਵਿਸਤਾਰ ਨਾਲ ਚਰਚਾ ਹੋਈ। ਇਸ ਨੀਤੀ ਅਧੀਨ ਪੰਜਾਬੀ ਭਾਸ਼ਾ ਨੂੰ ਉਚਿਤ ਸਥਾਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ । ਮੀਟਿੰਗ ਵਿੱਚ ਸਹਿਮਤੀ ਬਣੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਸਾਰੇ ਕਾਲਜਾਂ ਵਿੱਚ ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰਫੁੱਲਤ ਕੀਤਾ ਜਾਵੇ, ਇਸ ਲਈ ਸਾਰਾ ਕੰਮ-ਕਾਰ ਪੰਜਾਬੀ ਭਾਸ਼ਾ ਵਿੱਚ ਜਾਰੀ ਰੱਖਣ ਦਾ ਫ਼ੈਸਲਾ ਲਿਆ ਗਿਆ । ਪ੍ਰਿੰਸੀਪਲਾਂ ਨੇ ਇਸ ਫ਼ੈਸਲੇ ਨੂੰ ਸਰਬਸੰਮਤੀ ਨਾਲ ਸਵੀਕਾਰ ਕੀਤਾ ਅਤੇ ਪੰਜਾਬੀ ਭਾਸ਼ਾ ਦੀ ਸੰਭਾਲ ਅਤੇ ਸਤਿਕਾਰ ਲਈ ਆਪਣੀ ਵਚਨਬੱਧਤਾ ਦੁਹਰਾਈ । ਇਸ ਤੋਂ ਇਲਾਵਾ, ਵਿਦਿਆਰਥੀਆਂ ਨੂੰ ਸਿੱਖੀ ਨਾਲ ਜੋੜਨ ਦੇ ਮਕਸਦ ਨਾਲ ਵੱਧ ਤੋਂ ਵੱਧ ਧਾਰਮਿਕ ਗਤੀਵਿਧੀਆਂ ਕਰਵਾਉਣ ’ਤੇ ਵੀ ਚਰਚਾ ਹੋਈ। ਮੀਟਿੰਗ ਵਿੱਚ ਸਹਿਮਤੀ ਬਣੀ ਕਿ ਕਾਲਜਾਂ ਵਿੱਚ ਪਹਿਲਾਂ ਤੋਂ ਚੱਲ ਰਹੀਆਂ ਗਤੀਵਿਧੀਆਂ ਜਿਵੇਂ ਕਵਿਸ਼ਰੀ, ਕੀਰਤਨ, ਢਾਡੀ, ਦਸਤਾਰ ਸਿਖਲਾਈ ਅਤੇ ਸਿੱਖੀ ਸਬੰਧੀ ਕੈਂਪਾਂ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇ। ਇਹ ਗਤੀਵਿਧੀਆਂ ਨੌਜਵਾਨ ਪੀੜ੍ਹੀ ਵਿੱਚ ਸਿੱਖ ਸੱਭਿਆਚਾਰ ਅਤੇ ਵਿਰਸੇ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਮਦਦਗਾਰ ਸਾਬਤ ਹੋਣਗੀਆਂ । ਸ. ਸੁਖਮਿੰਦਰ ਸਿੰਘ ਨੇ ਕਿਹਾ ਕਿ ਇਹ ਸਾਰੇ ਉਪਰਾਲੇ ਸਿੱਖੀ ਦੇ ਪ੍ਰਚਾਰ ਅਤੇ ਸਿੱਖਿਆ ਦੇ ਵਿਕਾਸ ਲਈ ਜ਼ਰੂਰੀ ਹਨ । ਇਸ ਮੀਟਿੰਗ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਅਦਾਰਿਆਂ ਵਿੱਚ ਸੁਧਾਰ ਅਤੇ ਸਿੱਖੀ ਮੁੱਲਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਸਾਬਤ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਪ੍ਰਿੰਸੀਪਲਾਂ ਨੇ ਇਨ੍ਹਾਂ ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਦਿ ਵੀ ਹਾਜ਼ਰ ਸਨ ।

Related Post