
ਸੰਗਰੂਰ ਪ੍ਰਸ਼ਾਸਨ ਵੱਲੋਂ ਸਰਕਾਰੀ ਰਣਬੀਰ ਕਾਲਜ ’ਚ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
- by Jasbeer Singh
- January 25, 2025

ਸੰਗਰੂਰ ਪ੍ਰਸ਼ਾਸਨ ਵੱਲੋਂ ਸਰਕਾਰੀ ਰਣਬੀਰ ਕਾਲਜ ’ਚ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ ਵੋਟ ਪਾਉਣ ਦਾ ਅਧਿਕਾਰ ਨਾਗਰਿਕਾਂ ਨੂੰ ਬਗੈਰ ਕਿਸੇ ਸ਼ਰਤ ਤੋਂ ਉਪਬਲਧ, ਇਸਦੀ ਸਹੀ ਵਰਤੋਂ ਕਰਨਾ ਸਾਡਾ ਸਭ ਦਾ ਮੁੱਢਲਾ ਫਰਜ਼: ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਰਿਸ਼ੀ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ 18 ਸਾਲ ਉਮਰ ਦੇ ਪਹਿਲੀ ਵਾਰ ਬਣੇ ਵੋਟਰਾਂ ਨੂੰ ਵੰਡੇ ਗਏ ਵੋਟ ਸ਼ਨਾਖਤੀ ਕਾਰਡ ਸੰਗਰੂਰ, 25 ਜਨਵਰੀ : ਚੋਣਾਂ ਵਿੱਚ ਆਮ ਲੋਕਾਂ ਦੀ ਭਾਈਵਾਲੀ ਨੂੰ ਵਧਾਉਣ ਲਈ ਭਾਰਤੀ ਚੋਣ ਕਮਿਸ਼ਨ ਦੇ ਸਥਾਪਨਾ ਦਿਵਸ ਯਾਨੀ ਕਿ 25 ਜਨਵਰੀ ਨੂੰ ਹਰ ਸਾਲ ਰਾਸ਼ਟਰੀ ਵੋਟਰ ਦਿਵਸ ਵਜੋਂ ਮਨਾਉਣ ਦੇ ਉਪਰਾਲੇ ਨੂੰ ਜਾਰੀ ਰੱਖਦਿਆਂ ਅੱਜ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰੀ ਰਣਬੀਰ ਕਾਲਜ ਦੇ ਆਡੀਟੋਰੀਅਮ ’ਚ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ । ਇਸ ਸਮਾਗਮ ’ਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਸੰਦੀਪ ਰਿਸ਼ੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਇਸ ਮੌਕੇ ਜਿੱਥੇ ਪਹਿਲੀ ਵਾਰ ਵੋਟ ਬਣਾਉਣ ਵਾਲੇ 18 ਸਾਲ ਉਮਰ ਵਰਗ ਦੇ ਨੌਜਵਾਨਾਂ ਨੂੰ ਜ਼ਿਲ੍ਹਾ ਚੋਣ ਅਫਸਰ ਸੰਦੀਪ ਰਿਸ਼ੀ ਵੱਲੋਂ ਵੋਟਰ ਸ਼ਨਾਖਤੀ ਕਾਰਡ ਤਕਸੀਮ ਕੀਤੇ ਗਏ ਅਤੇ ਉਥੇ ਹੀ ਵੋਟਰ ਦਿਵਸ ਅਤੇ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਵਿਸ਼ੇ ‘ਤੇ ਵਿਦਿਆਰਥੀਆਂ ਨੂੰ ਜਾਗਰੂਕ ਵੀ ਕੀਤਾ ਗਿਆ । ਇਸ ਮੌਕੇ ਬੋਲਦਿਆਂ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਭਾਰਤੀ ਸੰਵਿਧਾਨ ਨੇ ਦੇਸ਼ ਦੇ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ ਅਤੇ ਕਿਸੇ ਵੀ ਨਾਗਰਿਕ ਨਾਲ ਰੰਗ, ਭੇਦ, ਨਸਲ ਜਾਂ ਜਾਤ ਆਧਾਰਤ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ । ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰਾਂ ਵਿਚੋਂ ਸੱਭ ਤੋਂ ਵੱਡਾ ਅਧਿਕਾਰ ਹੈ ਵੋਟ ਪਾਉਣ ਦਾ ਅਧਿਕਾਰ ਜੋ ਕਿ ਨਾਗਰਿਕਾਂ ਨੂੰ ਬਗੈਰ ਕਿਸੇ ਸ਼ਰਤ ਤੋਂ ਮਿਲਦਾ ਹੈ ਅਤੇ ਇਸ ਦੀ ਸਹੀ ਢੰਗ ਨਾਲ ਵਰਤੋਂ ਕਰਨਾ ਸਾਡਾ ਸਭ ਦਾ ਮੁੱਢਲਾ ਫਰਜ਼ ਹੈ । ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵੋਟ ਦਾ ਬਹੁਤ ਮਹੱਤਵ ਹੈ ਅਤੇ ਇਹ ਸਾਡਾ ਸੰਵਿਧਾਨਕ ਫ਼ਰਜ ਬਣਦਾ ਹੈ ਕਿ ਅਸੀਂ ਆਪਣਾ ਨਾਮ ਆਪਣੇ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ਵਿੱਚ ਜ਼ਰੂਰ ਦਰਜ ਕਰਵਾਈਏ । ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟ ਬਣਾਉਣ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਮੇਂ-ਸਮੇਂ ’ਤੇ ਦੇਸ਼ ਭਰ ਵਿੱਚ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਂਦੇ ਹਨ। ਕਮਿਸ਼ਨ ਨੇ ਆਮ ਲੋਕਾਂ ਦੀ ਸਹੂਲਤ ਲਈ ਵੋਟਰਜ਼ ਸਰਵਿਸ ਪੋਰਟਲ ਉਪਲਬਧ ਹੈ ਜਿਸ ਉਪਰ ਕੋਈ ਵੀ ਵਿਅਕਤੀ ਆਪਣੀ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਸ਼ਨਾਖਤੀ ਕਾਰਡ ਵਿੱਚ ਕਿਸੇ ਤਰਾਂ ਦੀ ਦਰੁਸਤੀ ਲਈ ਫਾਰਮ ਨੰਬਰ 8 ਭਰ ਸਕਦਾ ਹੈ । ਇਸ ਤੋਂ ਇਲਾਵਾ ਆਪਣੀ ਵੋਟ, ਵਿਧਾਨ ਸਭਾ ਹਲਕੇ ਸਬੰਧੀ ਜਾਣਕਾਰੀ, ਏਰੀਏ ਦੀ ਬੀ. ਐਲ. ਓ. ਆਦਿ ਸਬੰਧੀ ਜਾਣਕਾਰੀ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਚੋਣ ਕਾਨੂੰਨਗੋ ਸੰਦੀਪ ਸਿੰਘ ਤੇ ਚਮਕੌਰ ਸਿੰਘ, ਕਾਲਜ ਦਾ ਸਟਾਫ਼, ਵਿਦਿਆਰਥੀ ਅਤੇ ਵੱਡੀ ਗਿਣਤੀ ’ਚ ਨੌਜਵਾਨ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.