
ਕਿਸੇ ਵੀ ਹੰਗਾਮੀ ਹਾਲਤ ਨਾਲ ਨਜਿੱਠਣ ਲਈ ਸਰਕਾਰੀ ਰਣਬੀਰ ਕਾਲਜ ਵਿਖੇ ਮੌਕ ਡਰਿਲ 07 ਮਈ ਨੂੰ: ਟੀ.ਬੈਨਿਥ
- by Jasbeer Singh
- May 7, 2025

ਕਿਸੇ ਵੀ ਹੰਗਾਮੀ ਹਾਲਤ ਨਾਲ ਨਜਿੱਠਣ ਲਈ ਸਰਕਾਰੀ ਰਣਬੀਰ ਕਾਲਜ ਵਿਖੇ ਮੌਕ ਡਰਿਲ 07 ਮਈ ਨੂੰ: ਟੀ.ਬੈਨਿਥ *ਮੌਕ ਡਰਿਲ ਨੂੰ ਲੈ ਕੇ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀਂ ਹੈ - ਡਿਪਟੀ ਕਮਿਸ਼ਨਰ *ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਸੰਗਰੂਰ, 07 ਮਈ : ਕਿਸੇ ਵੀ ਕਿਸਮ ਦੀ ਹੰਗਾਮੀ ਹਾਲਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 7 ਮਈ ਨੂੰ ਸਰਕਾਰੀ ਰਣਬੀਰ ਕਾਲਜ ਵਿਖੇ ਮੌਕ ਡਰਿੱਲ ਕੀਤੀ ਜਾਵੇਗੀ, ਜਿਸ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ ਲੋਕਾਂ ਨੂੰ ਅੱਗ ਬੁਝਾਉਣ, ਮੈਡੀਕਲ ਐਮਰਜੈਂਸੀ, ਕੋਈ ਵੀ ਥਾਂ ਖ਼ਾਲੀ ਕਰਨ, ਬਿਨਾਂ ਬਿਜਲੀ ਰਹਿਣ ਅਤੇ ਇਕ ਦੂਜੇ ਦੀ ਮਦਦ ਲਈ ਟ੍ਰੇਨਿੰਗ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਟੀ.ਬੈਨਿਥ (ਵਾਧੂ ਚਾਰਜ) ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਮੌਕ ਡਰਿਲ ਸਬੰਧੀ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਦੌਰਾਨ ਅੱਗ ਬੁਝਾਉਣ ਵਾਲੀਆਂ ਗੱਡੀਆਂ ਅਤੇ ਅੱਗ ਬੁਝਾਉਣ ਲਈ ਵਰਤਿਆ ਜਾਂਦਾ ਹੋਰ ਸਾਜੋ-ਸਮਾਨ ਸਰਕਾਰੀ ਰਣਬੀਰ ਕਾਲਜ ਵਿਖੇ ਪੁੱਜਦਾ ਕੀਤਾ ਜਾਵੇ ਅਤੇ ਉਸ ਦੀ ਸੁਚੱਜੇ ਢੰਗ ਨਾਲ ਵਰਤੋਂ ਕੀਤੇ ਜਾਣ ਸਬੰਧੀ ਸਿਖਲਾਈ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੰਗਾਮੀ ਹਾਲਤ ਵਿੱਚ ਮੈਡੀਕਲ ਸਹਾਇਤਾ ਸਬੰਧੀ ਚੁੱਕ ਕੇ ਜਾਣ ਵਾਲੇ ਕਦਮਾਂ, ਦੀ ਪੂਰੀ ਜਾਣਕਾਰੀ ਵਿਦਿਆਰਥੀਆਂ ਨੂੰ ਮੌਕ ਡਰਿੱਲ ਦੌਰਾਨ ਦਿੱਤੀ ਜਾਵੇ। ਇਸ ਦੇ ਨਾਲ-ਨਾਲ ਇਹ ਵੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਜਾਵੇ ਕਿ ਜੇਕਰ ਕਿਸੇ ਹੰਗਾਮੀ ਹਾਲਤ ਵਿੱਚ ਸ਼ਹਿਰ ਨੂੰ ਖਾਲੀ ਕਰਨਾ ਪੈਂਦਾ ਹੈ ਤਾਂ ਕਿਸ ਢੰਗ ਨਾਲ ਸ਼ਹਿਰ ਨੂੰ ਖਾਲੀ ਕਰ ਕੇ ਸੁਰੱਖਿਤ ਥਾਂ ਉੱਤੇ ਪੁੱਜਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸ਼ਹਿਰ ਤੋਂ ਬਾਹਰੋਂ-ਬਾਹਰ ਐਮਰਜੈਂਸੀ ਮੈਡੀਕਲ ਸਹਾਇਤਾ ਕੇਂਦਰ ਬਣਾਉਣ ਸਬੰਧੀ ਪ੍ਰਸਤਾਵ ਤਿਆਰ ਕਰਨ ਲਈ ਵੀ ਹਦਾਇਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚਲੀਆਂ ਸਨਅਤੀ ਇਕਾਈਆਂ ਸਮੇਤ ਸਮੁੱਚੇ ਸ਼ਹਿਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕੇ ਜਾਣ ਅਤੇ ਕਿਸੇ ਵੀ ਹੰਗਾਮੀ ਹਾਲਤ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੀ ਸਥਾਪਿਤ ਕੀਤਾ ਜਾਵੇ। ਇਸ ਮੌਕ ਡਰਿੱਲ ਦੌਰਾਨ ਵਿਸ਼ੇਸ਼ ਤੌਰ 'ਤੇ ਇੱਕ ਸਾਇਰਨ ਵੀ ਵਜਾਇਆ ਜਾਵੇਗਾ। ਐੱਸ.ਡੀ.ਐਮ. ਸੰਗਰੂਰ ਇਸ ਡਰਿੱਲ ਦੇ ਨੋਡਲ ਅਫ਼ਸਰ ਲਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਤੈਅ ਨਿਯਮਾਂ ਮੁਤਾਬਕ ਕੀਤੀ ਜਾਣ ਵਾਲੀ ਮੌਕ ਡਰਿੱਲ ਹੀ ਹੈ। ਇਸ ਨੂੰ ਲੈ ਕੇ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀਂ ਹੈ। ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਦੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਬੈਂਬੀ, ਐੱਸ.ਪੀ. ਦਿਲਪ੍ਰੀਤ ਸਿੰਘ, ਐੱਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.