ਝੋਨੇ ਦੀ ਖਰੀਦ ਦੇ ਪਹਿਲੇ ਦਿਨ ਹੀ ਡਿਪਟੀ ਕਮਿਸ਼ਨਰ ਨੇ ਸਨੌਰ ਮੰਡੀ ਦਾ ਕੀਤਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
- by Jasbeer Singh
- October 1, 2024
ਝੋਨੇ ਦੀ ਖਰੀਦ ਦੇ ਪਹਿਲੇ ਦਿਨ ਹੀ ਡਿਪਟੀ ਕਮਿਸ਼ਨਰ ਨੇ ਸਨੌਰ ਮੰਡੀ ਦਾ ਕੀਤਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ -ਮੰਡੀਆਂ 'ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਯਕੀਨੀ ਬਣਾਉਣ ਖਰੀਦ ਏਜੰਸੀਆਂ : ਡਿਪਟੀ ਕਮਿਸ਼ਨਰ -ਕਿਸਾਨ ਸੁੱਕੀ ਫ਼ਸਲ ਹੀ ਮੰਡੀਆਂ 'ਚ ਲੈ ਕੇ ਆਉਣ : ਡਾ. ਪ੍ਰੀਤੀ ਯਾਦਵ ਪਟਿਆਲਾ, 1 ਅਕਤੂਬਰ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਸਨੌਰ ਅਨਾਜ ਮੰਡੀ ਦਾ ਅੱਜ ਬਾਅਦ ਦੁਪਹਿਰ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖਰੀਦ ਪ੍ਰਬੰਧਾਂ ਦਾ ਖੁਦ ਜਾਇਜ਼ਾ ਲੈ ਰਹੇ ਹਨ, ਇਸ ਲਈ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਮੰਡੀਆਂ 'ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਆੜਤੀਆਂ ਨਾਲ ਮੀਟਿੰਗ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਮੰਡੀ ਵਿੱਚ ਆਏ ਝੋਨੇ ਦੀ ਜਲਦੀ ਤੋਂ ਜਲਦੀ ਖਰੀਦ ਕਰਕੇ ਲਿਫ਼ਟਿੰਗ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਕਿਹਾ ਕਿ ਉਹ ਕਿਸੇ ਕਿਸਾਨ ਦੀ ਪ੍ਰੇਸ਼ਾਨੀ ਦਾ ਸਬੱਬ ਨਾ ਬਣਨ ਅਤੇ ਉਨ੍ਹਾਂ ਦੀ ਜਿਣਸ ਦੀ ਮੰਡੀ 'ਚ ਆਮਦ ਹੋਣ ਸਮੇਂ ਪੱਖਾ ਆਦਿ ਲਗਣ ਮਗਰੋਂ ਤੁਰੰਤ ਖਰੀਦ ਕਰਵਾਉਣ । ਡਾ. ਪ੍ਰੀਤੀ ਯਾਦਵ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ 'ਚ ਲਿਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਦਾ ਵਾਜਬ ਭਾਅ ਮਿਲ ਸਕੇ ਤੇ ਉਨ੍ਹਾਂ ਨੂੰ ਮੰਡੀ 'ਚ ਜਿਆਦਾ ਸਮਾਂ ਨਾ ਬੈਠਣਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ 'ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜਤੀਏ ਅਤੇ ਕਿਸਾਨ ਵੀ ਮੌਜੂਦ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.