
ਵਿਧਾਇਕ ਨਰਿੰਦਰ ਕੌਰ ਭਰਾਜ ਤੇ ਡੀ. ਸੀ. ਸੰਦੀਪ ਰਿਸ਼ੀ ਵੱਲੋਂ ਵਿਧਾਨ ਸਭਾ ਹਲਕਾ ਸੰਗਰੂਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ
- by Jasbeer Singh
- November 29, 2024

ਵਿਧਾਇਕ ਨਰਿੰਦਰ ਕੌਰ ਭਰਾਜ ਤੇ ਡੀ. ਸੀ. ਸੰਦੀਪ ਰਿਸ਼ੀ ਵੱਲੋਂ ਵਿਧਾਨ ਸਭਾ ਹਲਕਾ ਸੰਗਰੂਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਮੀਟਿੰਗ ਸੰਗਰੂਰ ਹਲਕੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ: ਵਿਧਾਇਕ ਨਰਿੰਦਰ ਕੌਰ ਭਰਾਜ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਿੱਚ ਢਿੱਲ ਮੱਠ ਪ੍ਰਵਾਨ ਨਹੀਂ : ਵਿਧਾਇਕ ਨਰਿੰਦਰ ਕੌਰ ਭਰਾਜ ਸੰਗਰੂਰ, 29 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਕੀਤੇ ਜਾ ਰਹੇ ਪ੍ਰਸ਼ਾਸਨਿਕ ਉਪਰਾਲਿਆਂ ਦੀ ਸਮੀਖਿਆ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਮੀਟਿੰਗ ਕੀਤੀ ਗਈ । ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੀ ਉਨ੍ਹਾਂ ਨਾਲ ਹਾਜ਼ਰ ਸਨ । ਮੀਟਿੰਗ ਦੀ ਸ਼ੁਰੂਆਤ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅਧਿਕਾਰੀਆਂ ਪਾਸੋਂ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ । ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਲਕੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਵਿਭਾਗੀ ਪੱਧਰ ਉੱਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ ਅਤੇ ਅਣਗਿਹਲੀ ਵਰਤਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਜਿਨ੍ਹਾਂ ਵਿਕਾਸ ਕਾਰਜਾਂ ਦੀ ਪ੍ਰਵਾਨਗੀ ਅਤੇ ਲੋੜੀਂਦੇ ਫੰਡ ਪਾਸ ਕਰਨ ਦੀ ਕਾਰਵਾਈ ਸਰਕਾਰ ਵੱਲੋਂ ਮੁਕੰਮਲ ਕੀਤੀ ਜਾ ਚੁੱਕੀ ਹੈ, ਉਨ੍ਹਾਂ ਦੀ ਟੈਂਡਰ ਕਾਲ ਕਰਨ ਸਬੰਧੀ ਪ੍ਰਕਿਰਿਆ ਜਲਦ ਤੋਂ ਜਲਦ ਖ਼ਤਮ ਕਰਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇ । ਵਿਧਾਇਕ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਹੈ ਕਿ ਸੂਬੇ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਕੀਤਾ ਜਾਵੇ, ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤੀ ਨਾਲ ਨਿਰਦੇਸ਼ ਦਿੱਤੇ ਕਿ ਕਿਸੇ ਵੀ ਥਾਂ ‘ਤੇ ਕੂੜੇ ਦੇ ਢੇਰ ਨਹੀਂ ਲੱਗੇ ਹੋਣੇ ਚਾਹੀਦੇ, ਇਸ ਲਈ ਡੋਰ ਟੂ ਡੋਰ ਕੂੜਾ ਇੱਕਤਰ ਕਰਨ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ । ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੋਜ਼ਾਨਾ ਆਪਣੇ ਖੇਤਰ ਅਧੀਨ ਸਾਫ਼-ਸਫ਼ਾਈ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ । ਉਨ੍ਹਾਂ ਕਿਹਾ ਕਿ ਸੀਵਰੇਜ਼ ਦੀ ਸਾਫ਼-ਸਫ਼ਾਈ ਵੀ ਸਮੇਂ ਸਮੇਂ ‘ਤੇ ਲੋੜ ਅਨੁਸਾਰ ਕਰਵਾਈ ਜਾਵੇ ਤਾਂ ਜੋ ਸੀਵਰੇਜ ਦਾ ਗੰਦਾ ਪਾਣੀ ਓਵਰਫਲੋਅ ਹੋ ਕੇ ਸੜਕਾਂ ਅਤੇ ਗਲੀਆਂ ਵਿੱਚ ਨਾ ਆਵੇ। ਇਸ ਤੋਂ ਇਲਾਵਾ ਪੀਣ ਵਾਲਾ ਸਾਫ਼ ਪਾਣੀ ਵੀ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਇਆ ਜਾਵੇ। ਉਹਨਾਂ ਨੇ ਸਟਰੀਟ ਲਾਈਟਾਂ ਨੂੰ ਚਾਲੂ ਹਾਲਤ ਵਿੱਚ ਰੱਖਣ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ । ਵਿਧਾਇਕ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ, ਇਸ ਲਈ ਹੋਰ ਕਾਰਜਾਂ ਲਈ ਵੀ ਜੇਕਰ ਕਿਸੇ ਸ਼ਹਿਰੀ ਸਥਾਨਕ ਇਕਾਈਆਂ ਨੂੰ ਫੰਡਾਂ ਦੀ ਜ਼ਰੂਰਤ ਹੋਵੇ ਤਾਂ ਇਸਦੀ ਮੁਕੰਮਲ ਤਜਵੀਜ਼ ਤਿਆਰ ਕਰਕੇ ਸਬੰਧਤ ਵਿਭਾਗ ਦੇ ਮੁੱਖ ਦਫ਼ਤਰ ਨੂੰ ਭੇਜਣ ਦੇ ਨਾਲ-ਨਾਲ ਉਨ੍ਹਾਂ ਨੂੰ ਵੀ ਰਿਪੋਰਟ ਭੇਜੀ ਜਾਵੇ । ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਭਲਾਈ ਸਕੀਮਾਂ ਨੂੰ ਅਸਲ ਲੋੜਵੰਦਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ । ਇਸ ਮੌਕੇ ਏ. ਡੀ. ਸੀ. (ਜ) ਅਮਿਤ ਬੈਂਬੀ, ਏ. ਡੀ. ਸੀ. (ਵਿਕਾਸ) ਸੁਖਚੈਨ ਸਿੰਘ, ਐਸ. ਡੀ. ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਮੁੱਖ ਮੰਤਰੀ ਫੀਲਡ ਅਫ਼ਸਰ ਆਦਿੱਤਿਆ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.