

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ 365 ਬੈਂਚਾਂ ਨੇ ਕੀਤੀ ਲੱਗਭਗ 3.54 ਲੱਖ ਕੇਸਾਂ ਦੀ ਸੁਣਵਾਈ ਚੰਡੀਗੜ੍ਹ, 14 ਦਸੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ । ਇਸ ਲੋਕ ਅਦਾਲਤ ਵਿੱਚ ਕੁੱਲ 365 ਬੈਂਚਾਂ ਵਿੱਚ ਲੱਗਭਗ 3.54 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ. ਆਈ. ਆਰਜ਼. ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ । ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਸ੍ਰੀ ਮਨਜਿੰਦਰ ਸਿੰਘ ਨੇ ਕੋਰਟ ਕੰਪਲੈਕਸ ਰੋਪੜ ਦਾ ਦੌਰਾ ਕਰਕੇ ਲੋਕ ਅਦਾਲਤਾਂ ਦੇ ਬੈਚਾਂ ਦਾ ਨਿਰੀਖਣ ਕੀਤਾ । ਮੈਂਬਰ ਸਕੱਤਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ । ਮੈਂਬਰ ਸਕੱਤਰ ਨੇ ਅੱਗੇ ਇਹ ਵੀ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਰਾਜ ਭਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਹੈਲਪਲਾਈਨ ਨੰਬਰ 15100 ਚਾਲੂ ਕੀਤਾ ਗਿਆ ਹੈ, ਜਿਸ ਨਾਲ ਹਰ ਲੋੜਵੰਦ ਵਿਅਕਤੀ ਘਰ ਬੈਠੇ ਹੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ । ਮੈਂਬਰ ਸਕੱਤਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਭਵਿੱਖ ਵਿੱਚ ਵੀ ਲੋਕ ਅਦਾਲਤਾਂ ਰਾਹੀਂ ਵੱਧ ਤੋਂ ਵੱਧ ਕੇਸ ਨਿਪਟਾਉਣ ਦੇ ਹਰ ਸੰਭਵ ਯਤਨ ਕੀਤੇ ਜਾਣਗੇ । ਲੋਕ ਅਦਾਲਤਾਂ ਲੋਕਾਂ ਦੇ ਫੈਸਲੇ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਵਿਚ ਆਪਣੇ ਕੇਸਾਂ ਦਾ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ।
Related Post
Popular News
Hot Categories
Subscribe To Our Newsletter
No spam, notifications only about new products, updates.