ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਨ-ਲਾਈਨ ਮਿਲਣੀ ਆਯੋਜਿਤ
- by Jasbeer Singh
- May 14, 2026
ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਨ-ਲਾਈਨ ਮਿਲਣੀ ਆਯੋਜਿਤ ਚੰਡੀਗੜ੍ਹ 14 ਮਈ 2026 : ਪੰਜਾਬ ਦੇ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਵਲੋਂ ਬੀਤੇ ਦਿਨੀਂ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਨ-ਲਾਈਨ ਮਿਲਣੀ ਆਯੋਜਿਤ ਕੀਤੀ ਗਈ। ਕੀ ਆਖਿਆ ਐਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਨੇ ਮਿਲੀ ਜਾਣਕਾਰੀ ਪੰਜਾਬ ਸਰਕਾਰ ਦੇ ਐਨ. ਆਰ. ਆਈ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਦੀਆਂ ਸਮੱਸਿਆਵਾਂ, ਸਿ਼ਕਾਇਤਾਂ ਅਤੇ ਸੁਝਾਅ ਸੁਣਨ ਲਈ ਇੱਕ “ਆਨਲਾਈਨ ਮਿਲਨੀ” ਦਾ ਆਯੋਜਨ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਨ. ਆਰ. ਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਸਮੁੱਚੀਆਂ ਸਿ਼ਕਾਇਤਾਂ ਨੂੰ ਲਿਆ ਜਾ ਰਿਹਾ ਹੈ ਗੰਭੀਰਤਾ ਨਾਲ ਡਾ. ਰਵਜੋਤ ਸਿੰਘ ਨੇ ਕਿਹਾ ਕਿ ਔਨਲਾਈਨ ਮਿਲਨੀ ਦੌਰਾਨ ਜ਼ਮੀਨ ਅਤੇ ਜਾਇਦਾਦ ਦੇ ਝਗੜਿਆਂ, ਵਿਆਹ ਨਾਲ ਸਬੰਧਤ ਮਾਮਲਿਆਂ, ਧੋਖਾਧੜੀ, ਕਬਜ਼ੇ ਅਤੇ ਡਰਾਉਣ-ਧਮਕਾਉਣ ਦੀਆਂ ਸਿ਼ਕਾਇਤਾਂ ਉਠਾਈਆਂ ਗਈਆਂ । ਉਨ੍ਹਾਂ ਕਿਹਾ ਕਿ ਸਾਰੀਆਂ ਸਿ਼ਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਐਨ. ਆਰ. ਆਈ ਪੰਜਾਬੀ ਭਾਈਚਾਰੇ ਨੂੰ ਨਿਆਂ, ਸੁਰੱਖਿਆ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ । ਸਰਕਾਰ ਹਰ ਮਹੀਨੇ ਕਰੇਗੀ ਮੀਟਿੰਗਾਂ ਦਾ ਆਯੋਜਨ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਐਨ. ਆਰ. ਆਈ. ਭਾਈਚਾਰੇ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਲਈ ਹਰ ਮਹੀਨੇ ਨਿਯਮਿਤ ਤੌਰ ‘ਤੇ ਔਨਲਾਈਨ ਅਤੇ ਸਰੀਰਕ ਮੀਟਿੰਗਾਂ ਦਾ ਆਯੋਜਨ ਕਰੇਗੀ। ਉਨ੍ਹਾਂ ਕਿਹਾ ਕਿ ਹਰ ਮਹੀਨੇ ਲਗਭਗ ਦੋ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਬਾਰੇ ਜਾਣਕਾਰੀ ਪਹਿਲਾਂ ਹੀ ਸਾਂਝੀ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਪੰਜਾਬੀ ਪ੍ਰਵਾਸੀ ਇਸ ਪਹਿਲਕਦਮੀ ਦਾ ਲਾਭ ਉਠਾ ਸਕਣ । ਵੱਖ-ਵੱਖ ਦੇਸ਼ਾਂ ਵਿਚ ਵਸਦੇ ਪੰਜਾਬੀਆਂ ਦੇ 16 ਮਾਮਲੇ ਕੀਤੇ ਗਏ ਰਿਪੋੋਰਟ ਉਨ੍ਹਾਂ ਦੱਸਿਆ ਕਿ ਅੱਜ ਦੀ ਔਨਲਾਈਨ ਮੀਟਿੰਗ ਦੌਰਾਨ ਅਮਰੀਕਾ, ਇੰਗਲੈਂਡ, ਆਸਟ੍ਰੇਲੀਆ ਅਤੇ ਕੈਨੇਡਾ ਵਰਗੇ ਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਦੇ 16 ਮਾਮਲੇ ਰਿਪੋਰਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਜਨਵਰੀ 2026 ਤੋਂ ਅਪ੍ਰੈਲ 2026 ਤੱਕ, ਐਨ. ਆਰ. ਆਈ. ਵਿਭਾਗ ਨੂੰ ਕੁੱਲ 590 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 430 ਕੇਸ ਹੱਲ ਕੀਤੇ ਗਏ ਹਨ, ਜਦੋਂ ਕਿ 160 ਲੰਬਿਤ ਹਨ । ਇਸੇ ਤਰ੍ਹਾਂ, ਮਈ 2026 ਦੌਰਾਨ ਹੁਣ ਤੱਕ 56 ਨਵੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਅਤੇ ਕਾਰਵਾਈ ਜਾਰੀ ਹੈ। ਕੈਬਨਿਟ ਮੰਤਰੀ ਨੇ ਦਿੱਤਾ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਦਾ ਭਰੋਸਾ ਐਨ. ਆਰ. ਆਈ ਮੰਤਰੀ ਨੇ ਔਨਲਾਈਨ ਮੀਟਿੰਗ ਵਿੱਚ ਹਿੱਸਾ ਲੈਣ ਵਾਲੇ ਸਾਰੇ ਐਨ.ਆਰ.ਆਈ ਭਰਾਵਾਂ ਅਤੇ ਭੈਣਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਲਈ ਹਰ ਸੰਭਵ ਯਤਨ ਕਰੇਗੀ ।
