

ਪੰਜਾਬ ਸਰਕਾਰ ਦੇ ਚੀਫ ਪਿ੍ਰੰਸੀਪਲ ਸਕੱਤਰ ਕੀਤੇ ਹੁਕਮ ਜਾਰੀ ਚੰਡੀਗੜ੍ਹ, 6 ਮਈ : ਪੰਜਾਬ ਦੇ ਤਹਿਸੀਲ ਦਫਤਰਾਂ ਵਿੱਚ ਅਫਸਰਾਂ ਦੀ ਮਨਮਾਨੀ ਅਤੇ ਅਣਹੋਂਦ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸਖਤ ਕਦਮ ਚੁੱਕਿਆ ਹੈ। ਸਰਕਾਰ ਨੇ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਸਬ-ਰਜਿਸਟਰਾਰਾਂ ਦੀ ਹਾਜ਼ਰੀ ਨੂੰ ਐਮ-ਸੇਵਾ ਐਪ ਰਾਹੀਂ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਅਧਿਕਾਰੀਆਂ ਦੀ ਗੈਰ-ਹਾਜ਼ਰੀ ਕਾਰਨ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਘਟਾਇਆ ਜਾਵੇਗਾ। ਸਰਕਾਰ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਫਤਰਾਂ ਵਿੱਚ ਹਾਜ਼ਰ ਰਹਿਣਗੇ। ਇਸ ਦੇ ਨਾਲ ਹੀ, ਅਧਿਕਾਰੀਆਂ ਦੀ ਫਰਲੋ (ਛੁੱਟੀ) ਦੀ ਪ੍ਰਥਾ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਦੀ ਨਿਯਮਤ ਹਾਜ਼ਰੀ ਨੂੰ ਸੁਨਿਸ਼ਚਿਤ ਕਰਨ ਅਤੇ ਕਿਸੇ ਵੀ ਅਧਿਕਾਰੀ ਦੀ ਗੈਰ-ਹਾਜ਼ਰੀ ਦੀ ਸਥਿਤੀ ਵਿੱਚ ਤੁਰੰਤ ਬਦਲਵੇਂ ਪ੍ਰਬੰਧ ਕਰਨ। ਮੁੱਖ ਮੰਤਰੀ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਰਜਿਸਟ੍ਰੇਸ਼ਨ ਅਤੇ ਹੋਰ ਸਰਕਾਰੀ ਕੰਮਾਂ ਵਿੱਚ ਕੋਈ ਦੇਰੀ ਜਾਂ ਰੁਕਾਵਟ ਨਹੀਂ ਹੋਣੀ ਚਾਹੀਦੀ। ਸਰਕਾਰ ਨੇ ਇਹ ਵੀ ਨਿਰਦੇਸ਼ ਜਾਰੀ ਕੀਤਾ ਹੈ ਕਿ ਜਿਹੜੇ ਲੋਕ ਆਨਲਾਈਨ ਸਮਾਂ ਲੈਂਦੇ ਹਨ, ਉਨ੍ਹਾਂ ਦੀ ਰਜਿਸਟ੍ਰੇਸ਼ਨ ਉਸੇ ਦਿਨ ਪੂਰੀ ਕੀਤੀ ਜਾਵੇ। ਇਸ ਫੈਸਲੇ ਦਾ ਮਕਸਦ ਸਰਕਾਰੀ ਦਫਤਰਾਂ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵਧਾਉਣਾ ਹੈ, ਤਾਂ ਜੋ ਆਮ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮਿਲ ਸਕਣ। ਇਸ ਕਦਮ ਨੂੰ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ। ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ, “ਸਾਡਾ ਟੀਚਾ ਹੈ ਕਿ ਤਹਿਸੀਲ ਦਫਤਰਾਂ ਵਿੱਚ ਲੋਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਸੇਵਾਵਾਂ ਮਿਲਣ। ਅਧਿਕਾਰੀਆਂ ਦੀ ਹਾਜ਼ਰੀ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਅਸੀਂ ਸਖਤੀ ਨਾਲ ਨਿਗਰਾਨੀ ਕਰ ਰਹੇ ਹਾਂ।”
Related Post
Popular News
Hot Categories
Subscribe To Our Newsletter
No spam, notifications only about new products, updates.