post

Jasbeer Singh

(Chief Editor)

Patiala News

ਪਟਿਆਲਾ ਪੁਲਸ ਨੇ ਕੀਤਾ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼

post-img

ਪਟਿਆਲਾ ਪੁਲਸ ਨੇ ਕੀਤਾ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ ਗੋਲਡੀ ਢਿੱਲੋਂ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ : ਡੀ. ਜੀ. ਪੀ. ਗੌਰਵ ਯਾਦਵ ਬਿਹਾਰ-ਅਧਾਰਤ ਸੌਰਭ ਕੁਮਾਰ ਮੁਜ਼ੱਫਰਪੁਰ ਦੀਆਂ ਕੁਝ ਗੈਰ-ਕਾਨੂੰਨੀ ਹਥਿਆਰ ਨਿਰਮਾਣ ਯੂਨਿਟਾਂ ਤੋਂ ਕਰਦਾ ਸੀ ਹਥਿਆਰਾਂ ਦਾ ਪ੍ਰਬੰਧ : ਐਸ. ਐਸ. ਪੀ. ਪਟਿਆਲਾ ਵਰੁਣ ਸ਼ਰਮਾ ਪਟਿਆਲਾ, 2 ਅਪ੍ਰੈਲ 2026 : ਪਟਿਆਲਾ ਪੁਲਸ ਵਲੋਂ ਇਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਮਾਡਿਊਲ ਦਾ ਪਰਦਾਫਾਸ਼ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪਟਿਆਲਾ ਪੁਲਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਨਾਲ ਸਬੰਧਤ ਚਾਰ ਦੋਸ਼ੀਆਂ ਨੂੰ 10 ਆਧੁਨਿਕ ਸੈਲਫ-ਲੋਡਿੰਗ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਕੌਣ ਕੌਣ ਹਨ ਹਿਹ ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੌਰਭ ਕੁਮਾਰ ਵਾਸੀ ਪਿੰਡ ਜਾਰੰਗ ਦੀਹ , ਮੁਜੱਫਰਪੁਰ (ਬਿਹਾਰ), ਸਾਜਨ ਵਾਸੀ ਸੋਹਾਣਾ (ਐਸ. ਏ. ਐਸ. ਨਗਰ), ਅਭਿਸ਼ੇਕ ਉਰਫ਼ ਕਾਕਾ ਵਾਸੀ ਗੁਰਦੀਪ ਕਲੋਨੀ ਅਬਲੋਵਾਲ, ਪਟਿਆਲਾ ਅਤੇ ਇੰਦਰਜੀਤ ਸਿੰਘ ਉਰਫ਼ ਰੋਹਿਤ ਵਾਸੀ ਪੁਰਾਣਾ ਬਿਸ਼ਨ ਨਗਰ,ਪਟਿਆਲਾ ਵਜੋਂ ਹੋਈ ਹੈ। ਕੀ ਦਸਿਆ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਿਹਾਰ ਤੋਂ ਦੇਸੀ ਹਥਿਆਰ ਲਿਆਉਂਦੇ ਸਨ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸੂਬੇ ਵਿੱਚ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਗੈਂਗਵਾਰ ਬਾਰੇ ਵੀ ਸੰਕੇਤ ਮਿਲੇ ਹਨ, ਜਿਸ ਤਹਿਤ ਇਲਾਕੇ ਵਿੱਚ ਦਬਦਬਾ ਕਾਇਮ ਕਰਨ ਲਈ ਗੋਲਡੀ ਢਿੱਲੋਂ ਨੈੱਟਵਰਕ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀਆਂ ਯੋਜਨਾਵਾਂ ਸਨ । ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਖਤਮ ਕੀਤਾ ਜਾ ਸਕੇ । ਐਸ. ਐਸ. ਪੀ. ਵਰੁਣ ਸ਼ਰਮਾ ਨੇ ਕੀ ਜਾਣਕਾਰੀ ਦਿੱਤੀ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਸ ਸੁਪਰਡੈਂਟ (ਐਸ. ਐਸ. ਪੀ.) ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਬਿਹਾਰ ਨਿਵਾਸੀ ਸੌਰਭ ਕੁਮਾਰ ਸੂਬੇ ਵਿੱਚ ਟਾਰਗੇਟ ਕਿਲਿੰਗ ਅਤੇ ਹੋਰ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਅਪਰਾਧੀਆਂ ਨੂੰ ਦੇਸੀ ਸੈਲਫ਼-ਲੋਡਿੰਗ ਪਿਸਤੌਲ ਸਪਲਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸ. ਪੀ. (ਇਨਵੈਸਟੀਗੇਸ਼ਨ) ਪਟਿਆਲਾ ਗੁਰਬੰਸ ਸਿੰਘ ਬੈਂਸ ਅਤੇ ਡੀ. ਐਸ. ਪੀ. ਹਰਮਨ ਚੀਮਾ ਦੀ ਨਿਗਰਾਨੀ ਹੇਠ ਸੀ. ਆਈ. ਏ. ਪਟਿਆਲਾ ਯੂਨਿਟ ਅਤੇ ਐਸ. ਐਚ. ਓ. ਸ਼ੰਭੂ ਨੇ ਹਥਿਆਰ ਤਸਕਰੀ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ । ਸੌਰਭ ਕੁਮਾਰ ਕਰਦਾ ਸੀ ਗੈਰ-ਕਾਨੂੰਨੀ ਹਥਿਆਰਾਂ ਦਾ ਪ੍ਰਬੰਧ ਐਸ. ਐਸ. ਪੀ. ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸੌਰਭ ਕੁਮਾਰ ਬਿਹਾਰ ਦੇ ਮੁਜ਼ੱਫਰਪੁਰ ਦੀਆਂ ਕੁਝ ਗੈਰ-ਕਾਨੂੰਨੀ ਹਥਿਆਰ ਨਿਰਮਾਣ ਯੂਨਿਟਾਂ ਤੋਂ ਹਥਿਆਰਾਂ ਦਾ ਪ੍ਰਬੰਧ ਕਰਦਾ ਸੀ ਅਤੇ ਵੱਖ-ਵੱਖ ਸਾਧਨਾਂ ਰਾਹੀਂ ਪੰਜਾਬ ਵਿੱਚ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਇਹ ਵੀ ਪਤਾ ਲੱਗਾ ਕਿ ਗ੍ਰਿਫ਼ਤਾਰ ਮੁਲਜ਼ਮ ਅਭਿਸ਼ੇਕ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਗੈਂਗਸਟਰ ਗੋਲਡੀ ਢਿੱਲੋਂ ਦੇ ਸੰਪਰਕ ਵਿੱਚ ਸੀ ਅਤੇ ਗੈਂਗਵਾਰ ਵਿੱਚ ਸਰਗਰਮੀ ਨਾਲ ਸ਼ਾਮਲ ਸੀ । ਇਸ ਸਬੰਧੀ ਐਫਆਈਆਰ ਨੰਬਰ 50 ਮਿਤੀ 1-4-2026 ਤਹਿਤ ਪਟਿਆਲਾ ਦੇ ਪੁਲਸ ਸਟੇਸ਼ਨ ਸ਼ੰਭੂ ਵਿਖੇ ਬੀ.ਐਨ.ਐਸ. ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

Related Post

Instagram