July 6, 2024 00:41:21
post

Jasbeer Singh

(Chief Editor)

National

ਸ਼ਮਸ਼ਾਨਘਾਟ ਦੀ ਮੁਰੰਮਤ ’ਤੇ ਸੱਤ ਕਰੋੜ ਖ਼ਰਚਣ ਦੇ ਮਤੇ ਦਾ ਵਿਰੋਧ

post-img

ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਹਾਲ ਹੀ ਵਿੱਚ ਨਗਰ ਨਿਗਮ ਹਾਊਸ ਦੀ ਮੀਟਿੰਗ ਵਿੱਚ ਸੈਕਟਰ-25 ਸਥਿਤ ਸ਼ਮਸ਼ਾਨਘਾਟ ਦੀ ਮੁਰੰਮਤ ਲਈ ਸੱਤ ਕਰੋੜ ਰੁਪਏ ਦਾ ਏਜੰਡਾ ਪਾਸ ਕਰਨ ਲਈ ‘ਆਪ’-ਕਾਂਗਰਸ ਗੱਠਜੋੜ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਏਜੰਡੇ ਨਾਲ ਗੱਠਜੋੜ ਦੇ ਕੌਂਸਲਰਾਂ ਦਾ ਪਰਦਾਫਾਸ਼ ਹੋ ਗਿਆ ਹੈ ਅਤੇ ਉਨ੍ਹਾਂ ਦਾ ਭ੍ਰਿਸ਼ਟ ਚਿਹਰਾ ਲੋਕਾਂ ਦੇ ਸਾਹਮਣੇ ਬੇਪਰਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਾਪਦਾ ਹੈ ਕਿ ‘ਇੰਡੀਆ’ ਗੱਠਜੋੜ ਹੁਣ ਨਿਗਮ ਦੀ ਖੁੱਲ੍ਹੀ ਲੁੱਟ ਵਿਚ ਸ਼ਾਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇੱਕ ਢਾਂਚੇ ਦੇ ਨਵੀਨੀਕਰਨ ਲਈ ਸੱਤ ਕਰੋੜ ਰੁਪਏ ਤੋਂ ਵੱਧ ਖ਼ਰਚ ਕਰਨ ਦਾ ਕੀ ਤਰਕ ਹੈ ਜਦੋਂਕਿ ਜਦੋਂਕਿ ਜ਼ਿਆਦਾਤਰ ਚੀਜ਼ਾਂ ਪਹਿਲਾਂ ਹੀ ਮੌਜੂਦ ਹਨ, ਸਿਰਫ਼ ਮਾਮੂਲੀ ਮੁਰੰਮਤ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 50 ਲੱਖ ਰੁਪਏ ਵਿੱਚ ਫੈਂਸੀ ਫੁੱਲ ਲਗਾਉਣਾ, ਟਿੱਲੇ ਬਣਾਉਣਾ ਅਤੇ ਲੈਂਡਸਕੇਪਿੰਗ ਕਰਨਾ ਲੋਕਾਂ ਦੇ ਪੈਸੇ ਦੀ ਪੂਰੀ ਤਰ੍ਹਾਂ ਬਰਬਾਦੀ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ ਉਹ ਪਿੰਡਾਂ ਅਤੇ ਕਲੋਨੀਆਂ ਵਿੱਚ ਵਿਕਾਸ ਕਾਰਜਾਂ ਲਈ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਪੈਸੇ ਨਾਲ ਆਊਟਸੋਰਸ ਮੁਲਾਜ਼ਮਾਂ ਦੀਆਂ ਬਕਾਇਆ ਤਨਖਾਹਾਂ ਦਾ ਭੁਗਤਾਨ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰ ‘ਆਪ’-ਕਾਂਗਰਸ ਮਹਿੰਗੇ ਟੈਂਡਰ ਜਾਰੀ ਕਰ ਕੇ ਜਨਤਾ ਦਾ ਪੈਸਾ ਬਰਬਾਦ ਕਰਨਾ ਪਸੰਦ ਕਰਦੇ ਹਨ। ਮਲਹੋਤਰਾ ਨੇ ਕਿਹਾ ਕਿ ਭਾਜਪਾ ਕੌਂਸਲਰਾਂ ਦੇ ਇਤਰਾਜ਼ਾਂ ਦੇ ਬਾਵਜੂਦ ਏਜੰਡੇ ਨੂੰ ਮਨਜ਼ੂਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦਾ ਪੈਸਾ ਬਰਬਾਦ ਕੀਤਾ ਜਾਵੇਗਾ ਕਿਉਂਕਿ ਗੱਠਜੋੜ ਦੇ ਆਗੂ ਇਸ ਨੂੰ ਪ੍ਰਾਪਤੀ ਵਜੋਂ ਦਿਖਾਉਣਾ ਚਾਹੁੰਦੇ ਹਨ। ਇਸ ਲਈ ਉਹ ਇਸ ਫ਼ੈਸਲੇ ਨੂੰ ਲਾਗੂ ਕਰਨ ਲਈ ਕਾਹਲੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਇਸ ਮਤੇ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ।

Related Post