post

Jasbeer Singh

(Chief Editor)

Patiala News

ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡੀ.ਸੀ. ਜਤਿੰਦਰ ਜੋਰਵਾਲ ਨੇ ਪਿੰਡ ਚੰਗਾਲ ਚ ਲੱਗੇ ਲੋਕ ਸੁਵਿਧਾ ਕੈਂਪ ਦੌਰਾਨ ਸੁਣੇ ਲੋਕਾ

post-img

ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡੀ.ਸੀ. ਜਤਿੰਦਰ ਜੋਰਵਾਲ ਨੇ ਪਿੰਡ ਚੰਗਾਲ ਚ ਲੱਗੇ ਲੋਕ ਸੁਵਿਧਾ ਕੈਂਪ ਦੌਰਾਨ ਸੁਣੇ ਲੋਕਾਂ ਦੇ ਮਸਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਮਸਲੇ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ਤੇ ਪਹੁੰਚ ਕੇ ਹੱਲ ਕਰਨ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਪਿੰਡ ਵਿੱਚ 3000 ਬੂਟੇ ਲਗਾਉਣ ਲਈ ਚਲਾਈ ਮੁਹਿੰਮ ਦੀ ਵੀ ਕਰਵਾਈ ਸ਼ੁਰੂਆਤ ਸੰਗਰੂਰ, 12 ਜੁਲਾਈ : ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅੱਜ ਸਥਾਨਕ ਪਿੰਡ ਚੰਗਾਲ ਚ ਲੱਗੇ ਲੋਕ ਸੁਵਿਧਾ ਕੈਂਪ ਦੌਰਾਨ ਲੋਕਾਂ ਦੇ ਮਸਲੇ ਅਤੇ ਸ਼ਿਕਾਇਤਾਂ ਸੁਣੀਆਂ ਅਤੇ ਇਨ੍ਹਾਂ ਵਿੱਚੋਂ ਕਈਆਂ ਦਾ ਮੌਕੇ ਉੱਪਰ ਹੀ ਨਿਪਟਾਰਾ ਵੀ ਕਰਵਾਇਆ। ਇਸਦੇ ਨਾਲ ਹੀ ਵਿਧਾਇਕ ਭਰਾਜ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪੰਜਾਬ ਸਰਕਾਰ ਦੀ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪਿੰਡ ਚੰਗਾਲ ਵਿੱਚ ਵੱਖ-ਵੱਖ ਥਾਵਾਂ ਉੱਪਰ 3,000 ਬੂਟੇ ਲਗਾਉਣ ਦੀ ਵੀ ਰਸਮੀ ਸ਼ੁਰੂਆਤ ਕਰਵਾਈ । ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਇਸੇ ਵਚਨਬੱਧਤਾ ਤਹਿਤ ਸਰਕਾਰ ਦੇ ਵੱਖ-ਵੱਖ ਮਹਿਕਮੇ ਲੋਕਾਂ ਦੇ ਘਰਾਂ ਦੀਆਂ ਬਰੂਹਾਂ ਉੱਪਰ ਪਹੁੰਚ ਕੇ ਉਨ੍ਹਾਂ ਦੇ ਮਸਲੇ ਹੱਲ ਕਰ ਰਹੇ ਹਨ। ਵਿਧਾਇਕ ਨੇ ਕਿਹਾ ਕਿ ਇਸੇ ਤਹਿਤ ਲੜੀਵਾਰ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਮਾਲ ਵਿਭਾਗ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸਹਿਕਾਰਤਾ ਵਿਭਾਗ, ਸਿੰਚਾਈ ਵਿਭਾਗ ਅਤੇ ਹੋਰਨਾਂ ਅਹਿਮ ਵਿਭਾਗਾਂ ਦੇ ਨਾਲ-ਨਾਲ ਸੇਵਾ ਕੇਂਦਰਾਂ ਦੇ ਕਰਮਚਾਰੀ ਵੀ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਦੇ ਕੰਮ ਕਰਕੇ ਦੇ ਰਹੇ ਹਨ । ਵਿਧਾਇਕ ਨੇ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਾਂਹਵਧੂ ਸੋਚ ਦਾ ਹੀ ਨਤੀਜਾ ਹੈ ਕਿ ਹੁਣ ਲੋਕਾਂ ਨੂੰ ਆਪਣੇ ਪ੍ਰਸ਼ਾਸਨਿਕ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਗੇੜੇ ਨਹੀਂ ਲਾਉਣੇ ਪੈਂਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਰਿਸ਼ਵਤਖੋਰੀ ਨੂੰ ਵੀ ਨੱਥ ਪਾਈ ਗਈ ਹੈ ਅਤੇ ਇਸ ਨਾਲ ਲੋਕ ਖੱਜਲਖੁਆਰ ਹੋਣੋਂ ਬਚਦੇ ਹਨ ਅਤੇ ਅਧਿਕਾਰੀ ਅਤੇ ਕਰਮਚਾਰੀ ਲੋਕਾਂ ਵਿੱਚ ਪਹੁੰਚ ਕੇ ਉਨ੍ਹਾਂ ਦੇ ਕੰਮ ਕਰਦੇ ਹਨ । ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਸਰਕਾਰ ਵੱਲੋਂ ਪੀੜਤਾਂ ਦਾ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਇਸਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸਹੀ ਰਾਹ ਉੱਪਰ ਜ਼ਿੰਦਗੀ ਜਿਊਣ ਲਈ ਵੱਖ-ਵੱਖ ਤਰ੍ਹਾਂ ਦੀਆਂ ਕਾਰੀਗਰੀਆਂ ਦੀ ਵੀ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਦੀ ਤਸਕਰੀ ਦਾ ਲੱਕ ਤੋੜਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ ਪਰ ਇਸ ਅਲਾਮਤ ਦੇ ਮੁਕੰਮਲ ਖਾਤਮੇ ਲਈ ਲੋਕਾਂ ਦੇ ਸਹਿਯੋਗ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਿਆਂ ਬਾਰੇ ਕੋਈ ਜਾਣਕਾਰੀ ਸਾਂਝੀ ਕਰਨੀ ਚਾਹੁੰਦਾ ਹੈ ਤਾਂ ਸਬੰਧਤ ਵਿਅਕਤੀ ਦੀ ਪਛਾਣ ਗੁਪਤ ਰੱਖਣ ਦੇ ਨਾਲ-ਨਾਲ ਉਸਦੀ ਦਿੱਤੀ ਸੂਚਨਾ ਉੱਪਰ ਢੁੱਕਵੀਂ ਕਾਰਵਾਈ ਕਰਨੀ ਵੀ ਯਕੀਨੀ ਬਣਾਈ ਜਾਵੇਗੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ, ਅਤੇ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂੰ ਵੀ ਹਾਜ਼ਰ ਸਨ ।

Related Post