
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਅਨਾਜ ਮੰਡੀ ਵਿੱਚ ਬਾਸਮਤੀ ਦੀ ਖਰੀਦ ਮੁੜ ਕਰਵਾਈ ਸ਼ੁਰੂ
- by Jasbeer Singh
- October 4, 2024

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਅਨਾਜ ਮੰਡੀ ਵਿੱਚ ਬਾਸਮਤੀ ਦੀ ਖਰੀਦ ਮੁੜ ਕਰਵਾਈ ਸ਼ੁਰੂ ਸੰਗਰੂਰ, 4 ਅਕਤੂਬਰ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਅਣਥੱਕ ਯਤਨਾਂ ਸਦਕਾ ਅੱਜ ਸਥਾਨਕ ਅਨਾਜ ਮੰਡੀ ਵਿੱਚ ਬਾਸਮਤੀ ਝੋਨੇ ਦੀ ਖਰੀਦ ਮੁੜ ਤੋਂ ਸ਼ੁਰੂ ਹੋ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਆੜ੍ਹਤੀਆਂ ਅਤੇ ਮਜ਼ਦੂਰਾਂ ਵਿੱਚ ਬਾਸਮਤੀ ਝੋਨੇ ਦੀ ਖਰੀਦ ਨੂੰ ਲੈ ਕੇ ਹੋਏ ਮਸਲੇ ਨੂੰ ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਸੁਲਝਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀਆਂ ਮੁਸ਼ਕਲਾਂ ਤੇ ਮਸਲੇ ਪੂਰੇ ਪਾਰਦਰਸ਼ੀ ਢੰਗ ਨਾਲ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੇ ਸੂਬਾ ਪੱਧਰ ਦੇ ਮਸਲੇ ਵੀ ਮੁੱਖ ਮੰਤਰੀ ਵੱਲੋਂ ਜਲਦ ਹੱਲ ਕਰਵਾਏ ਜਾਣਗੇ ਅਤੇ ਕੇਂਦਰ ਦੇ ਪੱਧਰ ਦੇ ਮਸਲੇ ਹੱਲ ਕਰਵਾਉਣ ਲਈ ਵੀ ਲੋੜੀਂਦੇ ਯਤਨ ਜਾਰੀ ਹਨ । ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਵੀਰਾਂ ਸਮੇਤ ਸਾਰੀਆਂ ਸਬੰਧਤ ਧਿਰਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਅਤੇ ਚੁਕਾਈ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ, ਬਿਜਲੀ, ਪੀਣ ਲਈ ਸਾਫ਼ ਪਾਣੀ, ਸਾਫ਼ ਸਫ਼ਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਲਈ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਫ਼ਸਲ ਦਾ ਸਹੀ ਮੁੱਲ ਲੈਣ ਲਈ ਉਹ ਸੁਕਾ ਕੇ ਹੀ ਇਸਦੀ ਵਾਢੀ ਕਰਨ ਅਤੇ ਖੇਤਾਂ ਵਿੱਚ ਬਚਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹਰ ਹੀਲੇ ਪ੍ਰਹੇਜ਼ ਕਰਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਰਾਲੀ ਦੇ ਯੋਗ ਨਿਬੇੜੇ ਲਈ ਮਸ਼ੀਨਰੀ ‘ਤੇ ਸਬਸਿਡੀ ਮੁਹੱਈਆ ਕਰਵਾਈ ਗਈ ਹੈ ਜਿਸਦਾ ਫਾਇਦਾ ਚੁੱਕ ਕੇ ਕਿਸਾਨ ਕੁਦਰਤੀ ਢੰਗ ਨਾਲ ਹੀ ਅਗਲੀ ਫਸਲ ਲਈ ਖੇਤ ਤਿਆਰ ਕਰ ਸਕਦੇ ਹਨ । ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਸ਼ਿਸ਼ਨ ਕੁਮਾਰ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਸੁੱਖਾ ਮਾਨ, ਪਰਦੀਪ ਸਿੰਗਲਾ ਅਤੇ ਪ੍ਰਾਈਵੇਟ ਵਪਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ, ਪੱਲੇਦਾਰ ਆਦਿ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.