
ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੀਆਂ ਤਿਆਰੀਆਂ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ
- by Jasbeer Singh
- July 16, 2025

ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੀਆਂ ਤਿਆਰੀਆਂ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ -ਆਜ਼ਾਦੀ ਦਿਹਾੜੇ ਦੇ ਸਮਾਗਮ ਦੇ ਸਾਰੇ ਪ੍ਰਬੰਧ ਸੁਚਾਰੂ ਤੇ ਖੂਬਸੂਰਤ ਢੰਗ ਨਾਲ ਸਿਰ ਨੇਪਰੇ ਚੜਾਉਣ ਦੀਆਂ ਹਦਾਇਤਾਂ : ਡਾ. ਪ੍ਰੀਤੀ ਯਾਦਵ ਪਟਿਆਲਾ, 15 ਜੁਲਾਈ 2025 : 15 ਅਗਸਤ 2025 ਨੂੰ ਆ ਰਹੇ ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੇ ਸਾਰੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਪਟਿਆਲਾ ਡਾ ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨੂੰ ਵੱਖ-ਵੱਖ ਡਿਊਟੀਆਂ ਸੌਂਪੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ ਇਸ਼ਾ ਸਿੰਗਲ ਤੇ ਅਮਰਿੰਦਰ ਸਿੰਘ ਟਿਵਾਣਾ, ਏ. ਸੀ. ਏ., ਪੀ. ਡੀ. ਏ. ਜਸ਼ਨਪ੍ਰੀਤ ਕੌਰ ਗਿੱਲ, ਐਸ. ਪੀ. (ਸਿਟੀ) ਪਲਵਿੰਦਰ ਸਿੰਘ ਚੀਮਾ, ਆਈ. ਟੀ. ਬੀ. ਪੀ. ਦੇ ਕਮਾਂਡੈਂਟ ਨਰਿੰਦਰ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀ.ਈ.ਓ ਅਮਨਦੀਪ ਕੌਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ । ਉਨ੍ਹਾਂ ਦੱਸਿਆ ਕਿ ਦੇਸ਼ ਦਾ ਆਜ਼ਾਦੀ ਦਿਹਾੜਾ ਇੱਕ ਪਵਿੱਤਰ ਤਿਉਹਾਰ ਦੀ ਤਰ੍ਹਾਂ ਮਨਾਇਆ ਜਾਂਦਾ ਹੈ, ਇਸ ਲਈ ਜਿੱਥੇ ਜ਼ਿਲ੍ਹੇ ਦੇ ਸਮੂਹ ਵਸਨੀਕ ਵੀ ਆਜ਼ਾਦੀ ਦਿਹਾੜੇ ਦੇ ਸਮਾਗਮਾਂ 'ਚ ਵਧ ਚੜ੍ਹਕੇ ਸ਼ਮੂਲੀਅਤ ਕਰਨ ਉਥੇ ਹੀ ਸਮੂਹ ਅਧਿਕਾਰੀ ਵੀ ਇਨ੍ਹਾਂ ਸਮਾਗਮਾਂ ਲਈ ਲਗਾਈ ਗਈ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹ ਆਜ਼ਾਦੀ ਦਿਹਾੜਾ ਸਥਾਨਕ ਰਾਜਾ ਭਲਿੰਦਰਾ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਮਨਾਇਆ ਜਾਵੇਗਾ । ਡਾ. ਪ੍ਰੀਤੀ ਯਾਦਵ ਨੇ ਇਸ ਦੌਰਾਨ ਕਰਵਾਏ ਜਾਣ ਵਾਲੇ ਸਮਾਰੋਹ ਮੌਕੇ ਸੱਭਿਆਚਾਰਕ ਸਮਾਗਮਾਂ ਦੀਆਂ ਤਿਆਰੀਆਂ ਲਈ ਰਿਹਰਸਲਾਂ ਸਮੇਂ ਸਿਰ ਕਰਨ ਤੋਂ ਬਿਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕਾਰਜ ਸਮੇਂ ਸਿਰ ਪੂਰੇ ਕੀਤੇ ਜਾਣ ਦੀਆਂ ਹਦਾਹਿਤਾਂ ਕੀਤੀਆਂ । ਉਨ੍ਹਾਂ ਹਦਾਇਤ ਕੀਤੀ ਕਿ ਇਹ ਇੱਕ ਅਹਿਮ ਸਮਾਗਮ ਹੈ, ਇਸ ਲਈ ਇਸ ਦੇ ਪ੍ਰਬੰਧਾਂ 'ਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਸਮੁਚੇ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਕਰਨੀ ਯਕੀਨੀ ਬਣਾਉਣਗੇ। ਇਸ ਤੋਂ ਬਿਨ੍ਹਾਂ ਪੁਲਿਸ, ਆਈ. ਟੀ. ਬੀ. ਪੀ., ਐਨ. ਸੀ. ਸੀ., ਰੈਡ ਕਰਾਸ, ਸਕਾਊਟਸ ਤੇ ਗਾਇਡਜ ਦੀ ਪਰੇਡ, ਵੱਖ-ਵੱਖ ਵਿਭਾਗਾਂ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਸਮੇਤ ਸਕੂਲੀ ਬੱਚਿਆਂ ਦਾ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਮੁਟਿਆਰਾ ਦਾ ਗਿੱਧਾ ਤੇ ਨੌਜਵਾਨਾਂ ਦਾ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਮਾਗਮ ਲਈ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਸਬੰਧੀਂ ਗਿੱਧਾ ਤੇ ਭੰਗੜੇ ਦੀਆਂ ਟੀਮਾਂ ਤਿਆਰ ਕਰਨ ਲਈ ਮਹਿੰਦਰਾ ਕਾਲਜ, ਸਰਕਾਰੀ ਕਾਲਜ ਲੜਕੀਆਂ ਨੂੰ ਜਿੰਮੇਵਾਰੀ ਸੌਂਪੀ, ਜਦੋਂਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲੀ ਵਿਦਿਆਰਥੀਆਂ ਦਾ ਸੱਭਿਆਚਾਰਕ ਪ੍ਰੋਗਰਾਮ ਤਿਆਰ ਕਰਵਾਉਣ ਲਈ ਕਿਹਾ ਗਿਆ ।