

24 ਮਈ ਨੂੰ ਹੋਵੇਗਾ ਕੌਮੀ ਲੋਕ ਅਦਾਲਤ ਦਾ ਆਯੋਜਨ ਸੰਗਰੂਰ, 22 ਮਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਜੀਆਂ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਮਾਨਯੋਗ ਚੇਅਰਮੈਨ ਸ੍ਰੀ ਮੁਨੀਸ਼ ਸਿੰਗਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਜੀਆਂ ਦੀ ਅਗਵਾਈ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ ਅਤੇ ਮਲੋਰਕੋਟਲਾ ਅਤੇ ਸਬ. ਤਹਿਸੀਲ ਕੋਰਟ ਕੰਪਲੈਕਸ ਧੂਰੀ, ਸੁਨਾਮ ਅਤੇ ਮੂਨਕ ਵਿਖੇ ਮਿਤੀ 24 ਮਈ, 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਕੱਤਰ ਮੈਡਮ ਦਲਜੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ. ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਮਾਨਯੋਗ ਅਦਾਲਤਾਂ ਵਿੱਚ ਪੈਂਡਿੰਗ ਕਰੀਮੀਨਲ ਕੰਪਾਊਂਡੇਬਲ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ. ਕੇਸ, ਮੈਟਰੀਮੋਨੀਅਲ, ਲੇਬਰ ਦੇ ਝਗੜੇ, ਲੈਂਡ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਪੇਅ ਅਲਾਊਂਸ, ਰੈਵਨਿਊ ਕੇਸ (ਜ਼ਿਲ੍ਹਾ ਅਤੇ ਹਾਈਕੋਰਟ ਕਚਹਿਰੀਆਂ ਵਿੱਚ ਪੈਂਡਿੰਗ) ਆਦਿ ਕੇਸ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪ੍ਰੀ ਲਿਟੀਗੇਸ਼ਨ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲ ਅਤੇ ਹੋਰ ਆਦਿ ਕੇਸ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਆਪਣੇ ਉਕਤ ਵਿਸ਼ਿਆਂ ਨਾਲ ਸਬੰਧਤ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਚਾਹੁੰਦੇ ਹਨ ਉਹ ਸਬੰਧਤ ਮਾਨਯੋਗ ਅਦਾਲਤ ਵਿੱਚ ਜਿੱਥੇ ਉਨ੍ਹਾਂ ਦਾ ਕੇਸ ਚਲਦਾ ਹੈ, ਆਪਣੀ ਅਰਜ਼ੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਸਬੰਧਤ ਕਾਨੂੰਨੀ ਸੇਵਾਵਾਂ ਅਥਾਰਟੀ/ਕਮੇਟੀ ਦੇ ਦਫ਼ਤਰ ਵਿੱਚ ਆਪਣੀ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਲੋਕ ਇਸ ਕੌਮੀ ਲੋਕ ਅਦਾਲਤ ਵਿੱਚ ਆਪਣੇ ਸਬੰਧਤ ਕੇਸ ਲਗਾ ਕੇ ਨਿਪਟਾਰਾ ਕਰਵਾਉਣ। ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਫਾਇਦੇ ਬਾਰੇ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਫ਼ੈਸਲਾ ਅੰਤਿਮ ਫ਼ੈਸਲਾ ਹੁੰਦਾ ਹੈ ਇਸ ਦੇ ਫ਼ੈਸਲੇ ਦੀ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ ਅਤੇ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ। ਲੋਕ ਅਦਾਲਤ ਵਿੱਚ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਇਸ ਦੇ ਨਾਲ ਹੀ ਜੱਜ ਸਾਹਿਬ ਨੇ ਦੱਸਿਆ ਕਿ ਕਾਨੂੰਨੀ ਸਹਾਇਤਾ ਲੈਣ ਲਈ ਅਤੇ ਲੋਕ ਅਦਾਲਤਾਂ ਬਾਰੇ ਵਧੇਰੇ ਜਾਣਕਾਰੀ ਹਿੱਤ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਮਝੋਤਾ ਸਦਨ, ਸੰਗਰੂਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.