ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਨਹੀਂ ਛੱਡੀ ਜਾ ਰਹੀ ਕੋਈ ਕਸਰ: ਦਲਵੀਰ ਸਿੰਘ ਢਿੱਲੋਂ
- by Admin
- May 24, 2025
ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਨਹੀਂ ਛੱਡੀ ਜਾ ਰਹੀ ਕੋਈ ਕਸਰ: ਦਲਵੀਰ ਸਿੰਘ ਢਿੱਲੋਂ *ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ 06 ਆਧੁਨਿਕ ਕਲਾਸ ਰੂਮ ਲੋਕ ਅਰਪਿਤ ਧੂਰੀ, 24 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ, ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਵਿਖੇ 42 ਲੱਖ 01 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਏ 06 ਆਧੁਨਿਕ ਕਲਾਸ ਰੂਮ ਲੋਕ ਅਰਪਿਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਾਫ਼ ਪੀਣ ਵਾਲਾ ਪਾਣੀ, ਹਾਈ ਸਪੀਡ ਵਾਈਫਾਈ ਕੁਨੈਕਸ਼ਨ, ਡੈਸਕ ਤੇ ਕੁਰਸੀਆਂ, ਚਾਰਦੀਵਾਰੀ ਅਤੇ ਹੋਰ ਸਹੂਲਤਾਂ ਸ਼ਾਮਲ ਹਨ। ਇਸ ਮੌਕੇ ਉਹਨਾਂ ਨੇ ਜਿੱਥੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ, ਉੱਥੇ ਹੀ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਅਤੇ ਭਰੋਸਾ ਦਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਖੇਤਰ ਨੂੰ ਹੋਰ ਵਧੀਆ ਬਣਾਉਣ ਲਈ ਸਰਕਾਰ ਵੱਲੋਂ ਯਤਨ ਹੋਰ ਤੇਜ਼ ਕੀਤੇ ਜਾਣਗੇ । ਸ. ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਨੂੰ ਤਰਜੀਹੀ ਖੇਤਰਾਂ ਵਜੋਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਲਈ ਬਜਟ ਵਿੱਚ 12 ਫੀਸਦੀ ਵਾਧਾ ਕਰ ਕੇ ਇੱਕ ਮਿਸਾਲ ਕਾਇਮ ਕੀਤੀ ਹੈ । ਚੇਅਰਮੈਨ ਢਿੱਲੋਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਇਸ ਮੌਕੇ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ। ਇਸ ਮੌਕੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡ ਦੇ ਮੋਹਤਬਰਾਂ ਸਮੇਤ ਵੱਡੀ ਗਿਣਤੀ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।
