
ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਕੀਤੇ ਹੱਲ
- by Jasbeer Singh
- September 13, 2024

ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਕੀਤੇ ਹੱਲ -ਨਿਆਲ ਵਿਖੇ ਲੱਗੇ ਜਨ ਸੁਵਿਧਾ ਕੈਂਪ ਦਾ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਨੇ ਉਠਾਇਆ ਲਾਭ -ਲੋਕ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਜਨ ਸੁਵਿਧਾ ਕੈਂਪਾਂ ਦਾ ਲਾਭ ਜ਼ਰੂਰ ਲੈਣ : ਵਿਧਾਇਕ ਕੁਲਵੰਤ ਸਿੰਘ ਪਾਤੜਾਂ, 13 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਉਪਲਬੱਧ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕਰਵਾਈ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਅੱਜ ਤਹਿਸੀਲ ਪਾਤੜਾਂ ਦੇ ਨਿਆਲ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਹੀ ਹੱਲ ਕੀਤੇ । ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜਨ ਸੁਵਿਧਾ ਕੈਂਪ ਲਗਾਉਣ ਦਾ ਅਹਿਮ ਉਪਰਾਲਾ ਕੀਤਾ ਹੈ, ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਖ਼ਤਮ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਹਰੇਕ ਹਫ਼ਤੇ ਲਗਾਏ ਜਾ ਰਹੇ ਹਨ, ਜਿਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਇੱਕੋਂ ਛੱਤ ਥੱਲੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹਨ ਤੇ ਮੌਕੇ 'ਤੇ ਹੱਲ ਹੋਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਂਦਾ ਹੈ ਤੇ ਰਹਿੰਦੇ ਮਸਲਿਆਂ ਨੂੰ ਸਮਾਂਬੱਧ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਜਨ ਸੁਵਿਧਾ ਕੈਂਪ ਲਗਾਏ ਜਾਂਦੇ ਹਨ ਉਥੇ ਸਬੰਧਤ ਇਲਾਕਿਆਂ ਦੇ ਲੋਕ ਇਨ੍ਹਾਂ ਕੈਂਪਾਂ ਦਾ ਲਾਭ ਜਰੂਰ ਉਠਾਉਣ ਅਤੇ ਆਪਣੇ ਦਸਤਾਵੇਜ ਪਹਿਲਾ ਹੀ ਤਿਆਰ ਰੱਖਣ। ਕੈਂਪ ਦੌਰਾਨ ਤਹਿਸੀਲਦਾਰ ਹਰਸਿਮਰਨ ਸਿੰਘ ਨੇ ਦੱਸਿਆ ਕਿ ਜਨ ਸੁਵਿਧਾ ਕੈਂਪ ਦੌਰਾਨ ਜ਼ਿਲ੍ਹੇ ਦੇ ਸਮੂਹ ਵਿਭਾਗ ਸ਼ਾਮਲ ਸਨ, ਜਿਨ੍ਹਾਂ 'ਚ ਖੁਰਾਕ ਤੇ ਸਿਵਲ ਸਪਲਾਈ, ਸੀ.ਡੀ.ਪੀ.ਓ ਦਫ਼ਤਰ, ਬੀ.ਡੀ.ਪੀ.ਓ ਦਫ਼ਤਰ, ਤਹਿਸੀਲ ਦਫ਼ਤਰ, ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ, ਜਿਨ੍ਹਾਂ ਨੇ ਲੋਕਾਂ ਦੇ ਮਸਲੇ ਨਿਬੇੜੇ ਅਤੇ ਮੌਕੇ 'ਤੇ ਹੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ।