ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਤੇ ਨਹਿਰੀ ਪਾਣੀ ਪ੍ਰਾਜੈਕਟ ਦੇ ਕੰਮ ਦਾ ਲਿਆ ਜਾਇਜ਼ਾ
- by Jasbeer Singh
- October 1, 2024
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਤੇ ਨਹਿਰੀ ਪਾਣੀ ਪ੍ਰਾਜੈਕਟ ਦੇ ਕੰਮ ਦਾ ਲਿਆ ਜਾਇਜ਼ਾ -ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀਆਂ ਸ਼ਹਿਰ ਦੀਆਂ ਸੜਕਾਂ ਬਣਾਉਣ ਦਾ ਕੰਮ ਹੋਇਆ ਸ਼ੁਰੂ : ਅਜੀਤਪਾਲ ਸਿੰਘ ਕੋਹਲੀ -ਪਟਿਆਲਵੀਆਂ ਨੂੰ ਦਸੰਬਰ ਤੱਕ ਸ਼ਹਿਰ ਦੀਆਂ ਸੜਕਾਂ ਦੀ ਨੁਹਾਰ ਬਦਲੀ ਮਿਲੇਗੀ -ਸ਼ੇਰਾਵਾਲਾ ਗੇਟ, ਪੁਰਾਣਾ ਬੱਸ ਸਟੈਂਡ ਤੋ ਪੀਆਰਟੀਸੀ ਵਰਕਸ਼ਾਪ, ਠੀਕਰੀਵਾਲਾ ਚੌਕ ਤੋਂ ਨਿਊ ਲਾਲ ਬਾਗ ਤੇ ਅਬਲੋਵਾਲ ਤੋਂ ਥਾਪਰ ਤੱਕ ਦੀਆਂ ਸੜਕਾਂ ਦਾ ਕੰਮ ਅਗਲੇ ਹਫ਼ਤੇ ਹੋਵੇਗਾ ਸ਼ੁਰੂ -ਐਲ ਐਂਡ ਟੀ ਵੱਲੋਂ ਕੀਤੀ ਗਈ ਦੇਰੀ ਦਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਲਿਆ ਗੰਭੀਰ ਨੋਟਿਸ -ਕਿਹਾ, ਐਲ ਐਂਡ ਟੀ, ਨਗਰ ਨਿਗਮ ਤੇ ਲੋਕ ਨਿਰਮਾਣ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਪਟਿਆਲਾ, 1 ਅਕਤੂਬਰ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਅਤੇ ਨਹਿਰੀ ਪਾਣੀ ਪ੍ਰਾਜੈਕਟ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਖੇਤਰਾਂ ਵਿੱਚ ਪਾਈਪ ਲਾਈਨ ਪੈਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਉਥੇ ਤੁਰੰਤ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਦੇ ਕੰਮ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਡਾ. ਰਜ਼ਤ ਓਬਰਾਏ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਤੇ ਦੀਪਜੋਤ ਕੌਰ ਵੀ ਮੌਜੂਦ ਸਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਬਰਸਾਤਾਂ ਕਾਰਨ ਸੜਕਾਂ ਦੀ ਮੁਰੰਮਤ ਦੇ ਕੰਮ 'ਚ ਦੇਰੀ ਹੋਈ ਹੈ ਅਤੇ ਹੁਣ ਮੌਸਮ ਠੀਕ ਹੋ ਗਿਆ ਹੈ ਤੇ ਤੁਰੰਤ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਆ ਰਹੀ ਟਰੈਫ਼ਿਕ ਦੀ ਸਮੱਸਿਆ ਦੇ ਹੱਲ ਲਈ ਐਲ ਐਂਡ ਟੀ, ਨਗਰ ਨਿਗਮ ਤੇ ਲੋਕ ਨਿਰਮਾਣ ਵਿਭਾਗ ਆਪਣੇ ਅਧੀਨ ਆਉਂਦੀਆਂ ਸੜਕਾਂ ਦਾ ਕੰਮ ਤੁਰੰਤ ਸ਼ੁਰੂ ਕਰਨ ਤੇ ਦਸੰਬਰ ਤੱਕ ਸੜਕਾਂ ਦਾ ਕੰਮ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਅਗਲੇ ਹਫ਼ਤੇ ਤੋਂ ਐਲ ਐਂਡ ਟੀ ਵੱਲੋਂ ਸ਼ੇਰਾਂ ਵਾਲਾ ਗੇਟ ਵਾਲੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਪੁਰਾਣੇ ਬੱਸ ਸਟੈਂਡ ਤੋਂ ਲੈਕੇ ਪੀ ਆਰ ਟੀ ਸੀ ਵਰਕਸ਼ਾਪ ਤੱਕ, ਠੀਕਰੀਵਾਲਾ ਚੌਕ ਤੋਂ ਨਿਊ ਲਾਲ ਬਾਗ ਤੱਕ, 21 ਨੰਬਰ ਫਾਟਕ ਤੋਂ ਲਹਿਲ ਚੌਂਕ ਤੱਕ ਵਾਲੀਆਂ ਸੜਕਾਂ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨੂੰ ਵੀ ਅਬਲੋਵਾਲ ਤੋਂ ਥਾਪਰ ਤੱਕ ਆਉਂਦੀ ਸੜਕ ਦੀ ਮੁਰੰਮਤ ਦਾ ਕੰਮ ਇੱਕ ਹਫ਼ਤੇ ਦੇ ਅੰਦਰ ਅੰਦਰ ਸ਼ੁਰੂ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰਲੀਆਂ ਸੜਕਾਂ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਾਟਰ ਟਰੀਟਮੈਂਟ ਪਲਾਂਟ ਦਾ 90 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਪਾਈਪ ਲਾਈਨ ਪਾਉਣ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਅਜੀਤਪਾਲ ਸਿੰਘ ਕੋਹਲੀ ਨੇ ਕਿ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਲਈ ਲੋਕ ਨਿਰਮਾਣ ਵਿਭਾਗ, ਨਗਰ ਨਿਗਮ ਤੇ ਐਲ ਐਂਡ ਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਨ। ਉਨ੍ਹਾਂ ਐਲ ਐਂਡ ਟੀ ਵੱਲੋਂ ਪਾਈਪਾਂ ਪਾਉਣ 'ਚ ਕੀਤੀ ਗਈ ਦੇਰੀ ਦਾ ਗੰਭੀਰ ਨੋਟਿਸ ਲੈਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਹੋਈ ਪ੍ਰੇਸ਼ਾਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਪਟਿਆਲਾ ਸ਼ਹਿਰ ਦੇ ਨਹਿਰੀ ਪਾਣੀ 'ਤੇ ਅਧਾਰਤ ਜਲ ਸਪਲਾਈ ਯੋਜਨਾ ਨੂੰ ਸਮੇਂ ਸਿਰ ਪੂਰਾ ਕਰਨ ਲਈ ਵਚਨਬੱਧ ਹੈ, ਇਸ ਲਈ ਜ਼ਮੀਨਦੋਜ਼ ਸਰਵਿਸ ਜਲ ਭੰਡਾਰਨ ਸਮੇਤ ਪਾਣੀ ਦੀਆਂ ਟੈਂਕੀਆਂ ਦੀ ਉਸਾਰੀ ਸਮੇਤ ਪਾਣੀ ਦੀ ਪੂਰਤੀ ਲਈ ਨਵੀਆਂ ਲਾਇਨਾਂ ਵਿਛਾਏ ਜਾਣ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ । ਮੀਟਿੰਗ 'ਚ ਨਗਰ ਨਿਗਮ ਦੇ ਐਸ.ਈ ਹਰਕਿਰਨ ਸਿੰਘ, ਗੁਰਪ੍ਰੀਤ ਸਿੰਘ ਵਾਲੀਆ, ਜਲ ਸਪਲਾਈ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਪਿਊਸ਼ ਅਗਰਵਾਲ, ਐਲ ਐਂਡ ਟੀ ਤੋਂ ਸੰਜੀਵ ਸਿੰਘ ਵੀ ਮੌਜੂਦ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.