
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ
- by Jasbeer Singh
- July 19, 2025

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ -ਮਹਿਲਾ ਕੈਦੀਆਂ ਦੀਆਂ ਬੈਰਕਾਂ ਦਾ ਦੌਰਾ ਕਰਕੇ ਸਮੱਸਿਆਵਾਂ ਸੁਣੀਆਂ -ਮਹਿਲਾ ਕੈਦੀਆਂ ਲਈ ਕੇਂਦਰੀ ਜੇਲ੍ਹ ’ਚ ਲਗਾਇਆ ਵਿਸ਼ੇਸ਼ ਮੈਡੀਕਲ ਕੈਂਪ ਪਟਿਆਲਾ, 19 ਜੁਲਾਈ 2025 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨਵਜੋਤ ਕੌਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ ਗਿਆ ਅਤੇ ਨਾਲਸਾ ਦੀ ਡੀ.ਏ.ਡਬਲਿਊ.ਐਨ. ਸਕੀਮ ਬਾਰੇ ਬੰਦੀਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਵੀ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਦੀਪ ਕੰਬੋਜ ਵੀ ਮੌਜੂਦ ਸਨ । ਮੈਂਬਰ ਸਕੱਤਰ ਨਵਜੋਤ ਕੌਰ ਨੇ ਆਪਣੇ ਸੰਬੋਧਨ ਦੌਰਾਨ ਕੈਦੀਆਂ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਅਤੇ ਨਾਲਸਾ ਅਤੇ ਪਲਸਾ ਦੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਨਿਰੀਖਣ ਦੌਰਾਨ ਮੈਂਬਰ ਸਕੱਤਰ ਨੇ ਨਿੱਜੀ ਤੌਰ 'ਤੇ ਮਹਿਲਾ ਬੈਰਕ ਦਾ ਦੌਰਾ ਕੀਤਾ। ਇਸ ਮੌਕੇ ਜੱਜ ਸਾਹਿਬਾਨ ਨੇ ਆਪਣੇ ਦੌਰੇ ਦੌਰਾਨ ਜੇਲ੍ਹ 'ਚ ਬੰਦ ਮਹਿਲਾਵਾਂ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਹੱਥੀਂ ਬਣਾਈਆਂ ਰਚਨਾਵਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵਿੱਚ ਗੁੰਝਲਦਾਰ ਕਢਾਈ ਵਾਲੇ ਕੱਪੜੇ, ਰਵਾਇਤੀ ਫੁਲਕਾਰੀ ਦਾ ਕੰਮ ਅਤੇ ਹੱਥ ਨਾਲ ਬਣੇ ਬੈਗ ਸ਼ਾਮਲ ਹਨ । ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਸਿਹਤ ਵਿਭਾਗ ਅਤੇ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ, ਪਟਿਆਲਾ ਵਿੱਚ ਮਹਿਲਾ ਬੈਰਕ ਵਿਖੇ ਇੱਕ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸ ਕੈਂਪ ਵਿੱਚ ਕੈਦੀਆਂ ਦੀ ਡਾਕਟਰੀ ਜਾਂਚ ਮਾਹਿਰ ਡਾਕਟਰਾਂ ਵੱਲੋਂ ਕੀਤੀ ਗਈ। ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਜੇਲ੍ਹ ਸੁਪਰਡੈਂਟ ਦੇ ਨਾਲ –ਨਾਲ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਨਿਰਦੇਸ਼ ਜਾਰੀ ਕੀਤੇ ਗਏ, ਜਿਸ ਵਿੱਚ ਕੈਦੀਆਂ ਦੀਆਂ ਸ਼ਿਕਾਇਤਾਂ ਨੂੰ ਤੁਰੰਤ ਹੱਲ ਕਰਨ ਦੀ ਮਹੱਤਤਾ ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਜੇਲ੍ਹ 'ਚ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਦੌਰੇ ਦੌਰਾਨ ਮੈਂਬਰ ਸਕੱਤਰ ਨੇ ਜੇਲ੍ਹ ਦੇ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਨੂੰ ਵੀ ਚੈੱਕ ਕੀਤਾ । ਇਸ ਮੌਕੇ, ਰੁੱਖ ਲਗਾਉਣ ਦੀ ਮੁਹਿੰਮ ਦੀ ਨਿਰੰਤਰਤਾ ਵਿੱਚ, ਮਿਸ ਨਵਜੋਤ ਕੌਰ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਅਤੇ ਮੈਡਮ ਅਮਨਦੀਪ ਕੰਬੋਜ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੁਆਰਾ ਕੇਂਦਰੀ ਜੇਲ੍ਹ, ਪਟਿਆਲਾ ਵਿਖੇ ਬੂਟੇ ਵੀ ਲਗਾਏ ਗਏ ਅਤੇ ਹੋਰ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ਉੱਤੇ ਜ਼ੋਰ ਦਿੱਤਾ ਤਾਂ ਜੋ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਹਰੇ ਭਰੇ ਵਾਤਾਵਰਨ ਦੀ ਵਿਰਾਸਤ ਛੱਡ ਸਕੀਏ, ਨਾਲ ਹੀ ਇੱਕ ਸਾਫ਼ ਵਾਤਾਵਰਣ ਦਾ ਆਨੰਦ ਵੀ ਮਾਣ ਸਕੀਏ । ਇਸ ਮੌਕੇ ਮਿਸ ਨਵਜੋਤ ਕੌਰ ਅਤੇ ਚੀਫ਼ ਲੀਗਲ ਏਡ ਡਿਫੈਂਸ ਕਾਉਂਸਲ, ਪਟਿਆਲਾ ਗਗਨਦੀਪ ਸਿੰਘ ਘੀਰੇ ਨੇ ਨਾਲਸਾ ਦੀ ਡੀ.ਏ.ਡਬਲਿਊ.ਐਨ. ਸਕੀਮ ਤੇ ਚਾਨਣਾ ਪਾਇਆ, ਜਿਸ ਦਾ ਉਦੇਸ਼ ਕਾਨੂੰਨੀ ਜਾਗਰੂਕਤਾ, ਸਹਾਇਤਾ ਅਤੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਰਾਹੀਂ ਨਸ਼ਿਆਂ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਹਾਇਤਾ ਦੀ ਮੰਗ ਕਰਨ ਵਾਲੇ ਵਿਅਕਤੀ ਪਟਿਆਲਾ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਵਿਅਕਤੀਗਤ ਤੌਰ 'ਤੇ ਜਾਂ ਫ਼ੋਨ 0175-2306500 ਅਤੇ ਨਾਲਸਾ ਹੈਲਪ ਲਾਈਨ ਨੰਬਰ 15100 'ਤੇ ਸੰਪਰਕ ਕਰ ਸਕਦੇ ਹਨ ।