
ਜ਼ਿਲ੍ਹਾ ਸੰਗਰੂਰ ਵਿੱਚ ਨੀਟ ਦੀ ਪ੍ਰੀਖਿਆ 4 ਮਈ ਨੂੰ, ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
- by Jasbeer Singh
- April 29, 2025

ਜ਼ਿਲ੍ਹਾ ਸੰਗਰੂਰ ਵਿੱਚ ਨੀਟ ਦੀ ਪ੍ਰੀਖਿਆ 4 ਮਈ ਨੂੰ, ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ - ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ - ਨੋਡਲ ਅਧਿਕਾਰੀ ਲਗਾਏ ਅਤੇ ਹੈਲਪ ਲਾਈਨ ਦਾ ਵੇਰਵਾ ਜਾਰੀ - ਉਮੀਦਵਾਰ ਪ੍ਰੀਖਿਆ ਲਈ ਦੁਪਹਿਰ 1:30 ਵਜੇ ਤੋਂ ਪਹਿਲਾਂ ਪਹਿਲਾਂ ਪ੍ਰੀਖਿਆ ਕੇਂਦਰਾਂ ਅੰਦਰ ਪਹੁੰਚਣ - ਡਿਪਟੀ ਕਮਿਸ਼ਨਰ ਸੰਗਰੂਰ, 29 ਅਪ੍ਰੈਲ : ਜ਼ਿਲ੍ਹਾ ਸੰਗਰੂਰ ਵਿੱਚ 4 ਮਈ, 2025 ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਸ੍ਰ ਲਵਪ੍ਰੀਤ ਸਿੰਘ ਔਲਖ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ । ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦਿਆਂ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ । ਉਹਨਾਂ ਦੱਸਿਆ ਕਿ ਇਹਨਾਂ ਪ੍ਰਬੰਧਾਂ ਵਿੱਚ ਸੈਂਟਰਾਂ ਵਿਖੇ ਤਜਰਬੇਕਾਰ ਸਟਾਫ, ਟ੍ਰੈਫਿਕ ਪਲਾਨ ਆਦਿ ਵਿੱਚ ਤਰੁੱਟੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰੀਖਿਆ ਮਦਨ ਸਿੰਘ ਕਪੂਰ ਪੀ ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੰਗਰੂਰ, ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ, ਪੀ ਐੱਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ, ਸੁਤੰਤਰਤਾ ਸੰਗਰਾਮੀ ਜੱਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨਾਂਸ ਸੰਗਰੂਰ, ਮਾਤਾ ਰਾਜ ਕੌਰ ਪੀ ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਅਤੇ ਕੇਂਦਰੀ ਵਿਦਿਆਲਿਆ ਉਭਾਵਾਲ ਵਿਖੇ ਹੋਵੇਗੀ ਅਤੇ ਇਸ ਪ੍ਰੀਖਿਆ ਵਿੱਚ 1635 ਉਮੀਦਵਾਰ ਬੈਠਣਗੇ । ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨੀਟ ਦੀ ਪ੍ਰੀਖਿਆ ਸੁਚਾਰੂ ਤਰੀਕੇ ਨਾਲ ਮੁਕੰਮਲ ਕਰਨ ਲਈ ਅਤੇ ਪ੍ਰੀਖਿਆ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਸ਼੍ਰੀ ਨਿਤਿਨ ਦੇਵ ਨੂੰ ਨੋਡਲ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੈਲਪਲਾਈਨ ਨੰਬਰ 9419265833 ਅਤੇ 8360277500 ਵੀ ਜਾਰੀ ਕੀਤੇ ਗਏ ਹਨ । ਉਹਨਾਂ ਕਿਹਾ ਕਿ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁਖਾਵੇਂ ਮਾਹੌਲ ਵਿੱਚ ਹੋਵੇ, ਇਸ ਲਈ ਸਮੂਹ ਅਧਿਕਾਰੀ ਆਪੋ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ । ਡਿਪਟੀ ਕਮਿਸ਼ਨਰ ਨੇ ਇਸ ਪ੍ਰੀਖਿਆ ਵਿੱਚ ਬੈਠਣ ਵਾਲੇ ਸਮੂਹ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੀਖਿਆ ਲਈ ਦੁਪਹਿਰ 1:30 ਵਜੇ ਤੋਂ ਪਹਿਲਾਂ ਪਹਿਲਾਂ ਪ੍ਰੀਖਿਆ ਕੇਂਦਰਾਂ ਅੰਦਰ ਪਹੁੰਚਣ ਤਾਂ ਜੋ ਉਹਨਾਂ ਨੂੰ ਆਖਰੀ ਸਮੇਂ ਕਿਸੇ ਵੀ ਪ੍ਰੇਸ਼ਾਨੀ ਜਾਂ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰੀਖਿਆ ਦਾ ਸਮਾਂ ਦੁਪਹਿਰ 2 ਵਜੇ ਤੋਂ 5 ਵਜੇ ਤੱਕ ਹੋਵੇਗਾ। ਪ੍ਰੀਖਿਆ ਕੇਂਦਰਾਂ ਵਿੱਚ ਐਂਟਰੀ ਦਾਖ਼ਲਾ ਕਾਰਡ ਨਾਲ ਹੀ ਹੋਵੇਗੀ। ਉਮੀਦਵਾਰ ਕੋਲ ਸ਼ਨਾਖ਼ਤ ਦਸਤਵੇਜ਼ ਵਜੋਂ ਅਧਾਰ ਕਾਰਡ ਹੋਣਾ ਵੀ ਲਾਜ਼ਮੀ ਹੈ। ਉਹਨਾਂ ਉਮੀਦਵਾਰਾਂ ਨੂੰ ਇਹ ਸਲਾਹ ਦਿੱਤੀ ਕਿ ਉਹ ਦਾਖ਼ਲਾ ਕਾਰਡ ਉੱਤੇ ਦਿੱਤੀਆਂ ਸ਼ਰਤਾਂ ਅਤੇ ਅਗਵਾਹੀ ਲੀਹਾਂ ਨੂੰ ਪੜ੍ਹ ਕੇ ਆਉਣ ਤਾਂ ਜੋ ਪ੍ਰੀਖਿਆ ਮੌਕੇ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ।
Related Post
Popular News
Hot Categories
Subscribe To Our Newsletter
No spam, notifications only about new products, updates.