
ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਡਾ. ਬਲਬੀਰ ਸਿੰਘ
- by Jasbeer Singh
- May 8, 2025

ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਡਾ. ਬਲਬੀਰ ਸਿੰਘ -ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ-ਪਟਿਆਲਾ ਰੋਡ 'ਤੇ ਹੋਏ ਦਰਦਨਾਕ ਸੜਕ ਹਾਦਸੇ ਦੇ ਪੀੜਤ ਬੱਚਿਆਂ ਦਾ ਹਾਲ ਚਾਲ ਜਾਣਿਆ ਪਟਿਆਲਾ, 8 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਮਾਣਾ-ਪਟਿਆਲਾ ਰੋਡ 'ਤੇ ਪਿੰਡ ਨੱਸੂਪੁਰ ਨੇੜੇ ਵਾਪਰੇ ਭਿਆਨਕ ਹਾਦਸੇ ਦੇ ਪੀੜਤ ਬੱਚਿਆਂ ਦਾ ਸਰਕਾਰੀ ਰਾਜਿੰਦਰਾ ਹਸਪਤਾਲ ਸਮੇਤ ਨਿਜੀ ਹਸਪਤਾਲ ਵਿੱਚ ਜਾ ਕੇ ਹਾਲ-ਚਾਲ ਜਾਣਿਆ। ਉਨ੍ਹਾਂ ਦੇ ਨਾਲ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ। ਇਸ ਮੌਕੇ ਸਿਹਤ ਮੰਤਰੀ ਨੇ ਮੈਡੀਕਲ ਸੁਪਰਡੈਂਟ ਤੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਫੱਟੜ ਬੱਚਿਆਂ ਦਾ ਇਲਾਜ ਮੁਫ਼ਤ ਕੀਤਾ ਜਾਵੇ ਤੇ ਇਲਾਜ ਪ੍ਰਬੰਧਾਂ ਵਿੱਚ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਲਾਜ ਅਧੀਨ ਬੱਚਿਆਂ ਦੇ ਵਾਰਸਾਂ ਦੀ ਦੇਖਭਾਲ ਕਰਨ ਲਈ ਵੀ ਯੋਗ ਪ੍ਰਬੰਧ ਕੀਤੇ ਜਾਣ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਦਰਦਨਾਕ ਹਾਦਸੇ ਵਿੱਚ ਆਪਣੀਆਂ ਜਾਨਾਂ ਅਜਾਂਈ ਗਵਾਉਣ ਵਾਲੇ 5 ਅਣਭੋਲ ਬੱਚਿਆਂ ਤੇ ਇਨੋਵਾ ਚਾਲਕ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਆਪਣੀ ਹਮਦਰਦੀ ਦਾ ਇਜ਼ਹਾਰ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਮੁੱਚੀ ਪੰਜਾਬ ਸਰਕਾਰ ਸਮੇਤ ਉਹ ਖ਼ੁਦ ਪੀੜਤਾਂ ਦੇ ਦੁੱਖ ਵਿੱਚ ਸ਼ਰੀਕ ਹੁੰਦੇ ਹੋਏ ਪਰਮਾਤਮਾ ਕੋਲ ਅਰਦਾਸ ਕਰਦੇ ਹਨ, ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਤੇ ਪੀੜਤ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸਣ। ਸਿਹਤ ਮੰਤਰੀ ਨੇ ਇਸ ਮੌਕੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਇੱਕ ਅਸਹਿ ਘਟਨਾ ਹੈ ਤੇ ਅਜਿਹੇ ਹਾਦਸਿਆਂ ਨੂੰ ਕਤਲ ਹੀ ਸਮਝਿਆ ਜਾਵੇਗਾ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਅਜਿਹੇ ਹਾਦਸਿਆਂ ਦਾ ਕਾਰਨ ਬਣਦੀ ਕਿਸੇ ਵੀ ਅਧਿਕਾਰੀ ਦੀ ਅਣਗਹਿਲੀ ਨੂੰ ਵੀ ਗੰਭੀਰਤਾ ਨਾਲ ਲੈ ਰਹੀ ਹੈ ਤੇ ਜਿੰਮੇਵਾਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁਢਲੀ ਜਾਂਚ ਤੇ ਪ੍ਰਤੱਖ ਦਰਸੀਆਂ ਮੁਤਾਬਕ ਹਾਦਸੇ ਲਈ ਟਿੱਪਰ ਚਾਲਕ ਦੀ ਗਲਤੀ ਹੈ। ਉਨ੍ਹਾਂ ਕਿਹਾ ਕਿ ਬਹੁਤ ਛੋਟੇ-ਛੋਟੇ ਬੱਚਿਆਂ ਦੀਆਂ ਜਾਨਾਂ ਇਸ ਤਰ੍ਹਾਂ ਅਜਾਂਈ ਚਲੇ ਜਾਣੀਆਂ ਪਰਿਵਾਰਾਂ ਲਈ ਦੁੱਖਾਂ ਦਾ ਪਹਾੜ ਟੁੱਟਣ ਦੇ ਸਮਾਨ ਹੈ। ਉਨ੍ਹਾਂ ਕਿਹਾ ਕਿ ਫੱਟੜ ਬੱਚਿਆਂ ਦੇ ਸਿਰ ਵਿੱਚ ਸੱਟਾਂ ਹਨ, ਜਿਨ੍ਹਾਂ ਦੇ ਇਲਾਜ ਲਈ ਰਾਜਿੰਦਰਾ ਹਸਪਤਾਲ ਵਿਖੇ ਨਿਉਰੋ ਸਰਜਨ ਤੇ ਹੋਰ ਲੋੜੀਂਦੇ ਮੈਡੀਕਲ ਬੰਦੋਬਸਤ ਮੁਕੰਮਲ ਹਨ, ਪਰੰਤੂ ਪਰਿਵਾਰ ਜੇਕਰ ਕਹੇਗਾ ਤਾਂ ਬੱਚਿਆਂ ਨੂੰ ਪੀ.ਜੀ.ਆਈ. ਵੀ ਭੇਜਿਆ ਜਾ ਸਕਦਾ ਹੈ। ਡਾ. ਬਲਬੀਰ ਸਿੰਘ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਹ ਭਲਕੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਇੱਕ ਬੈਠਕ ਕਰਕੇ ਇਸ ਹਾਦਸੇ ਦੀ ਸਮੀਖਿਆ ਕਰਨਗੇ ਅਤੇ ਅਜਿਹੇ ਪ੍ਰਬੰਧ ਕਰਨੇ ਯਕੀਨੀ ਬਣਾਉਣਗੇ ਕਿ ਅਜਿਹੇ ਹਾਦਸੇ ਭਵਿੱਖ ਵਿੱਚ ਨਾ ਵਾਪਰਨ। ਉਨ੍ਹਾਂ ਕਿਹਾ ਕਿ ਹਾਲਾਂਕਿ ਸੇਫ਼ ਸਕੂਲ ਵਾਹਨ ਨੀਤੀ ਤਹਿਤ ਬੱਚਿਆਂ ਦੀ ਸਕੂਲੀ ਆਵਾਜਾਈ ਸੁਰੱਖਿਅਤ ਕਰਨ ਲਈ ਸਮੇਂ-ਸਮੇਂ 'ਤੇ ਲੋੜੀਂਦੇ ਕਦਮ ਵੀ ਚੁੱਕੇ ਜਾਂਦੇ ਹਨ, ਪਰੰਤੂ ਜਿਸ ਕਿਸੇ ਦੀ ਵੀ ਅਣਗਹਿਲੀ ਹੋਈ ਉਸ ਸਬੰਧੀ ਕਾਰਵਾਈ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਅੱਜ ਦੁਪਹਿਰ ਸਮੇਂ ਸਮਾਣਾ-ਪਟਿਆਲਾ ਰੋਡ 'ਤੇ ਪਟਿਆਲਾ ਦੇ ਇੱਕ ਨਿਜੀ ਸਕੂਲ ਤੋਂ ਛੁੱਟੀ ਉਪਰੰਤ ਸਮਾਣਾ ਵਾਪਸ ਪਰਤ ਰਹੇ ਬੱਚਿਆਂ ਦੀ ਇਨੋਵਾ ਗੱਡੀ ਨਾਲ ਤੇਜ ਰਫ਼ਤਾਰ ਟਿੱਪਰ ਟਕਰਾਉਣ ਕਰਕੇ ਇਹ ਹਾਦਸਾ ਵਾਪਰ ਗਿਆ ਸੀ। ******** ਫੋਟੋ ਕੈਪਸ਼ਨ-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਸੜਕ ਹਾਦਸੇ ਦੇ ਪੀੜਤਾਂ ਦਾ ਹਾਲ ਚਾਲ ਜਾਣਨ ਪੁੱਜੇ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਏ.ਡੀ.ਸੀ. ਇਸ਼ਾ ਸਿੰਗਲ, ਮੈਡੀਕਲ ਸੁਪਰਡੈਂਟ ਡਾ ਗਿਰੀਸ਼ ਸਾਹਨੀ ਤੇ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੀ ਮੌਜੂਦ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.