
ਨਸ਼ਿਆਂ ਦੀ ਰੋਕਥਾਮ ਲਈ ਕਾਰਜਸ਼ੀਲ ਜ਼ਿਲ੍ਹਾ ਪੱਧਰੀ ਸਪੈਸ਼ਲ ਸੈੱਲ ਦੇ ਪ੍ਰਬੰਧਾਂ ਹੇਠ ਜਾਗਰੂਕਤਾ ਸੈਮੀਨਾਰ ਦਾ ਆਯੋਜਨ
- by Jasbeer Singh
- September 30, 2024

ਨਸ਼ਿਆਂ ਦੀ ਰੋਕਥਾਮ ਲਈ ਕਾਰਜਸ਼ੀਲ ਜ਼ਿਲ੍ਹਾ ਪੱਧਰੀ ਸਪੈਸ਼ਲ ਸੈੱਲ ਦੇ ਪ੍ਰਬੰਧਾਂ ਹੇਠ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਲੇ ਦੁਆਲੇ ਚੇਤਨਾ ਫੈਲਾਉਣ ਲਈ ਪ੍ਰੇਰਿਆ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਡੀ.ਐਸ.ਪੀ ਹਰਪ੍ਰੀਤ ਸਿੰਘ ਸਮੇਤ ਹੋਰ ਬੁਲਾਰਿਆਂ ਨੇ ਕੀਤਾ ਸੰਬੋਧਨ ਸੰਗਰੂਰ, 30 ਸਤੰਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਫੈਲਾਉਣ ਲਈ ਕਾਰਜਸ਼ੀਲ ਜ਼ਿਲ੍ਹਾ ਪੱਧਰੀ ਸਪੈਸ਼ਲ ਸੈੱਲ ਦੇ ਪ੍ਰਬੰਧਾਂ ਹੇਠ ਅੱਜ ਸਰਕਾਰੀ ਰਣਬੀਰ ਕਾਲਜ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਜਿਹੀ ਮਾਰੂ ਸਮਾਜਿਕ ਬੁਰਾਈ ਦੇ ਖਾਤਮੇ ਲਈ ਪੁਲਿਸ ਤੇ ਪ੍ਰਸ਼ਾਸਨ ਨੂੰ ਸਰਗਰਮ ਸਹਿਯੋਗ ਦੇਣ ਦਾ ਸੱਦਾ ਦਿੱਤਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਨੂੰ ਨਸ਼ਿਆਂ ਦੇ ਕੋਹੜ ਤੋਂ ਮੁਕੰਮਲ ਤੌਰ ’ਤੇ ਛੁਟਕਾਰਾ ਦਿਵਾਉਣ ਲਈ ਨਿਰੰਤਰ ਸਾਰਥਕ ਕਦਮ ਚੁੱਕੇ ਜਾ ਰਹੇ ਹਨ ਅਤੇ ਜੇਕਰ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਵੀ ਇਸ ਸਮਾਜਿਕ ਕੁਰੀਤੀ ਦੀ ਖਾਤਮੇ ਲਈ ਚਲਾਈ ਜਾ ਰਹੀ ਇਸ ਮੁਹਿੰਮ ਦਾ ਸਰਗਰਮ ਹਿੱਸਾ ਬਣਨ ਤਾਂ ਯਕੀਨੀ ਤੌਰ ’ਤੇ ਹੋਰ ਵੀ ਸ਼ਾਨਦਾਰ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਆਪਣੇ ਪਰਿਵਾਰਾਂ, ਦੋਸਤਾਂ ਤੇ ਰਿਸ਼ਤੇਦਾਰਾਂ, ਗੁਆਂਢੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਮਰੀਜ਼ਾਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਰੈਡ ਕਰਾਸ ਨਸ਼ਾ ਮੁਕਤੀ ਕੇਂਦਰਾਂ ਵਿਖੇ ਦਾਖਲ ਹੋ ਕੇ ਯੋਗ ਇਲਾਜ ਕਰਵਾਉਣ ਬਾਰੇ ਸੁਚੇਤ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿੱਚ ਵੱਡੀਆਂ ਮੱਲਾਂ ਮਾਰਨ ਦੇ ਨੁਕਤੇ ਵੀ ਦੱਸੇ। ਸੈਮੀਨਾਰ ਦੌਰਾਨ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਮੜਕਨ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਦੇ ਵੱਡੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਕਰਵਾਏ ਸੈਮੀਨਾਰ ਲਈ ਧੰਨਵਾਦ ਕੀਤਾ। ਇਸ ਦੌਰਾਨ ਜ਼ਿਲ੍ਹਾ ਪੁਲਿਸ ਦੀ ਤਰਫੋਂ ਡੀ.ਐਸ.ਪੀ ਸਪੈਸ਼ਲ ਬਰਾਂਚ ਹਰਪ੍ਰੀਤ ਸਿੰਘ ਤੇ ਇੰਸਪੈਕਟਰ ਸਿਮਰਨਜੋਤ ਸਿੰਘ ਨੇ ਨਸ਼ਿਆਂ ਦੀ ਰੋਕਥਾਮ ਲਈ ਜ਼ਿਲ੍ਹਾ ਪੁਲਿਸ ਵੱਲੋਂ ਜਨਵਰੀ ਤੋਂ ਹੁਣ ਤੱਕ ਕੀਤੇ ਗਏ ਉਪਰਾਲਿਆਂ ਬਾਰੇ ਵੇਰਵੇ ਸਾਂਝੇ ਕਰਨ ਦੇ ਨਾਲ ਨਾਲ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਨਸ਼ਿਆਂ ਦੇ ਸਪਲਾਈ ਨੈਟਵਰਕ ਨੂੰ ਖ਼ਤਮ ਕਰਨ ਅਤੇ ਨਸ਼ਾ ਕਾਰੋਬਾਰੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਲਈ ਕੀਤੀ ਕਾਰਵਾਈ ਬਾਰੇ ਦੱਸਿਆ। ਕਾਲਜ ਦੇ ਪ੍ਰੋਫੈਸਰ ਕੁਲਦੀਪ ਕੁਮਾਰ ਅਤੇ ਸਿਹਤ ਵਿਭਾਗ ਦੇ ਮੈਡੀਕਲ ਅਫ਼ਸਰ ਡਾ. ਦੀਪਕ ਕਾਂਸਲ ਨੇ ਦੱਸਿਆ ਕਿ ਆਪਣੇ ਬੱਚਿਆਂ ਦੇ ਵਿਵਹਾਰ ’ਤੇ ਨਿਰੰਤਰ ਨਜ਼ਰ ਰੱਖਣ ਦੀ ਲੋੜ ਹੈ ਤਾਂ ਜੋ ਕੋਈ ਵੀ ਬੱਚਾ ਕਿਸੇ ਮਾਨਸਿਕ ਤਣਾਅ ਜਾਂ ਮਾੜੀ ਸੰਗਤ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਨਾ ਫਸ ਸਕੇ। ਡਾ. ਦੀਪਕ ਕਾਂਸਲ ਨੇ ਨਸ਼ਾ ਰੋਗੀਆਂ ਨੂੰ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਅਤੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਅਖੀਰ ਵਿੱਚ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਦੀਪ ਸਿੰਘ ਨੇ ਧੰਨਵਾਦੀ ਸ਼ਬਦ ਸਾਂਝੇ ਕੀਤੇ। ਮੰਚ ਦਾ ਸੰਚਾਲਨ ਪ੍ਰੋ. ਰੁਪਿੰਦਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੱਧਰੀ ਸਪੈਸ਼ਲ ਸੈੱਲ ਦੇ ਹੋਰ ਮੈਂਬਰ ਵੀ ਮੌਜੂਦ ਸਨ।